ਸਰਕਾਰ ਡਾਕਟਰਾਂ ਦੀ ਸੁਰੱਖਿਆ ਤੇ ਸਹੂਲਤਾਂ ਪ੍ਰਤੀ ਸੁਚੇਤ: ਸੌਰਭ ਭਾਰਦਵਾਜ
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਸਤੰਬਰ
ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਵਿੱਚ ਸਿਖਲਾਈ ਲੈ ਰਹੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਰੈਜ਼ੀਡੈਂਟ ਡਾਕਟਰਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਡਾਕਟਰਾਂ ਨੂੰ ਹਸਪਤਾਲ ਵਿੱਚ ਦਿੱਤੀ ਜਾ ਰਹੀ ਸਿਖਲਾਈ ਦੌਰਾਨ ਸਰਕਾਰੀ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਭਾਰਦਵਾਜ ਨੇ ਰੈਜ਼ੀਡੈਂਟ ਡਾਕਟਰਾਂ ਨੂੰ ਦਿੱਲੀ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਰੈਜ਼ੀਡੈਂਟ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਡਾਕਟਰਾਂ ਦੀ ਸੁਰੱਖਿਆ ਪ੍ਰਤੀ ਬਹੁਤ ਸੁਚੇਤ ਹੈ। ਮੰਤਰੀ ਨੇ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਹੋਰ ਸਮੱਸਿਆਵਾਂ ਨੂੰ ਲੈ ਕੇ ਡਾਕਟਰਾਂ ਨੂੰ ਹਰ ਮਦਦ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਤਾਂ ਉਹ ਉਨ੍ਹਾਂ ਨੂੰ ਮਿਲ ਕੇ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਲਿਖਤੀ ਅਤੇ ਪ੍ਰੈਕਟੀਕਲ ਸਿਖਲਾਈ ਲਈ ਜੋ ਵੀ ਸਮੱਗਰੀ ਦੀ ਲੋੜ ਹੈ, ਉਹ ਜਲਦੀ ਦਿੱਤੀ ਜਾਵੇ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਕਿਹਾ ਕਿ ਜਿੱਥੇ ਵੀ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ ਹਨ, ਉਨ੍ਹਾਂ ਥਾਵਾਂ ਦੀ ਪਛਾਣ ਕਰਕੇ ਲਾਏ ਜਾਣ ਅਤੇ ਖਰਾਬ ਕੈਮਰਿਆਂ ਦੀ ਵੀ ਜਲਦੀ ਤੋਂ ਜਲਦੀ ਮੁਰੰਮਤ ਕੀਤੀ ਜਾਵੇ। ਡਾਕਟਰਾਂ ਦੇ ਡਿਊਟੀ ਰੂਮ ਵਿੱਚ ਉਨ੍ਹਾਂ ਦੇ ਬੈਠਣ ਲਈ ਵਧੀਆ ਕੁਰਸੀ ਅਤੇ ਮੇਜ਼ ਦਾ ਪ੍ਰਬੰਧ ਕੀਤਾ ਜਾਵੇ, ਠੰਢੇ ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇ। ਮੀਟਿੰਗ ਦੌਰਾਨ ਕੁਝ ਰੈਜ਼ੀਡੈਂਟ ਡਾਕਟਰਾਂ ਨੇ ਮੰਤਰੀ ਸੌਰਭ ਭਾਰਦਵਾਜ ਨੂੰ ਹੋਸਟਲ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਬਾਰੇ ਸ਼ਿਕਾਇਤ ਕੀਤੀ।