ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ
ਸ੍ਰੀਨਗਰ, 13 ਅਪਰੈਲ
ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਧਾਰਾ 370 ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਮੁੱਦੇ ’ਤੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ ਸਰਕਾਰ ਨਹੀਂ ਆ ਜਾਂਦੀ ਜੋ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਨ ਬਾਰੇ ਚਰਚਾ ਕਰਨ ਲਈ ਤਿਆਰ ਹੋਵੇ। ਇੱਕ ਇੰਟਰਵਿਊ ਦੌਰਾਨ ਉਮਰ ਅਬਦੁੱਲਾ ਨੇ ਕਿਹਾ, ‘‘ਇਹ ਸਰਕਾਰ ਸਦਾ ਨਹੀਂ ਰਹੇਗੀ। ਧਰਤੀ ’ਤੇ ਅਜਿਹੀ ਕੋਈ ਤਾਕਤ ਨਹੀਂ ਹੈ ਜੋ ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਨੂੰ ਸਦਾ ਲਈ ਅਹੁਦੇ ’ਤੇ ਰੱਖ ਸਕੇ। ਹਰੇਕ ਸਰਕਾਰ ਦੇ ਕਾਰਜਕਾਲ ਦਾ ਸਮਾਂ ਨਿਸ਼ਚਿਤ ਹੁੰਦਾ ਹੈ। -ਪੀਟੀਆਈ
‘ਮਨਮੋਹਨ ਸਿੰਘ ਸੱਚੇ ਰਾਜਨੇਤਾ, ਆਪਣੀ ਵਿਰਾਸਤ ਬਾਰੇ ਸੋਚਣ ਮੋਦੀ’
ਉਮਰ ਅਬਦੁੱਲਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੱਚੇ ਰਾਜਨੇਤਾ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸੇ ਨਾ ਕਿਸੇ ਪੜਾਅ ’ਤੇ ਜਾ ਕੇ ਇਹ ਸੋਚਣਾ ਪਵੇਗਾ ਕਿ ਉਹ ਆਪਣੇ ਪਿੱਛੇ ਕਿਸ ਤਰ੍ਹਾਂ ਦੀ ਵਿਰਾਸਤ ਛੱਡ ਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੇਂਦਰ ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਧਿਰਾਂ ਦੇ ਆਗੂਆਂ ਖ਼ਿਲਾਫ਼ ਕਰ ਰਿਹਾ ਹੈ। ਉਮਰ ਨੇ ਕਿਹਾ, ‘‘ਇੱਕ ਸਮੇਂ ਪ੍ਰਧਾਨ ਮੰਤਰੀ ਆਪਣੀ ਵਿਰਾਸਤ ਬਾਰੇ ਸੋਚਣਾ ਸ਼ੁਰੂ ਕਰ ਦੇਣਗੇ। ਫਿਲਹਾਲ, ਮੈਨੂੰ ਲਗਦਾ ਹੈ ਕਿ ਉਨ੍ਹਾਂ ਦਾ ਮਕਸਦ ਜਵਾਹਰ ਲਾਲ ਨਹਿਰੂ ਤੋਂ ਵੱਧ ਸਮਾਂ ਪ੍ਰਧਾਨ ਮੰਤਰੀ ਬਣੇ ਰਹਿਣਾ ਹੈ। ਇੱਕ ਸਮਾਂ ਆਉਂਦਾ ਹੈ ਜਦੋਂ ਸਾਨੂੰ ਮੰਚ ਛੱਡਣਾ ਪੈਂਦਾ ਹੈ।’’