ਹੜ੍ਹ ਪੀੜਤ ਕਿਸਾਨਾਂ ਨੂੰ 5 ਤੋਂ ਮੁਫ਼ਤ ਮਿਲੇਗੀ ਝੋਨੇ ਦੀ ਪਨੀਰੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਅਗਸਤ
ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਮੂਣਕ ਤੇ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਸੁਵਿਧਾ ਲਈ ਮੁਫ਼ਤ ਝੋਨੇ ਦੀ ਪਨੀਰੀ ਦਾ ਪ੍ਰਬੰਧ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ 5 ਅਗਸਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਮੁਫ਼ਤ ਪਨੀਰੀ ਦੇਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ 175 ਏਕੜ ਰਕਬੇ ਵਿੱਚ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਗਈ ਹੈ। ਇਸ ਨਾਲ ਲਗਪਗ 17 ਹਜ਼ਾਰ 500 ਏਕੜ ਰਕਬੇ ਵਿੱਚ ਝੋਨਾ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਨੀਰੀ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਦੇ ਨਾਲ ਨਾਲ ਕੰਟਰੋਲ ਰੂਮ ਸਥਾਪਿਤ ਕਰ ਕੇ 5 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਸਣੇ ਹੋਰ ਪਿੰਡਾਂ ਵਿੱਚ ਝੋਨੇ ਦੀ ਪਨੀਰੀ ਲਗਾਈ ਗਈ ਹੈ। ਇਸ ਦੀ ਵੰਡ ਲਈ ਖੇਤੀਬਾੜੀ ਵਿਕਾਸ ਅਫ਼ਸਰ ਲਹਿਰਾਗਾਗਾ ਸਵਿੰਦਰਜੀਤ ਸਿੰਘ (94649-91230) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਵਿਭਾਗ ਵੱਲੋਂ ਬਣਾਏ ਕੰਟਰੋਲ ਰੂਮ ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ ਰਣਬੀਰ ਸਿੰਘ (99149-22485), ਏਐਸਆਈ ਗੁਰਮੀਤ ਸਿੰਘ (98889-81082), ਏਟੀਐਮ ਅਮਨਦੀਪ ਸਿੰਘ (94652-07002), ਏਟੀਐਮ ਬਲਜਿੰਦਰ ਸਿੰਘ (94639-22004), ਏਟੀਐਮ ਗੁਰਵਿੰਦਰ ਸਿੰਘ (98880-98205) ਦੀ ਡਿਊਟੀ ਲਗਾਈ ਗਈ ਹੈ।