ਸਾਬਕਾ ਏਆਈਜੀ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਇੱਥੋਂ ਦੇ ਸੈਕਟਰ-36 ਦੀ ਪੁਲੀਸ ਨੇ ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਨੂੰ ਆਪਣੇ ਜਵਾਈ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਅੱਜ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ ਅਦਾਲਤ ਵਿੱਚ ਮੁਲਜ਼ਮ ਦੇ ਤਿੰਨ ਰੋਜ਼ਾ ਪੁਲੀਸ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਚੰਡੀਗੜ੍ਹ ਪੁਲੀਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਦੂਜੇ ਪਾਸੇ ਹਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦਾ ਸਾਬਕਾ ਏਆਈਜੀ ਮਲਵਿੰਦਰ ਸਿੰਘ ਸਿੱਧੂ ਇੱਕ ਰਸੂਖਦਾਰ ਵਿਅਕਤੀ ਹੈ, ਜਿਸ ਦੇ ਪੁਲੀਸ ਵਿੱਚ ਚੰਗੇ ਸਬੰਧ ਹਨ। ਉਹ ਪੁਲੀਸ ਦੀ ਜਾਂਚ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਸੱਚ ਸਭ ਦੇ ਸਾਹਮਣੇ ਆ ਜਾਵੇਗਾ। ਜ਼ਿਕਰਯੋਗ ਹੈ ਕਿ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਡਾ. ਅਮਿਤੋਜ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਇਸੇ ਕਰ ਕੇ ਦੋਵਾਂ ਧਿਰਾਂ ਨੂੰ ਮੀਡੀਏਸ਼ਨ ਸੈਂਟਰ (ਵਿਚੋਲਗੀ ਕੇਂਦਰ) ਵਿੱਚ ਬੁਲਾਇਆ ਗਿਆ ਸੀ। ਬੀਤੇ ਦਿਨ ਪੁਲੀਸ ਦੇ ਸਾਬਕਾ ਅਧਿਕਾਰੀ ਮਲਵਿੰਦਰ ਸਿੰਘ ਸਿੱਧੂ ਨੇ ਅਦਾਲਤੀ ਕੰਪਲੈਕਸ ’ਚ ਹਰਪ੍ਰੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।