For the best experience, open
https://m.punjabitribuneonline.com
on your mobile browser.
Advertisement

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਭਲਕੇ, ਸਿਰਸਾ ਵੀ ਤਲਬ

06:25 AM Dec 01, 2024 IST
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਭਲਕੇ  ਸਿਰਸਾ ਵੀ ਤਲਬ
ਮਨਜਿੰਦਰ ਸਿੰਘ ਸਿਰਸਾ
Advertisement

* ਅਕਾਲੀ ਸਰਕਾਰ ਵੇਲੇ ਮਨਜਿੰਦਰ ਸਿੰਘ ਸਿਰਸਾ ਨੂੰ ਮਿਲਿਆ ਸੀ ਕੈਬਨਿਟ ਰੈਂਕ  

Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਨਵੰਬਰ
ਸ੍ਰੀ ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨਾਂ ਦੀ 2 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਵਿੱਖ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਤਲਬ ਕੀਤਾ ਗਿਆ ਹੈ। ਇਸ ਸਬੰਧ ਵਿੱਚ ਉਨ੍ਹਾਂ ਨੂੰ ਅੱਜ ਇੱਕ ਪੱਤਰ ਵੀ ਭੇਜਿਆ ਗਿਆ ਹੈ। 2 ਦਸੰਬਰ ਨੂੰ ਹੋਣ ਵਾਲੀ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਸਰਕਾਰ ਵੇਲੇ ਦੇ ਕੈਬਨਿਟ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਵਿੱਚ ਨਾਰਾਜ਼ ਹੋਏ ਧੜੇ ਦੇ ਆਗੂ ਵੀ ਸ਼ਾਮਲ ਹਨ। ਹੁਣ ਇਸੇ ਸੰਦਰਭ ਵਿੱਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਤਲਬ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਅੱਜ ਅਕਾਲ ਤਖ਼ਤ ਸਕੱਤਰੇਤ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ। ਉਹ ਉਸੇ ਦਿਨ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਗੇ। ਸਿਰਸਾ ਨੂੰ ਅਕਾਲੀ ਸਰਕਾਰ ਵੇਲੇ ਕੈਬਨਿਟ ਰੈਂਕ ਮਿਲਿਆ ਹੋਇਆ ਸੀ। ਜਾਣਕਾਰੀ ਮੁਤਾਬਕ ਸਿਰਸਾ ਨੂੰ 2015 ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਦਿੱਤੀ ਗਈ ਮੁਆਫੀ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਉਸ ਵੇਲੇ ਦੇ ਤਿੰਨ ਜਥੇਦਾਰਾਂ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਅਕਾਲੀ ਦਲ ਦੇ ਨਾਰਾਜ਼ ਧੜੇ ਵੱਲੋਂ ਪਹਿਲੀ ਜੁਲਾਈ ਨੂੰ ਅਕਾਲ ਤਖ਼ਤ ਵਿਖੇ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਦੋਸ਼ ਲਾਏ ਗਏ ਸਨ ਕਿ ਅਕਾਲੀ ਸਰਕਾਰ ਵੇਲੇ 2015 ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾਂ ਮੰਗੇ ਮੁਆਫੀ ਦਿੱਤੀ ਗਈ ਸੀ, ਜਿਸ ਦਾ ਸਿੱਖ ਸੰਗਤ ਨੇ ਭਾਰੀ ਵਿਰੋਧ ਕੀਤਾ ਸੀ। ਇਸ ਤੋਂ ਇਲਾਵਾ ਡੇਰਾ ਮੁਖੀ ਖ਼ਿਲਾਫ਼ ਦਰਜ ਕੇਸ ਵਾਪਸ ਲੈਣਾ, ਬੇਅਦਬੀ ਦੇ ਮਾਮਲੇ ’ਤੇ ਹੋਰ ਗੰਭੀਰ ਦੋਸ਼ ਸ਼ਾਮਲ ਸਨ।

Advertisement

ਤਤਕਾਲੀ ਤਿੰਨੋਂ ਜਥੇਦਾਰਾਂ ਨੇ ਲਿਖਤੀ ਰੂਪ ਵਿੱਚ ਦਿੱਤਾ ਸਪੱਸ਼ਟੀਕਰਨ

ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਉਸ ਵੇਲੇ ਦੇ ਤਿੰਨ ਜਥੇਦਾਰਾਂ ਕੋਲੋਂ ਮੰਗੇ ਗਏ ਸਪੱਸ਼ਟੀਕਰਨ ਦੇ ਮਾਮਲੇ ਵਿੱਚ ਅੱਜ ਤਿੰਨੋਂ ਸਾਬਕਾ ਜਥੇਦਾਰਾਂ ਵੱਲੋਂ ਆਪਣਾ ਲਿਖਤੀ ਸਪੱਸ਼ਟੀਕਰਨ ਅਕਾਲ ਤਖਤ ਵਿਖੇ ਸੌਂਪ ਦਿੱਤਾ ਗਿਆ ਹੈ। ਇਨ੍ਹਾਂ ਸਾਬਕਾ ਜਥੇਦਾਰਾਂ ਵਿੱਚ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਸ਼ਾਮਲ ਹਨ। ਜਥੇਦਾਰ ਦੇ ਮੀਡੀਆ ਸਲਾਹਕਾਰ ਨੇ ਦੱਸਿਆ ਕਿ ਸਪੱਸ਼ਟੀਕਰਨ ਸਬੰਧੀ ਪੱਤਰ ਲਿਫ਼ਾਫ਼ੇ ਵਿੱਚ ਬੰਦ ਹਨ, ਜਿਨ੍ਹਾਂ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਹੀ ਖੋਲ੍ਹਿਆ ਜਾਵੇਗਾ।

ਨਿਗਮ ਤੇ ਕੌਂਸਲ ਚੋਣਾਂ ਜਨਵਰੀ ’ਚ ਕਰਵਾਉਣ ਦੀ ਮੰਗ

ਸ਼ਹੀਦੀ ਪੰਦਰਵਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿੱਚ ਕਰਵਾਈਆਂ ਜਾਣ। ਉਨ੍ਹਾਂ ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿੱਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ’ਚ ਵੱਡੀ ਮਹੱਤਤਾ ਰੱਖਦਾ ਹੈ। ਇਨ੍ਹਾਂ ਦਿਨਾਂ ਵਿੱਚ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਅਤੇ ਹੋਰ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਦਿਨਾਂ ’ਚ ਭਾਵੁਕਤਾ ਅਤੇ ਵੈਰਾਗ ਵਿੱਚੋਂ ਵਿਚਰਦੀ ਹੈ ਅਤੇ ਆਪਣੇ ਸ਼ਹੀਦਾਂ ਦੇ ਸਤਿਕਾਰ ਵਜੋਂ ਕਿਸੇ ਵੀ ਤਰ੍ਹਾਂ ਦੇ ਖ਼ੁਸ਼ੀ ਵਾਲੇ ਸਮਾਗਮ ਕਰਨ ਤੋਂ ਗੁਰੇਜ਼ ਕਰਦੀ ਹੈ। ਧਾਮੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣਾ ਠੀਕ ਨਹੀਂ ਹੋਵੇਗਾ।

Advertisement
Author Image

joginder kumar

View all posts

Advertisement