ਦਿੱਲੀ ’ਚ ਹਵਾ ਪ੍ਰਦੂਸ਼ਣ ਰੋਕਣ ਲਈ ਸਰਕਾਰ ਸਖ਼ਤ ਹੋਈ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦਿੱਲੀ ਸਰਕਾਰ ਦੀਆਂ ਟੀਮਾਂ ਨੇ ਹੁਣ ਤੱਕ 1108 ਨਿਰਮਾਣ ਸਾਈਟਾਂ ਦਾ ਨਿਰੀਖਣ ਕੀਤਾ ਹੈ। ਇਸ ਵਿੱਚ ਉਸਾਰੀ ਵਾਲੀਆਂ ਥਾਵਾਂ ’ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ’ਤੇ 21 ਸਾਈਟਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ 835 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ।
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਵਿੱਚ 7 ਅਕਤੂਬਰ ਤੋਂ ਧੂੜ ਪ੍ਰਦੂਸ਼ਣ ਰੋਕਣ ਲਈ ਮੁਹਿੰਮ ਚਲਾਈ ਜਾ ਰਹੀ ਹੈ ਜੋ ਕਿ 7 ਨਵੰਬਰ ਤੱਕ ਜਾਰੀ ਰਹੇਗੀ। ਇਸ ਮੁਹਿੰਮ ਵਿੱਚ 13 ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਵਿੱਚ ਡੀਡੀਏ, ਐਮਸੀਡੀ, ਡੀਪੀਸੀਸੀ, ਜਲ ਬੋਰਡ, ਡੀਐਸਆਈਆਈਡੀਸੀ, ਡੀਸੀਬੀ, ਦਿੱਲੀ ਮੈਟਰੋ, ਪੀਡਬਲਯੂਡੀ, ਮਾਲ, ਸੀਪੀਡਬਲਯੂਡੀ, ਐਨਡੀਐਮਸੀ ਸਮੇਤ ਹੋਰ ਵਿਭਾਗਾਂ ਦੀਆਂ 591 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਮੰਤਰੀ ਨੇ ਕਿਹਾ ਕਿ ਟੀਮ ਲਗਾਤਾਰ ਉਸਾਰੀ ਵਾਲੀਆਂ ਥਾਵਾਂ ਦਾ ਦੌਰਾ ਕਰ ਰਹੀ ਹੈ। ਇਹ ਟੀਮ ਇਹ ਯਕੀਨੀ ਬਣਾਏਗੀ ਕਿ ਉੱਥੇ ਨਿਰਮਾਣ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਸਾਰੀ ਵਾਲੀਆਂ ਥਾਵਾਂ ‘ਤੇ 14-ਪੁਆਇੰਟ ਨਿਯਮਾਂ ਨੂੰ ਲਾਗੂ ਕਰਨਾ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਜਿਹੜੀਆਂ ਥਾਵਾਂ ’ਤੇ ਧੂੜ ਕੰਟਰੋਲ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਿਰਮਾਣ ਸਥਾਨਾਂ ’ਤੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ‘ਚ ਐੱਨਜੀਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਹੋਰ ਉਲੰਘਣਾਵਾਂ ਹੁੰਦੀਆਂ ਹਨ ਤਾਂ ਉਸਾਰੀ ਵਾਲੀ ਥਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਮੰਤਰੀ ਮੁਤਾਬਕ ਹੁਣ ਤੱਕ 1108 ਉਸਾਰੀ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਜਾ ਚੁੱਕਾ ਹੈ। ਕੁਝ ਉਸਾਰੀ ਵਾਲੀਆਂ ਥਾਵਾਂ ‘ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਕੁੱਲ 21 ਨੋਟਿਸ ਜਾਰੀ ਕੀਤੇ ਗਏ ਹਨ ਅਤੇ 835 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਗੋਪਾਲ ਰਾਏ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਉਸਾਰੀ/ ਢਾਹੁਣ ਦੇ ਕੰਮ ਵਿੱਚ ਕੋਈ ਬੇਨਿਯਮੀ ਪਾਈ ਜਾਂਦੀ ਹੈ, ਤਾਂ ਉਹ ਗ੍ਰੀਨ ਦਿੱਲੀ ਐਪ ’ਤੇ ਇਸ ਦੀ ਸ਼ਿਕਾਇਤ ਕਰਨ।
ਦਿੱਲੀ ’ਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ: ਭਾਜਪਾ
ਨਵੀਂ ਦਿੱਲੀ: ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਿੱਲੀ ’ਚ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀ.ਕੇ. ਮਿਸ਼ਰਾ ਅਤੇ ਦਿੱਲੀ ਦੇ ਉਪ ਰਾਜਪਾਲ ਵਨਿੈ ਕੁਮਾਰ ਸਕਸੈਨਾ ਵੱਲੋਂ ਹਵਾ ਗੁਣਵੱਤਾ ਨੂੰ ਸੁਧਾਰਨ ਲਈ ਕਦਮ ਚੁੱਕਣ ਦਾ ਸੁਆਗਤ ਕੀਤਾ ਹੈ। ਭਾਜਪਾ ਦੇ ਪ੍ਰਧਾਨ ਨੇ ਕਿਹਾ ਹੈ ਕਿ ਅਜਿਹੇ ਸਮੇਂ ਜਦੋਂ ਦਿੱਲੀ ਦੀ ਹਵਾ ਦੀ ਗੁਣਵੱਤਾ ਖਰਾਬ ਹੋਣ ਲੱਗੀ ਹੈ ਤਾਂ ਇਹ ਮੰਦਭਾਗਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਸਿੰਘ ਮਾਨ ਦੇ ਨਾਲ ਹੋਰ ਰਾਜਾਂ ਵਿੱਚ ਪ੍ਰਚਾਰ ਕਰ ਰਹੇ ਹਨ। ਸਚਦੇਵਾ ਨੇ ਆਖਿਆ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਲਈ ਕਾਫ਼ੀ ਹੱਦ ਤੱਕ ਜ਼ਿੰਮੇਵਾਰ ਹੈ, ਜੋ ਦਿੱਲੀ ਦੀ ਹਵਾ ਨੂੰ ਜ਼ਹਿਰੀਲਾ ਕਰ ਦਿੰਦਾ ਹੈ ਤੇ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਦੋਵਾਂ ‘ਤੇ ਆਮ ਆਦਮੀ ਪਾਰਟੀ ਦਾ ਰਾਜ ਹੈ। ਦੋਵੇਂ ਮੁੱਖ ਮੰਤਰੀ ਹਰ ਤੀਜੇ ਦਿਨ ਇਕੱਠੇ ਨਜ਼ਰ ਆਉਂਦੇ ਹਨ ਪਰ ਪਿਛਲੇ ਕੁਝ ਮਹੀਨਿਆਂ ਤੋਂ ਕਿਸੇ ਨੇ ਵੀ ਖੇਤੀਬਾੜੀ ਦੀ ਰਹਿੰਦ-ਖੂੰਹਦ ਦੇ ਮੁੱਦੇ ਦੇ ਹੱਲ ਲਈ ਅਧਿਕਾਰੀਆਂ ਦੀ ਇਕ ਵੀ ਮੀਟਿੰਗ ਨਹੀਂ ਬੁਲਾਈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਸਰਕਾਰ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ ਜਦਕਿ ਉਸ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਠੀਕ ਕਰਨ ਲਈ ਕੋਸ਼ਿਸ਼ਾਂ ਦੀ ਲੋੜ ਹੈ।