ਪਰਾਲੀ ਦੀ ਸੰਭਾਲ ਤੇ ਮਸ਼ੀਨਰੀ ਦਾ ਪ੍ਰਬੰਧ ਕਰਨ ਵਿੱਚ ਸਰਕਾਰ ਨਾਕਾਮ: ਜ਼ੀਰਾ
ਪੱਤਰ ਪ੍ਰੇਰਕ
ਜ਼ੀਰਾ, 23 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੱਤਰ ਜਾਰੀ ਕਰਵਾ ਕੇ ਪਿੰਡਾਂ ਦੇ ਨੰਬਰਦਾਰਾਂ ਤੇ ਚੌਕੀਦਾਰਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣਗੇ ਉਨ੍ਹਾਂ ਦੀ ਰਿਪੋਰਟ ਪਿੰਡ ਦੇ ਨੰਬਰਦਾਰ ਅਤੇ ਚੌਕੀਦਾਰ ਕਰਨਗੇ। ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਪਰਾਲੀ ਦੀ ਸੰਭਾਲ ਕਰਨ ਅਤੇ ਮਸ਼ੀਨਰੀ ਦਾ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਸਾੜਨਾ ਨਹੀਂ ਚਾਹੁੰਦਾ ਪਰ ਕੋਈ ਹੱਲ ਨਾ ਹੋਣ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਰਕਾਰ ਨੰਬਰਦਾਰਾਂ ਨੂੰ ਹੁਕਮ ਚਾੜ੍ਹ ਕੇ ਪਿੰਡ ਦਾ ਭਾਈਚਾਰਾ ਖ਼ਰਾਬ ਕਰਨ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਸਰਕਾਰ ਉਪਰੋਕਤ ਹੁਕਮ ਤੁਰੰਤ ਵਾਪਸ ਲਵੇ। ਸੂਬਾ ਪ੍ਰਧਾਨ ਨੇ ਕਿਹਾ ਕਿ ਹੁਣ ਤੱਕ ਸਰਕਾਰ ਮੰਡੀਆਂ ਵਿੱਚੋਂ ਝੋਨਾ ਖਰੀਦਣ ਤੇ ਚੁਕਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਤੇ ਕਿਸਾਨ ਮਿਥੇ ਰੇਟ ਤੋਂ ਘੱਟ ਰੇਟ ਵੇਚਣ ਲਈ ਮਜਬੂਰ ਹਨ।