For the best experience, open
https://m.punjabitribuneonline.com
on your mobile browser.
Advertisement

ਮੰਡੀਆਂ ਨੂੰ ਪੂੰਜੀਪਤੀਆਂ ਹਵਾਲੇ ਕਰ ਰਹੀ ਹੈ ਸਰਕਾਰ: ਸੁਖਬੀਰ

08:51 AM Apr 01, 2024 IST
ਮੰਡੀਆਂ ਨੂੰ ਪੂੰਜੀਪਤੀਆਂ ਹਵਾਲੇ ਕਰ ਰਹੀ ਹੈ ਸਰਕਾਰ  ਸੁਖਬੀਰ
ਸੰਗਰੂਰ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਹੁਣ ਪੰਜਾਬ ਦੀਆਂ ਅਨਾਜ ਮੰਡੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ ਜੋ ਕਿ ਪੰਜਾਬ ਦੇ ਕਿਸਾਨਾਂ ਅਤੇ ਸਮੂਹ ਪੰਜਾਬੀਆਂ ਨਾਲ ਧੋਖਾ ਹੈ। ਸ੍ਰੀ ਬਾਦਲ ਇਥੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਹ ਅੱਜ ਪਾਰਟੀ ਆਗੂ ਗੁਰਬਚਨ ਸਿੰਘ ਬਚੀ ਦੇ ਪਿਤਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ। ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਣਬੁੱਝ ਕੇ ਸੂਬੇ ਵਿਚ ਸਰਕਾਰੀ ਖਰੀਦ ਮੰਡੀਆਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਵਿਚ ਚੱਲ ਰਹੇ ਇਸ ਸਿਸਟਮ ਨੂੰ ਰੋਕਣ ਵਾਸਤੇ ਇਕਜੁੱਟ ਹੋਣਾ ਪਵੇਗਾ ਕਿਉਂਕਿ ਇਸ ਨਾਲ ਤਿੰਨ ਖੇਤੀ ਕਾਨੂੰਨ ਵੇਲੇ ਹੋਈਆਂ ਸ਼ਹਾਦਤਾਂ ਦਾ ਮੁੱਲ ਖ਼ਤਮ ਹੋ ਜਾਵੇਗਾ ਤੇ ਸੂਬੇ ਵਿਚ ਅਨਾਜ ਖਰੀਦ ਮੰਡੀਆਂ ਦਾ ਨਿੱਜੀਕਰਨ ਸ਼ੁਰੂ ਹੋਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਮੌਕੇ ਕਿਸਾਨਾਂ ਨੂੰ 22 ਫਸਲਾਂ ’ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਇਸ ਵਾਅਦੇ ਤੋਂ ਉਹ ਹੁਣ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਅਨਾਜ ਮੰਡੀਆਂ ਅਤੇ ਖਰੀਦ ਸਿਸਟਮ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ, ਜੋ ਕੁਝ ਦਿੱਲੀ ਦੇ ਹੁਕਮਰਾਨ ਆਖ਼ਦੇ ਹਨ, ਇਹ ਉਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ’ਚ ਪੰਜਾਬ ਦਾ ਮੁੱਖ ਮੰਤਰੀ ਅਤੇ ਕਾਂਗਰਸੀ ਇੱਕੋ ਸਟੇਜ ’ਤੇ ਬੈਠੇ ਹਨ ਅਤੇ ਇਹ ਦੋਵੇਂ ਪਾਰਟੀਆਂ ਇਕੱਠੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਦੀ ਲੋੜ ਹੈ। ਇਸ ਮੌਕੇ ਪਾਰਟੀ ਆਗੂ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ, ਵਿਨਰਜੀਤ ਸਿੰਘ ਗੋਲਡੀ, ਪ੍ਰਕਾਸ਼ ਚੰਦ ਗਰਗ, ਗਗਨਜੀਤ ਸਿੰਘ ਬਰਨਾਲਾ, ਤੇਜਿੰਦਰ ਸਿੰਘ ਸੰਘਰੇੜੀ, ਰਾਜਿੰਦਰ ਦੀਪਾ, ਤੇਜਾ ਸਿੰਘ ਕਮਾਲਪੁਰ ਆਦਿ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×