ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਜੀਦਾ ਨਹੀਂ: ਜੀਟੀਯੂ
ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਅਕਤੂਬਰ
ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਅੱਜ ਇਥੇ ਪ੍ਰਧਾਨ ਜਗਜੀਤ ਸਿੰਘ ਮਾਨ ਤੇ ਜਨਰਲ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ ’ਤੇ ਪੰਜਾਬ ਦੇ ਕਰਮਚਾਰੀਆਂ ਨੂੰ ਮਿਲਣ ਵਾਲੀ ਡੀਏ ਦੀ ਕਿਸ਼ਤ ਜਨਵਰੀ 2023 ਤੋਂ ਬਕਾਇਆ ਹੈ ਜੋ ਹੁਣ 15 ਫ਼ੀਸਦ ਤੇ ਪਹੁੰਚ ਚੁੱਕਾ ਹੈ ਪਰ ਸਰਕਾਰ ਵੱਲੋਂ ਹਾਲੇ ਤੱਕ ਇਸ ਸਬੰਧੀ ਕੋਈ ਕਾਰਵਾਹੀ ਨਹੀਂ ਕੀਤੀ ਗਈ। ਇਸ ਕਰਕੇ ਮੁਲਾਜਮਾਂ ਵਿੱਚ ਬੇਹੱਦ ਰੋਸ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਮੁਲਾਜ਼ਮਾਂ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਵੀ ਵਾਅਦਾ ਵਫ਼ਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦਿਵਾਲੀ ਮੌਕੇ ਸਰਕਾਰ ਇਹ ਕਿਸ਼ਤ ਜਾਰੀ ਕਰਕੇ ਮੁਲਾਜ਼ਮਾਂ ਦੇ ਰੋਸ ਨੂੰ ਦੂਰ ਕਰੇ। ਇਸ ਤੋਂ ਇਲਾਵਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਹਿੱਤ ਵੀ ਸੰਜੀਦਾ ਨਹੀਂ ਹੈ ਜਦਕਿ ਇਹ ਇੱਕ ਵੱਡਾ ਵਾਅਦਾ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨਾਲ ਕੀਤਾ ਗਿਆ ਸੀ। ਮੌਜੂਦਾ ਸਰਕਾਰ ਨੂੰ ਵੀ ਲਗਪਗ ਪੌਣੇ ਤਿੰਨ ਸਾਲ ਦਾ ਸਮਾਂ ਬੀਤ ਗਿਆ ਹੈ ਪਰ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ।