ਸੱਤ ਮੈਂਬਰੀ ਕਮੇਟੀ ਦੀ ਪਲੇਠੀ ਮੀਟਿੰਗ ਅੱਜ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਅਕਾਲ ਤਖ਼ਤ ਵੱਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਚਾਰ ਫਰਵਰੀ ਨੂੰ ਬਹਾਦਰਗੜ੍ਹ, ਪਟਿਆਲਾ ਵਿੱਚ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਰਹੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿੱਤੀ। ਉਹ ਇਸ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਹਨ।
ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੋ ਕਿ ਇਸ ਕਮੇਟੀ ਦੇ ਮੁਖੀ ਹਨ , ਦੀ ਪ੍ਰਧਾਨਗੀ ਹੇਠ ਹੋਵੇਗੀ। ਉਨ੍ਹਾਂ ਤੋਂ ਇਲਾਵਾ ਕਮੇਟੀ ਦੇ ਮੈਂਬਰ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਸਾਰੇ ਹੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਹਨ। ਇਹ ਸੱਤ ਮੈਂਬਰੀ ਕਮੇਟੀ ਦਾ ਐਲਾਨ ਅਕਾਲ ਤਖਤ ਦੀ ਫਸੀਲ ਤੋਂ 2 ਦਸੰਬਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਸੀ।
ਸ੍ਰੀ ਵਡਾਲਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਮੌਜੂਦਾ ਸਥਿਤੀ ਅਤੇ ਮੈਂਬਰਸ਼ਿਪ ਮੁਹਿੰਮ ਵਿੱਚ ਅਕਾਲ ਤਖ਼ਤ ਦੇ ਹੁਕਮਨਾਮੇ ਮੁਤਾਬਕ ਬਣਾਈ ਗਈ ਕਮੇਟੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਚਰਚਾ ਕਰਨਾ ਹੋਵੇਗਾ। ਸ੍ਰੀ ਵਡਾਲਾ ਨੇ ਕਿਹਾ ਕਿ ਅਕਾਲ ਤਖ਼ਤ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਅਕਾਲੀ ਦਲ ਵਿੱਚ ਮੈਂਬਰਸ਼ਿਪ ਦੀ ਭਰਤੀ ਇਸ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਭਰਤੀ ਹੋਣ ਵਾਲੇ ਮੈਂਬਰ ਕੋਲੋਂ ਆਧਾਰ ਕਾਰਡ ਜਾਂ ਹੋਰ ਸ਼ਨਾਖਤੀ ਦਸਤਾਵੇਜ਼ ਲੈ ਕੇ ਸਹੀ ਢੰਗ ਨਾਲ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਨੂੰ ਅਣਦੇਖਿਆ ਕਰਕੇ ਕੀਤੀ ਗਈ ਭਰਤੀ ਵਿੱਚ ਕੀ ਇਨ੍ਹਾਂ ਨਿਯਮਾਂ ਦੀ ਪਾਲਣਾ ਹੋਈ ਹੈ, ਬਾਰੇ ਫਿਲਹਾਲ ਭੰਬਲਭੂਸਾ ਹੈ।