ਲੋਕ ਸਭਾ ਚੋਣਾਂ ’ਚ ਤੈਅ ਹੋਵੇਗਾ ਦੇਸ਼ ਦਾ ਭਵਿੱਖ: ਰਾਜਾ ਵੜਿੰਗ
ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 12 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਰਾਉਂ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਆਮ ਚੋਣਾਂ ਨਹੀਂ ਸਗੋਂ ਦੇਸ਼ ਦਾ ਭਵਿੱਖ ਤੈਅ ਕਰਨ ਵਾਲੀਆਂ ਹਨ। ਇਸ ਨੂੰ ਫ਼ੈਸਲਾਕੁਨ ਲੜਾਈ ਕਰਾਰ ਦਿੰਦਿਆਂ ਉਨ੍ਹਾਂ ਵੋਟਰਾਂ ਨੂੰ ਸੋਚ-ਵਿਚਾਰ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ’ਚ ਦੇਸ਼ ਬਹੁਤ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਦੇ ਵੀ ਨੋਟਬੰਦੀ ਤੇ ਅਗਨੀਵੀਰ ਯੋਜਨਾ ਦਾ ਜ਼ਿਕਰ ਨਹੀਂ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਵੀ ਪਤਾ ਹੈ ਕਿ ਇਹ ਗਲਤ ਫ਼ੈਸਲੇ ਸਨ ਜਿਨ੍ਹਾਂ ਖ਼ਿਲਾਫ਼ ਲੋਕਾਂ ’ਚ ਭਾਰੀ ਰੋਸ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਅਗਨੀਵੀਰ ਯੋਜਨਾ ਰੱਦ ਕੀਤੀ ਜਾਵੇਗੀ ਤੇ ਔਰਤਾਂ ਦੇ ਬੈਂਕ ਖਾਤਿਆਂ ’ਚ ਇਕ-ਇਕ ਲੱਖ ਰੁਪਿਆ ਸਾਲ ਦਾ ਪਾਇਆ ਜਾਵੇਗਾ, ਖਾਲੀ ਪਈਆਂ ਸਰਕਾਰੀ ਨੌਕਰੀਆਂ ਭਰੀਆਂ ਜਾਣਗੀਆਂ ਅਤੇ ਸਸਤਾ ਗੈਸ ਸਿਲੰਡਰ ਦੇਣ ਸਣੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਪ੍ਰੀਤਮ ਸਿੰਘ ਅਖਾੜਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਉਹ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ ਪਰ ਉੱਥੋਂ ਦੇ ਹਾਲਾਤ ਦੇਖ ਕੇ ਉਹ ਮੁੜ ਕਾਂਗਰਸ ਵਿੱਚ ਪਰਤ ਆਏ ਹਨ। ਚੋਣ ਜਲਸਿਆਂ ਨੂੰ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਗੋਪਾਲ ਸ਼ਰਮਾ, ਨੀਟਾ ਸਭਰਵਾਲ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।