ਮਕਾਨ ਦੀ ਛੱਤ ਡਿੱਗਣ ਕਾਰਨ ਲਡ਼ਕੀ ਦੀ ਮੌਤ, ਚਾਰ ਗੰਭੀਰ
ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 2 ਜੁਲਾਈ
ਪਿੰਡ ਸਿੱਖਾਂਵਾਲਾ ਵਿੱਚ ਅੱਜ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੀ ਨੌਜਵਾਨ ਲੜਕੀ ਦੀ ਮਲਬੇ ਹੇਠਾਂ ਦੱਬ ਕੇ ਮੌਤ ਹੋ ਗਈ, ਜਦਕਿ ਪਰਿਵਾਰ ਦੇ ਚਾਰ ਜੀਅ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਵੱਲੋਂ ਇਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾਂ ਬੀਤੀ ਰਾਤ ਉਸ ਵੇਲੇ ਵਾਪਰੀ ਜਦੋਂ ਬਜ਼ੁਰਗ ਇਕਬਾਲ ਸਿੰਘ ਆਪਣੇ ਪਰਿਵਾਰ ਨਾਲ ਘਰ ਵਿੱਚ ਸੌਂ ਰਿਹਾ ਸੀ। ਅਚਾਨਕ ਛੱਤ ਡਿੱਗਣ ਕਾਰਨ ਸਾਰਾ ਪਰਿਵਾਰ ਮਲਬੇ ਹੇਠ ਦਬ ਗਿਆ। ਇਸ ਦੌਰਾਨ ਗੁਆਂਢੀਆਂ ਨੇ ਜ਼ਖ਼ਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਸਿਵਲ ਹਸਪਤਾਲ ਕੋਟਕਪੂਰਾ ਪਹੁੰਚਾਇਆ, ਜਿਥੇ ਇਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਇਨ੍ਹਾਂ ਜ਼ਖ਼ਮੀਆਂ ਨੂੰ ਮੈਡੀਕਲ ਹਸਪਤਾਲ ਫ਼ਰੀਦਕੋਟ ਲਈ ਰੈਫਰ ਕਰ ਦਿੱਤਾ। ਇਸ ਦੌਰਾਨ ਇਲਾਜ ਅਧੀਨ ਪਰਿਵਾਰ ਦੀ ਧੀ ਗੁੱਡੂ ਦੀ ਮੌਤ ਹੋ ਗਈ, ਜਦਕਿ ਬਾਕੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਿੰਡ ਦੇ ਵਸਨੀਕ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਰਥਿਕ ਪੱਖੋਂ ਕਮਜ਼ੋਰ ਇਹ ਪਰਿਵਾਰ ਮਜ਼ਦੂਰੀ ਕਰ ਕੇ ਗੁਜ਼ਾਰਾ ਕਰਦਾ ਹੈ। ਮਕਾਨ ਦੀ ਹਾਲਤ ਲੰਬੇ ਸਮੇਂ ਤੋਂ ਖਸਤਾ ਸੀ, ਪਰ ਆਰਥਿਕ ਤੰਗੀ ਕਰਕੇ ਉਹ ਮਕਾਨ ਦੀ ਮੁਰੰਮਤ ਕਰਵਾਉਣ ਤੋਂ ਅਸਮਰੱਥ ਸਨ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਵਿੱਤੀ ਮਦਦ ਕੀਤੀ ਜਾਵੇ।