ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿੱਚ ਨਾਕਾਮ: ਸੁਖਬੀਰ
ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 13 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਿਰੋਜ਼ਪੁਰ ’ਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਪੁਖਤਾ ਕਦਮ ਚੁੱਕਣ। ਉਨ੍ਹਾਂ ਆਖਿਆ ਕਿ ਸਰਕਾਰ ਲੋਕਾਂ ਦੀਆਂ ਮੁਢਲੀਆਂ ਲੋੜਾਂ ਪੂਰੀਆਂ ਕਰਨ ਵਿੱਚ ਵੀ ਅਸਫ਼ਲ ਰਹੀ ਹੈ। ਲੋਕ ਡਾਕਟਰੀ ਸਹਾਇਤਾ ਤੋਂ ਸੱਖਣੇ ਹਨ ਤੇ ਇਸ ਮੌਕੇ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੋਣਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰੀ ਕੇ ਬੈਰਾਜ ਦੇ ਸਾਰੇ ਗੇਟ ‘ਆਪ’ ਦੇ ਇੱਕ ਸੰਸਦ ਮੈਂਬਰ ਦੇ ਕਹਿਣ ’ਤੇ ਖੋਲ੍ਹੇ ਗਏ ਹਨ, ਜਿਸ ਕਾਰਨ ਸਰਹੱਦੀ ਪਿੰਡਾਂ ਵਿੱਚ ਹੜ੍ਹ ਆਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਰੋਸ ਹੈ ਕਿ ਗਰਮੀਆਂ ਵਿੱਚ ਲੋੜ ਵੇਲੇ ਉਨ੍ਹਾਂ ਨੂੰ ਪਾਣੀ ਦੇਣ ਦੀ ਥਾਂ ਰਾਜਸਥਾਨ ਭੇਜ ਦਿੱਤਾ ਜਾਂਦਾ ਹੈ ਤੇ ਹੁਣ ਹੜ੍ਹਾਂ ਵੇਲੇ ਸਾਰਾ ਪਾਣੀ ਸਰਹੱਦੀ ਪਿੰਡਾਂ ਵਿੱਚ ਛੱਡ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਨੇ ਸਰਹੱਦੀ ਪਿੰਡ ਗੱਟੀ ਰਾਜੋ ਕੀ ਵੱਲ ਨੂੰ ਜਾਂਦੀ ਸੜਕ ਦੇ ਰਾਹ ਵਿੱਚ ਬਣੇ ਪੁਲ ਤੇ ਸੜਕ ਵਿਚਾਲੇ ਪਏ ਪਾੜ ਦੀ ਮੁਰੰਮਤ ਵਾਸਤੇ ਆਪਣੇ ਅਖ਼ਤਿਆਰੀ ਫ਼ੰਡ ’ਚੋਂ ਇੱਕ ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਇੱਕ ਕਿਸ਼ਤੀ ਵਾਸਤੇ ਫ਼ੰਡ ਦੇਣ ਦਾ ਵੀ ਭਰੋਸਾ ਦਿੱਤਾ।
‘ਲੋਕਾਂ ਕੋਲ ਨਾ ਪੀਣ ਲਈ ਪਾਣੀ, ਨਾ ਦਵਾਈਆਂ’
ਜ਼ੀਰਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਅੱਜ ਇਥੇ ਸਿਵਲ ਕੋਰਟ ਵਿੱਚ ਪੇਸ਼ੀ ਭੁਗਤਣ ਲਈ ਪਹੁੰਚੇ। ਇਹ ਪੇਸ਼ੀ 2017 ਵਿੱਚ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕਰਨ ਸਬੰਧੀ ਥਾਣਾ ਮੱਖੂ ਵਿੱਚ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਸਬੰਧੀ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਰਕਾਰ ਵੱਲੋਂ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਪਾਣੀ ਵਿੱਚ ਡੁੱਬੇ ਵੱਡੀ ਗਿਣਤੀ ਪਿੰਡਾਂ ਵਿੱਚ ਨਾ ਬਿਜਲੀ ਹੈ ਤੇ ਨਾ ਹੀ ਉਨ੍ਹਾਂ ਕੋਲ ਦਵਾਈਆਂ ਹਨ।