ਬਾਬਾ ਰਾਮ ਸਿੰਘ ਨੂੰ ਦਿੱਤੀ ਅੰਤਿਮ ਵਿਦਾਇਗੀ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 25 ਮਈ
ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁਖੀ ਬਾਬਾ ਰਾਮ ਸਿੰਘ ਗੰਢੂਆਂ ਵਾਲਿਆ ਨੂੰ ਵੱਡੀ ਗਿਣਤੀ ਸ਼ਰਧਾਲੂਆਂ ਨੇ ਸੇਜਲ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ। ਦੱਸਣਯੋਗ ਹੈ ਕਿ ਉਹ ਕੁਝ ਸਮੇਂ ਤੋਂ ਬਿਮਾਰ ਸਨ, ਜਿਸ ਕਾਰਨ ਉਨ੍ਹਾਂ ਆਖਰੀ ਸਾਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆ। ਸੰਸਕਾਰ ਮੌਕੇ ਪੰਜਾਬ ਦੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਫਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਸਰਧਾਲੂ ਹਾਜ਼ਰ ਸਨ। ਵਰਨਣਯੋਗ ਹੈ ਕਿ ਕ੍ਰਿਕਟਰ ਯੁਵਰਾਜ ਸਿੰਘ ਦਾ ਪਰਿਵਾਰ ਇਸ ਡੇਰੇ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਹੈ ਅਤੇ ਯੁਵਰਾਜ ਨੇ ਨਵੰਬਰ 2016 ਵਿੱਚ ਡੇਰੇ ਵਿੱਚ ਹੀ ਸਾਦੇ ਢੰਗ ਨਾਲ ਵਿਆਹ ਕਰਵਾਇਆ ਸੀ ਅਤੇ ਬਾਬਾ ਜੀ ਨੇ ਹੀ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਸਨ। ਵਿਆਹ ਤੋਂ ਪਹਿਲਾਂ ਯੁਵਰਾਜ ਦੀ ਪਤਨੀ ਹੇਜ਼ਲ ਕੀਚ ਦਾ ਨਾਂ ਵੀ ਬਾਬਾ ਰਾਮ ਸਿੰਘ ਨੇ ਬਦਲ ਕੇ ਗੁਰਬਸੰਤ ਕੌਰ ਰੱਖਿਆ ਸੀ। ਦੱਸਣਯੋਗ ਹੈ ਕਿ ਇਸ ਡੇਰੇ ’ਤੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ ਵੀ ਆ ਕੇ ਆਸ਼ੀਰਵਾਦ ਲੈਂਦੇ ਸਨ।