ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਅਗਲੇ ਪੰਜ ਦਿਨ ਜਾਰੀ ਰਹੇਗਾ ਗਰਮੀ ਦਾ ਕਹਿਰ

07:11 AM Jun 23, 2024 IST
ਗਰਮੀ ਤੋਂ ਬਚਣ ਲਈ ਪਟਿਆਲਾ ਦੀ ਨਾਭਾ ਨਹਿਰ ’ਚ ਨਹਾਉਂਦੇ ਹੋਏ ਬੱਚੇ। -ਫੋਟੋ: ਰਾਜੇਸ਼ ਸੱਚਰ

ਆਤਿਸ਼ ਗੁਪਤਾ
ਚੰਡੀਗੜ੍ਹ, 22 ਜੂਨ
ਪੰਜਾਬ ਵਿੱਚ ਦੋ-ਤਿੰਨ ਦਿਨਾਂ ਦੀ ਮਾਮੂਲੀ ਰਾਹਤ ਮਗਰੋਂ ਗਰਮੀ ਨੇ ਮੁੜ ਤੋਂ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਕਰਕੇ ਤਾਪਮਾਨ ਆਮ ਨਾਲੋਂ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਧਣ ਦੇ ਨਾਲ-ਨਾਲ ਹੁੰਮਸ ਵਾਲੀ ਗਰਮੀ ਪੈਣ ਲੱਗੀ ਹੈ, ਜਿਸ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅੱਜ ਪੰਜਾਬ ਵਿੱਚ ਸਮਰਾਲਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇ ਵਿੱਚ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਦੋ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਜ਼ਿਆਦਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 23, 24, 25, 26 ਤੇ 27 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਹੋ ਸਕਦੀ ਹੈ ਪਰ ਤਾਪਮਾਨ ਵਿੱਚ ਕੋਈ ਗਿਰਾਵਟ ਦਰਜ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 28 ਤੇ 29 ਜੂਨ ਨੂੰ ਪੰਜਾਬ ਵਿੱਚ ਆਪਣੇ ਤੈਅ ਸਮੇਂ ਅਨੁਸਾਰ ਮੌਨਸੂਨ ਦਸਤਕ ਦੇ ਸਕਦਾ ਹੈ। ਮੌਨਸੂਨ ਦੀ ਆਮਦ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਦੇ ਸ਼ੁਰੂ ਵਿੱਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਸੂਬੇ ਵਿੱਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਸੀ, ਜੋ ਕਿ ਰਾਤ ਸਮੇਂ ਵੀ 13 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਖੇਤਾਂ ਵਿੱਚ ਝੋਨੇ ਦੀ ਲਵਾਈ ਜ਼ੋਰਾਂ ’ਤੇ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਧੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 40.4 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 40 ਡਿਗਰੀ, ਫਰੀਦਕੋਟ ਵਿੱਚ 40.4 ਡਿਗਰੀ, ਫਾਜ਼ਿਲਕਾ ਵਿੱਚ 42.3 ਡਿਗਰੀ, ਪਠਾਨਕੋਟ ਵਿੱਚ 41.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 39.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 39.4 ਡਿਗਰੀ, ਬਠਿੰਡਾ ਵਿੱਚ 34 ਡਿਗਰੀ, ਨਵਾਂ ਸ਼ਹਿਰ ਵਿੱਚ 37.4 ਡਿਗਰੀ, ਬਰਨਾਲਾ ਵਿੱਚ 38.1 ਡਿਗਰੀ, ਫਤਿਹਗੜ੍ਹ ਸਾਹਿਬ ਵਿੱਚ 39.4 ਡਿਗਰੀ, ਫਿਰੋਜ਼ਪੁਰ ਵਿੱਚ 38.8, ਮੋਗਾ ਵਿੱਚ 37.6, ਮੁਹਾਲੀ ਵਿੱਚ 39.9 ਅਤੇ ਰੋਪੜ ਵਿੱਚ 38.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Advertisement

Advertisement
Advertisement