ਗੰਨੇ ਦੇ ਭਾਅ ’ਚ ਵਾਧੇ ਨੂੰ ਅੰਤਿਮ ਛੋਹਾਂ
ਚਰਨਜੀਤ ਭੁੱਲਰ
ਚੰਡੀਗੜ੍ਹ, 11 ਨਵੰਬਰ
ਪੰਜਾਬ ਸਰਕਾਰ ਵੱਲੋਂ ਚਾਲੂ ਵਰ੍ਹੇ ਦੌਰਾਨ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਲੱਗੇ ਚੋਣ ਜ਼ਾਬਤਾ ਦੇ ਖ਼ਤਮ ਹੋਣ ਮਗਰੋਂ ਗੰਨੇ ਦੇ ਭਾਅ (ਸਟੇਟ ਐਗਰੀਡ ਪ੍ਰਾਈਸ) ਵਿਚ 10 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕਰ ਸਕਦੀ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਸਰਕਾਰ ਦੇਸ਼ ਭਰ ’ਚੋਂ ਸੂਬੇ ਵਿਚ ਗੰਨੇ ਦਾ ਭਾਅ ਜ਼ਿਆਦਾ ਰੱਖਣ ਦੇ ਰੌਂਅ ਵਿਚ ਹੈ। ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਵਿਚ ਤੀਜੀ ਵਾਰ ਵਾਧਾ ਕੀਤਾ ਜਾਵੇਗਾ। ਪਿਛਲੇ ਵਰ੍ਹੇ ਗੰਨੇ ਦੇ ਭਾਅ ਵਿਚ 11 ਰੁਪਏ ਦਾ ਵਾਧਾ ਕਰਕੇ ਸਟੇਟ ਐਗਰੀਡ ਪ੍ਰਾਈਸ 391 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ।
ਸੂਤਰਾਂ ਅਨੁਸਾਰ ਐਤਕੀਂ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾ ਸਕਦਾ ਹੈ ਅਤੇ ਇਹ ਵਾਧਾ ਹੋਣ ਦੀ ਸੂਰਤ ਵਿਚ ਗੰਨੇ ਦਾ ਭਾਅ 401 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਇਹ ਵਾਧਾ ਗੁਆਂਢੀ ਸੂਬੇ ਹਰਿਆਣਾ ਨਾਲੋਂ ਵੀ ਵੱਧ ਹੋ ਜਾਵੇਗਾ। ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿਚ ਹਰਿਆਣਾ ਨਾਲੋਂ ਇੱਕ ਕਦਮ ਅਗਾਂਹ ਹੋਣਾ ਚਾਹੁੰਦੀ ਹੈ। ਇਸੇ ਸਾਲ ਕੇਂਦਰ ਸਰਕਾਰ ਨੇ ਗੰਨੇ ਦਾ ਭਾਅ 340 ਰੁਪਏ (ਐੱਫਆਰਪੀ) ਐਲਾਨਿਆ ਹੈ।
ਸੂਬਾ ਸਰਕਾਰ ਵੱਲੋਂ 25 ਨਵੰਬਰ ਤੋਂ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸੀਜ਼ਨ ’ਚ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦਾ ਅਨੁਮਾਨ ਹੈ ਜਿਸ ਮਗਰੋਂ 62 ਲੱਖ ਕੁਇੰਟਲ ਖੰਡ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਚ ਇਸ ਵੇਲੇ 15 ਖੰਡ ਮਿੱਲਾਂ ਹਨ ਜਿਨ੍ਹਾਂ ’ਚੋਂ ਛੇ ਪ੍ਰਾਈਵੇਟ ਹਨ ਜਦੋਂ ਕਿ 9 ਖੰਡ ਮਿੱਲਾਂ ਸਹਿਕਾਰੀ ਖੇਤਰ ਦੀਆਂ ਹਨ। ਸਹਿਕਾਰੀ ਖੰਡ ਮਿੱਲਾਂ ਦੀ ਪਿੜਾਈ ਸਮਰੱਥਾ 210 ਲੱਖ ਕੁਇੰਟਲ ਹੋ ਜਾਵੇਗੀ ਜਦੋਂ ਕਿ 500 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦਾ ਅਨੁਮਾਨ ਹੈ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ 9.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਕਲੀਅਰ ਕਰੇ ਜੋ ਗੰਨਾ ਵੇਚਣ ਵਾਲੇ ਕਿਸਾਨਾਂ ਨੂੰ ਦਿੱਤੀ ਜਾਣੀ ਹੈ।
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਹਿਲਾਂ ਹੀ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ ਪਰ ਆਦਰਸ਼ ਚੋਣ ਜ਼ਾਬਤਾ ਲੱਗਿਆ ਹੋਣ ਕਰਕੇ ਹਾਲੇ ਕੋਈ ਐਲਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਖ਼ਤਮ ਹੁੰਦਿਆਂ ਹੀ ਗੰਨੇ ਦੇ ਭਾਅ ਬਾਰੇ ਫ਼ੈਸਲਾ ਲਿਆ ਜਾਵੇਗਾ।
ਮੁੱਖ ਮੰਤਰੀ ਕਰਨਗੇ ਗੰਨੇ ਦੇ ਭਾਅ ’ਚ ਵਾਧੇ ਦਾ ਐਲਾਨ
ਪਿਛਲੇ ਦਿਨੀਂ ਗੰਨਾ ਕੰਟਰੋਲ ਬੋਰਡ ਦੀ ਮੀਟਿੰਗ ਵਿਚ ਗੰਨੇ ਦਾ ਭਾਅ ਵਧਾਉਣ ਬਾਰੇ ਵਿਚਾਰ-ਵਟਾਂਦਰਾ ਹੋਇਆ ਸੀ। ਸੂਤਰਾਂ ਮੁਤਾਬਕ ਚੋਣ ਜ਼ਾਬਤੇ ਕਰਕੇ ਮੀਟਿੰਗ ’ਚ ਭਾਅ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਪ੍ਰੰਤੂ 23 ਨਵੰਬਰ ਨੂੰ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ ਕਰ ਸਕਦੇ ਹਨ। ਹਾਲਾਂਕਿ ਗੰਨਾ ਕਾਸ਼ਤਕਾਰ ਇਹ ਦਬਾਅ ਬਣਾ ਰਹੇ ਸਨ ਕਿ ਚੋਣ ਕਮਿਸ਼ਨ ਦੀ ਪ੍ਰਵਾਨਗੀ ਲੈ ਕੇ ਗੰਨੇ ਦਾ ਭਾਅ ਐਲਾਨ ਦਿੱਤਾ ਜਾਵੇ। ਜਾਣਕਾਰੀ ਅਨੁਸਾਰ ਇਸ ਵਾਰ ਗੰਨੇ ਹੇਠਲਾ ਰਕਬਾ ਇੱਕ ਲੱਖ ਹੈਕਟੇਅਰ ਹੈ ਜੋ ਪਿਛਲੇ ਵਰ੍ਹੇ 95 ਹਜ਼ਾਰ ਹੈਕਟੇਅਰ ਸੀ। ਗੰਨੇ ਦੀ ਕਾਸ਼ਤ ਵਾਲੇ ਰਕਬੇ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ।