ਪਿੰਡ ਦਿਉਣ ’ਚ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ
ਸ਼ਗਨ ਕਟਾਰੀਆ
ਬਠਿੰਡਾ, 13 ਨਵੰਬਰ
ਪੰਜਾਬ ਸਰਕਾਰ ਵੱਲੋਂ ਪਿੰਡ ਦਿਓਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ 42 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਰਕਮ ਨਾਲ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ‘ਆਪ’ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਨੀਂਹ ਵਿਚ ਇੱਟਾਂ ਲਾ ਕੇ ਸ਼ੁਰੂ ਕਰਵਾਈ। ਸ੍ਰੀ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਆਖਿਆ ਕਿ ਬਠਿੰਡਾ ਖੇਤਰ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ (ਦਿਹਾਤੀ) ਹਲਕੇ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪੱਖੋਂ ਪਹਿਲੇ ਨੰਬਰ ’ਤੇ ਲਿਆਉਣ ਦਾ ਉਨ੍ਹਾਂ ਦਾ ਸੁਫ਼ਨਾ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਗੁਰਦੇਵ ਸਿੰਘ, ਮੁੱਖ ਅਧਿਆਪਕਾ ਪਰਮਜੀਤ ਕੌਰ, ਸਮੂਹ ਸਟਾਫ, ਐੱਸਐੱਮਸੀ ਦੇ ਚੇਅਰਮੈਨ ਰਾਜਵੀਰ ਕੌਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਮਾਪੇ, ਵਿਦਿਆਰਥੀ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਗਰਾਂਟ ਜਾਰੀ ਕਰਵਾਉਣ ਲਈ ਸ੍ਰੀ ਭੱਲਾ ਦਾ ਧੰਨਵਾਦਾ ਕੀਤਾ।