ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਲਾਏ ਮੋਰਚੇ ਸਮਾਪਤ
ਪੱਤਰ ਪ੍ਰੇਰਕ
ਮਾਨਸਾ, 10 ਫਰਵਰੀ
ਭਖਦੇ ਕਿਸਾਨੀ ਮੰਗਾਂ-ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸ਼ੁਰੂ ਕੀਤੇ ਦਿਨ-ਰਾਤ ਦੇ ਪੰਜ ਰੋਜਾ ਮੋਰਚੇ ਦੇ ਅੱਜ ਆਖਰੀ ਦਿਨ ਮੋਰਚਾ ਸਮਾਪਤ ਕਰਦਿਆਂ ਐਲਾਨ ਕੀਤਾ ਗਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 24 ਫਰਵਰੀ ਤੋਂ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਦੇ ਪੰਜ ਰੋਜ਼ਾ ਮੋਰਚੇ ਦੌਰਾਨ ਸਰਕਾਰ ਨੇ ਚੁੱਪ ਵੱਟੀ ਰੱਖੀ ਜਿਸ ਲਈ ਹੁਣ ਸਰਕਾਰ ਦੇ ਦਰਾਂ ’ਤੇ ਚੰਡੀਗੜ੍ਹ ਮੋਰਚਾ ਲੱਗੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਮੰਗ ਕਰਦੀ ਆ ਰਹੀ ਹੈ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਈ ਜਾਵੇ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖਤਮ ਕੀਤੇ ਜਾਣ, ਹਰੇਕ ਖੇਤ ਲਈ ਨਹਿਰੀ ਪਾਣੀ ਪੂਰਾ ਕੀਤਾ ਜਾਵੇ ਤੇ 60 ਸਾਲ ਤੋਂ ਬਾਅਦ ਕਿਸਾਨਾਂ-ਮਜ਼ਦੂਰਾਂ ਔਰਤਾਂ ਦੀ ਬੁਢਾਪਾ ਪੈਨਸ਼ਨ ਘੱਟੋ-ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਮੋਰਚੇ ਦੀ ਤਿਆਰੀ ਵਾਸਤੇ ਜਿਲ੍ਹਾ ਪੱਧਰੀ ਕਾਨਫਰੰਸ 15 ਫਰਵਰੀ ਨੂੰ ਬੁਢਲਾਡਾ ਵਿੱਚ ਕੀਤੀ ਜਾਵੇਗੀ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜ ਰੋਜ਼ਾ ਧਰਨੇ ਦੇ ਆਖਰੀ ਦਿਨ ਵੱਡੀ ਗਿਣਤੀ ’ਚ ਸੰਘਰਸ਼ਕਾਰੀਆਂ ਨੇ ਸ਼ਮੂਲੀਅਤ ਕੀਤੀ। ਧਰਨੇ ਦੀ ਸਮਾਪਤੀ ਮਿਨੀ ਸਕੱਤਰੇਤ ਤੋਂ ਹਨੂੰਮਾਨ ਚੌਕ ਤੱਕ ਮਾਰਚ ਕਰਨ ਨਾਲ ਹੋਈ। ਅੱਜ ਸਟੇਜ ਦੀ ਕਾਰਵਾਈ ਦੀ ਸ਼ੁਰੂਆਤ ਮਾ. ਬੂਟਾ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਨਾਲ ਹੋਈ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 24 ਫਰਵਰੀ ਤੋਂ ਚੰਡੀਗੜ੍ਹ ਪੱਕਾ ਮੋਰਚਾ ਲਾਇਆ ਜਾਵੇਗਾ।
ਫ਼ਰੀਦਕੋਟ ((ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸਥਾਨਕ ਮਿਨੀ ਸਕੱਤਰੇਤ ਦੇ ਗੇਟ ਅੱਗੇ ਲਗਾਇਆ ਪੰਜ ਰੋਜ਼ਾ ਮੋਰਚਾ ਅੱਜ ਸਮਾਪਤ ਹੋ ਗਿਆ। ਇਹ ਮੋਰਚਾ ਚੁੱਕਣ ਦੇ ਨਾਲ ਕਿਸਾਨਾਂ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਅਤੇ ਸਮੁੱਚਾ ਕਰਜ਼ਾ ਮੁਆਫ਼ ਕਰਨ ਦੀਆਂ ਮੰਗਾਂ ਲਈ 24 ਫਰਵਰੀ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣਗੀਆਂ।
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਲਈ ਡੀਸੀ ਦਫ਼ਤਰ ਬਰਨਾਲਾ ਚੱਲ ਰਿਹਾ ਦਿਨ ਰਾਤ ਦਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਜ਼ਿਲ੍ਹਾ ਔਰਤ ਕਨਵੀਨਰ ਕਮਲਜੀਤ ਕੌਰ ਬਰਨਾਲਾ, ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਖਜ਼ਾਨਚੀ ਭਗਤ ਸਿੰਘ, ਬਲੌਰ ਸਿੰਘ ਛੰਨਾ ਨੇ ਨਵੀਂ ਖੇਤੀ ਲਾਗੂ ਕਰਨ ਸਮੇਤ ਲਟਕਦੇ ਕਿਸਾਨੀ ਮਸਲਿਆਂ ਦੇ ਹੱਲ ਆਦਿ ਮੰਗਾਂ ਦੁਹਰਾਈਆਂ। ਪ੍ਰਿਥੀਪਾਲ ਰੰਧਾਵਾ ਸਟੂਡੈਂਟਸ ਯੂਨੀਅਨ ਦੇ ਆਗੂ ਹੁਸ਼ਿਆਰ ਸਿੰਘ ਦੀ ਅਗਵਾਈ ਵਿੱਚ ਪਾੜ੍ਹਿਆਂ ਨੇ ਵੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ੁਰੂ ਕੀਤੇ ਧਰਨੇ ਦੀ ਸਮਾਪਤੀ 24 ਫਰਵਰੀ ਤੋਂ ਚੰਡੀਗੜ੍ਹ ਵਿੱਚ ਹੋਣ ਵਾਲੇ ਅਣਮਿਥੇ ਸਮੇਂ ਦੇ ਧਰਨੇ ਦੇ ਐਲਾਨ ਨਾਲ ਕਰ ਦਿੱਤੀ ਗਈ| ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਕੋਟਲੀ, ਗੁਰਪਾਸ਼ ਸਿੰਘੇਵਾਲਾ, ਗੁਰਭਗਤ ਸਿੰਘ ਭਲਾਈਆਣਾਜ, ਗੁਰਮੀਤ ਸਿੰਘ ਬਿੱਟੂ ਮੱਲਣ, ਮਲਕੀਤ ਸਿੰਘ ਗੱਗੜ, ਹਰਫੂਲ ਸਿੰਘ ਭਾਗਸਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਕਾ ਸਿੰਘ ਖੁੰਡੇ ਹਲਾਲ ਨੇ ਮੰਗ ਕੀਤੀ ਕਿ ਕਰਜ਼ਾ ਮੁਕਤੀ ਕਾਨੂੰਨ ਤੇ ਖੇਤੀ ਨੀਤੀ ਤੁਰੰਤ ਕੀਤੀ ਜਾਵੇ| ਅਖੀਰ ’ਚ ਐੱਸਡੀਐੱਮ ਮੁਕਤਸਰ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ|