For the best experience, open
https://m.punjabitribuneonline.com
on your mobile browser.
Advertisement

ਕੁੰਭੜਾ ਐਲੀਮੈਂਟਰੀ ਸਕੂਲ ਦੇ ਬੱਚਿਆਂ ਦਾ ਭਵਿੱਖ ਖਤਰੇ ’ਚ

07:10 AM Mar 31, 2024 IST
ਕੁੰਭੜਾ ਐਲੀਮੈਂਟਰੀ ਸਕੂਲ ਦੇ ਬੱਚਿਆਂ ਦਾ ਭਵਿੱਖ ਖਤਰੇ ’ਚ
ਕੁੰਭੜਾ ਸਕੂਲ ਅੱਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਮਾਰਚ
ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕੁੰਭੜਾ ਨੂੰ ਦਾਨ ਵਿੱਚ ਦਿੱਤੀ ਜ਼ਮੀਨ ਵਾਪਸ ਮੰਗਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਅਤੇ ਮੋਹਤਬਰ ਵਿਅਕਤੀਆਂ ਨੇ ਸਕੂਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਿੱਖਿਆ ਮੰਤਰੀ ਅਤੇ ਸਿੱਖਿਆ ਡਾਇਰੈਕਟਰ ਦਾ ਪੁਤਲਾ ਸਾੜ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਬਲਵਿੰਦਰ ਸਿੰਘ ਕੁੰਭੜਾ ਅਤੇ ਹੋਰਨਾਂ ਵਿਅਕਤੀਆਂ ਨੇ ਦੱਸਿਆ ਕਿ ਕਰੀਬ ਚਾਰ ਦਹਾਕੇ ਪਹਿਲਾਂ ਪਿੰਡ ਵਾਸੀ ਗਿਆਨੀ ਗੁਰਬਖ਼ਸ਼ ਸਿੰਘ ਨੇ ਤਰਸ ਦੇ ਆਧਾਰ ’ਤੇ ਸਕੂਲ ਦੀ ਇਮਾਰਤ ਲਈ ਜ਼ਮੀਨ ਦਾਨ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਗ੍ਰਾਮ ਪੰਚਾਇਤਾਂ ਨੇ ਲੱਖਾਂ ਰੁਪਏ ਫੰਡ ਖ਼ਰਚ ਕੇ ਦੋ ਮੰਜ਼ਿਲਾਂ ਸਕੂਲ ਦੀ ਇਮਾਰਤ ਦੀ ਉਸਾਰੀ ਕੀਤੀ ਗਈ। ਸਕੂਲ ਵਿੱਚ ਕਰੀਬ 550 ਬੱਚੇ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਕਰੀਬ 15 ਅਧਿਆਪਕ ਤਾਇਨਾਤ ਹਨ। ਹੈਰਾਨੀ ਦੀ ਗੱਲ ਹੈ ਕਿ ਪਿਛਲੇ 40 ਸਾਲਾਂ ਵਿੱਚ ਕਿਸੇ ਵੀ ਸਰਕਾਰ ਜਾਂ ਸਿੱਖਿਆ ਅਧਿਕਾਰੀਆਂ ਨੇ ਸਬੰਧਿਤ ਜ਼ਮੀਨ ਸਕੂਲ ਦੇ ਨਾਂ ਤਬਦੀਲ ਨਹੀਂ ਕਰਵਾਈ। ਦਾਨੀ ਸੱਜਣ ਗਿਆਨੀ ਗੁਰਬਖ਼ਸ਼ ਸਿੰਘ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਉਸ ਦੇ ਕਾਨੂੰਨੀ ਵਾਰਸ ਰਣਜੀਤ ਸਿੰਘ ਨੇ ਸਕੂਲ ਨੂੰ ਦਾਨ ਵਿੱਚ ਦਿੱਤੀ ਜ਼ਮੀਨ ਵਾਪਸ ਮੰਗ ਲਈ ਹੈ ਅਤੇ ਇਸ ਸਬੰਧੀ ਵਾਰਸਾਂ ਨੇ ਮੁਹਾਲੀ ਅਦਾਲਤ ਵਿੱਚ ਸਕੂਲ ਤੋਂ ਜਗ੍ਹਾ ਖਾਲੀ ਕਰਵਾ ਕੇ ਉਨ੍ਹਾਂ ਦੇ ਸਪੁਰਦ ਕਰਨ ਦਾ ਕੇਸ ਦਾਇਰ ਕਰ ਦਿੱਤਾ ਹੈ, ਜਿਸ ਦੀ ਪੈਰਵੀ ਮੁੱਖ ਅਧਿਆਪਕਾ ਸੁਖਦੀਪ ਕੌਰ ਕਰ ਰਹੇ ਹਨ। ਬੱਚਿਆਂ ਦੇ ਮਾਪਿਆਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਐਲੀਮੈਂਟਰੀ ਸਕੂਲ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਡਾਇਰੈਕਟਰ ਦਾ ਪੁਤਲਾ ਫੂਕਿਆ ਕੇ ਪਿੱਟ ਸਿਆਪਾ ਕੀਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਚੋਣਾਂ ਦੌਰਾਨ ‘ਆਪ’ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਉਮੀਦਵਾਰ ਨੂੰ ਕਾਲੇ ਝੰਡੇ ਦਿਖਾਏ ਜਾਣਗੇ।

Advertisement

ਸਿੱਖਿਆ ਵਿਭਾਗ ਵੱਲੋਂ ਜਲਦੀ ਕੇਸ ਦਰਜ ਕਰਨ ਦਾ ਵਾਅਦਾ

ਲੋਕਾਂ ਦੇ ਵਿਰੋਧ ਮਗਰੋਂ ਡਾਇਰੈਕਟਰ ਐਲੀਮੈਂਟਰੀ ਸਕੂਲ ਅਮਨਿੰਦਰ ਕੌਰ ਨੇ ਕਿਹਾ ਕਿ ਪਹਿਲਾਂ ਡੀਏ ਦੀ ਲੀਗਲ ਰਾਇ ਨਾ ਮਿਲਣ ਕਰਕੇ ਮਾਮਲਾ ਲਟਕਿਆ ਰਿਹਾ ਪਰ ਹੁਣ ਵਿਭਾਗ ਨੂੰ ਰਾਇ ਮਿਲ ਚੁੱਕੀ ਹੈ ਅਤੇ ਪੂਰਾ ਮਾਮਲਾ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਹੋਂਦ ਬਚਾਉਣ ਲਈ ਜਲਦੀ ਹੀ ਕੇਸ ਦਾਇਰ ਕਰਕੇ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ।

Advertisement
Author Image

sanam grng

View all posts

Advertisement
Advertisement
×