ਪਰਾਲੀ ਦੀ ਖ਼ਰੀਦ ਲਈ ਸਰਕਾਰ ਨੇ ਪ੍ਰਬੰਧ ਨਹੀਂ ਕੀਤੇ: ਬਾਦਲ
ਪੱਤਰ ਪ੍ਰੇਰਕ
ਜਲੰਧਰ, 27 ਅਕਤੂਬਰ
ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ ਜਨਿ੍ਹਾਂ ਕੁਝ ਸਮਾਂ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਪਰਾਲੀ ਸਾੜਨ ਨੂੰ ਲੈ ਕੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਇੱਕ-ਦੂਜੇ ’ਤੇ ਲਾਏ ਜਾ ਰਹੇ ਦੋਸ਼ਾਂ ਬਾਰੇ ਦੱਸਿਆ, ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਪਰਾਲੀ ਨਾ ਸਾੜਨ ਤਾਂ ਇਸ ਲਈ ਸਰਕਾਰ ਨੂੰ ਖਰੀਦ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ 12 ਤੋਂ 13 ਪਾਵਰ ਪਲਾਂਟ ਲਗਾਏ ਸਨ ਅਤੇ ਪਰਾਲੀ ਦੀ ਵਰਤੋਂ ਕਰ ਕੇ ਉਨ੍ਹਾਂ ਨੂੰ ਚਲਾਇਆ ਸੀ। ਉਨ੍ਹਾਂ ਦਾ ਟੀਚਾ 100 ਤੋਂ ਵੱਧ ਪਾਵਰ ਪਲਾਂਟ ਲਗਾਉਣ ਦਾ ਸੀ ਤਾਂ ਜੋ ਸਿਸਟਮ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸ੍ਰੀ ਬਾਦਲ ਜਲੰਧਰ ਵਾਸੀਆਂ ਵੱਲੋਂ ਸਜਾਈ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ।