ਵੋਟਰ ਸੂਚੀਆਂ ’ਚ ਗੜਬੜ ਕਰ ਰਹੀ ਹੈ ਸਰਕਾਰ: ਸੋਮ ਪ੍ਰਕਾਸ਼
ਪੱਤਰ ਪ੍ਰੇਰਕ
ਫਗਵਾੜਾ, 2 ਅਕਤੂਬਰ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਦੋਸ਼ ਲਾਇਆ ਕਿ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੋਟਰ ਸੂਚੀਆਂ ਵਿੱਚ ਕਥਿਤ ਹੇਰਾਫੇਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦਾ ਵਫ਼ਦ ਅੱਜ ਮੁੱਖ ਚੋਣ ਕਮਿਸ਼ਨਰ ਪੰਜਾਬ ਨੂੰ ਮਿਲਿਆ। ਵਫ਼ਦ ’ਚ ਸੋਮ ਪ੍ਰਕਾਸ਼ ਤੋਂ ਇਲਾਵਾ ਸਾਬਕਾ ਮੰਤਰੀ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਲੀਗਲ ਸੈੱਲ ਦੇ ਆਗੂ ਐੱਨਕੇ ਵਰਮਾ, ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਵਤਾਰ ਮੰਡ, ਨਰੇਸ਼ ਕੁਮਾਰ, ਗੱਗੀ, ਵਿੱਕੀ ਉੱਚਾ ਪਿੰਡ ਸ਼ਾਮਲ ਸਨ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਮ ਪ੍ਰਕਾਸ਼ ਨੇ ਦੱਸਿਆ ਕਿ ‘ਆਪ’ ਪੰਚਾਇਤੀ ਚੋਣਾਂ ਚੋਣਾਂ ’ਚ ਹਾਰ ਦੇ ਡਰ ਕਾਰਨ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ’ਤੇ ਹੇਰਾਫੇਰੀ ਕਰ ਰਹੀ ਹੈ। ਸਰਕਾਰ ਦੀ ਇਸ ਨਲਾਇਕੀ ਕਾਰਨ ਕਈ ਵਿਧਾਨ ਸਭਾ ਹਲਕਿਆਂ ’ਚ ਹਿੰਸਕ ਝੜਪਾਂ ਵੀ ਹੋਈਆਂ ਹਨ ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਸੂਬੇ ਵਿੱਚ ਪੰਚਾਇਤੀ, ਨਗਰ ਪਾਲਿਕਾ ਤੇ ਨਗਰ ਨਿਗਮ ਦੀਆਂ ਚੋਣਾਂ ਇਸੇ ਕਾਰਨ ਲੰਮੇ ਸਮੇਂ ਤੋਂ ਲਟਕਾਉਂਦੀ ਆ ਰਹੀ ਸੀ ਕਿਉਂਕਿ ਉਨ੍ਹਾਂ ਨੂੰ ਹਾਰ ਦਾ ਡਰ ਸਤਾ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਚਾਇਤੀ ਚੋਣਾਂ ਕਰਵਾਉਣੀਆਂ ਪੈ ਰਹੀਆਂ ਹਨ। ਇਸ ਲਈ ਉਹ ਵੋਟਰ ਸੂਚੀਆਂ ’ਚ ਘਪਲੇਬਾਜ਼ੀ ਕਰ ਕੇ ਪੰਚਾਇਤੀ ਚੋਣਾਂ ਵਿੱਚ ਆਪਣਾ ਕਬਜ਼ਾ ਕਰਨਾ ਚਾਹੁੰਦੀ ਹੈ।