ਲੜਕੀ ਨੇ ਭੇਤ-ਭਰੀ ਹਾਲਤ ’ਚ ਕੀਤੀ ਖ਼ੁਦਕੁਸ਼ੀ
ਜਲੰਧਰ (ਪੱਤਰ ਪ੍ਰੇਰਕ):
ਇੱਥੋਂ ਦੇ ਹਾਈਟਸ ’ਚ 18 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਦੇਸ਼ਵੀਰ ਸਿੰਘ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਫਿਰੋਜ਼ਪੁਰ ਦੇ ਗੰਗਾ ਮੰਦਿਰ ਇਲਾਕੇ ਦੀ ਰਹਿਣ ਵਾਲੀ ਸੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲੀਸ ਨੂੰ ਜਾਂਚ ਦੌਰਾਨ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਿਰਨਦੀਪ ਕੌਰ ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਪੜ੍ਹਦੀ ਸੀ। ਕਿਰਨਦੀਪ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਵੀ ਨਹੀਂ ਰਹੀ ਸੀ, ਜਿਸ ਕਾਰਨ ਉਹ ਫਿਰੋਜ਼ਪੁਰ ਤੋਂ ਜਲੰਧਰ ਆਪਣੀ ਮਾਸੀ ਕੋਲ ਰਹਿਣ ਲਈ ਆ ਗਈ। ਬੀਤੇ ਮੰਗਲਵਾਰ ਦੇਰ ਰਾਤ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫਿਰੋਜ਼ਪੁਰ ਰਹਿੰਦੇ ਪਰਿਵਾਰ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।