ਪੰਜਾਬ ਤੇ ਚੰਡੀਗੜ੍ਹ ਸਣੇ 8 ਰਾਜਾਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਨਵੰਬਰ
ਪੰਜਾਬ ਰਾਜ ਭਵਨ ਵਿੱਚ ਅੱਜ ਪੰਜਾਬ ਅਤੇ ਚੰਡੀਗੜ੍ਹ ਸਣੇੇ 8 ਰਾਜਾਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਹਰਿਆਣਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਯੂਟੀ ਅੰਡੇਮਾਨ ਨਿਕੋਬਾਰ ਟਾਪੂ, ਦਿੱਲੀ, ਲਕਸ਼ਦੀਪ ਅਤੇ ਪੁਡੂਚੇਰੀ ਰਾਜਾਂ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਪ੍ਰੋਗਰਾਮ ਤਹਿਤ ਮਨਾਇਆ ਗਿਆ। ਇਸ ਦਾ ਉਦੇਸ਼ ਸਮੁੱਚੇ ਦੇਸ਼ ਵਾਸੀਆਂ ਨੂੰ ਆਪਸ ਵਿੱਚ ਜੋੜਨਾ ਹੈ। ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ‘ਅਨੇਕਤਾ ਵਿੱਚ ਏਕਤਾ’ ਭਾਰਤ ਦੀ ਪਛਾਣ ਹੈ। ਲੋਕਾਂ ਦੀ ਆਪਸੀ ਸਾਂਝ ਦੀ ਭਾਵਨਾ ਅਨੇਕਤਾ ਵਿੱਚ ਏਕਤਾ ਨੂੰ ਸਮਰੱਥ ਕਰਦੀ ਹੈ, ਜੋ ਰਾਸ਼ਟਰਵਾਦ ਦੇ ਰੂਪ ਵਿੱਚ ਸਾਹਮਣੇ ਆਉਂਦੀ ਹੈ ਅਤੇ ਇਸ ਨੂੰ ਭਵਿੱਖ ਵਿੱਚ ਵੀ ਅਪਣਾਏ ਜਾਣ ਦੀ ਲੋੜ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਹੁਣ ਰਾਜ ਸਥਾਪਨਾ ਦਿਵਸ ਕੌਮੀ ਤਿਉਹਾਰ ਵਾਂਗ ਹੀ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਤੋਂ ਪੰਜਾਬ ਰਾਜ ਭਵਨ ਵਿੱਚ ਰਾਜ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜੋ ਸਾਡੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਵਿਕਾਸ ਦਾ ਪ੍ਰਤੀਕ ਹੈ ਜੋ ਸਾਨੂੰ ਏਕਤਾ, ਸਵੈ-ਮਾਣ ਅਤੇ ਤਰੱਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਇੱਕ ਹੈ। ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲਾ ਕੋਈ ਵੀ ਫ਼ੌਜੀ ਪੂਰੇ ਦੇਸ਼ ਲਈ ਸ਼ਹੀਦ ਅਤੇ ਹੀਰੋ ਹੁੰਦਾ ਹੈ, ਭਾਵੇਂ ਉਹ ਕਿਸੇ ਵੀ ਰਾਜ ਵਿੱਚ ਪੈਦਾ ਹੋਇਆ ਹੋਵੇ। ਇਸ ਮੌਕੇ ਰਾਜਪਾਲ ਨੇ ਸਾਰਿਆਂ ਨੂੰ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਵੀ ਪ੍ਰੇਰਿਆ। ਸਮਾਗਮ ਵਿੱਚ ਪੋਸਟ ਗਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼-11 ਦੀਆਂ ਵਿਦਿਆਰਥਣਾਂ ਨੇ ਗਿੱਧਾ ਅਤੇ ਲੁੱਡੀ ਪੇਸ਼ ਕੀਤੀ, ਜਦਕਿ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਹਰਿਆਣਵੀ ਨ੍ਰਿਤ, ਮੋਹਿਨੀਅੱਟਮ ਅਤੇ ਭੰਗੜਾ ਪੇਸ਼ ਕੀਤਾ। ਚੰਡੀਗੜ੍ਹ ਤਾਮਿਲ ਸੰਗਮ ਵੱਲੋਂ ਭਰਤਨਾਟਿਅਮ ਅਤੇ ਤਾਮਿਲ ਲੋਕ ਨਾਚ ਅਤੇ ਕੰਨ੍ਹੜ ਸੰਘ ਚੰਡੀਗੜ੍ਹ ਵੱਲੋਂ ਕਰਨਾਟਕ ‘ਮਹਾਭਾਰਤ’ ਦੀ ਪੇਸ਼ਕਾਰੀ ਨੇ ਵੀ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਦੇ ਰਾਜਸੀ, ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।