ਪੰਜਾਬ ਦਾ ਪਾਣੀ ਬਾਹਰੀ ਸੂਬਿਆਂ ਨੂੰ ਦੇਣ ਲਈ ਗਲ਼ਤ ਰਿਪੋਰਟਾਂ ਤਿਆਰ ਕਰਵਾ ਰਹੀ ਹੈ ਸਰਕਾਰ: ਮਾਨ
ਪੱਤਰ ਪ੍ਰੇਰਕ
ਹੰਢਿਆਇਆ, 10 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਮੰਨ ਕੇ ਪੰਜਾਬ ਸਰਕਾਰ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਨਹਿਰੀ ਮਹਿਕਮੇ ਦੇ ਅਧਿਕਾਰੀਆਂ ਤੋਂ ਗਲਤ ਰਿਪੋਰਟਾਂ ਤਿਆਰ ਕਰਵਾ ਰਹੀ ਹੈ ਅਤੇ ਜੋ ਨਹਿਰੀ ਮਹਿਕਮੇ ਦੇ ਅਧਿਕਾਰੀ ਇਹ ਗਲਤ ਰਿਪੋਰਟਾਂ ਤਿਆਰ ਕਰਨ ਤੋਂ ਗੁਰੇਜ਼ ਕਰ ਰਹੇ ਹਨ, ਉਨ੍ਹਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੀ ਨਿੰਦਣਯੋਗ ਕਾਰਵਾਈ ਕਰ ਕੇ ਪੰਜਾਬ ਨਾਲ ਗੱਦਾਰੀ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਸ੍ਰੀ ਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਹਿਦਾਇਤ ਕੀਤੀ ਹੈ ਕਿ ਨਹਿਰਾਂ ਵਿੱਚ ਜੋ ਪਾਣੀ ਵਗ ਰਿਹਾ ਹੈ, ਉਸ ਨੂੰ 50 ਫੀਸਦੀ ਉੱਚਾ ਦਿਖਾਇਆ ਜਾਵੇ, ਤਾਂ ਜੋ ਦੁਨੀਆਂ ਨੂੰ ਇਹ ਦਿਖਾਇਆ ਜਾ ਸਕੇ ਕਿ ਪੰਜਾਬ ਕੋਲ ਵਾਧੂ ਪਾਣੀ ਹੈ ਅਤੇ ਪੰਜਾਬ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਾਣੀਆਂ ਸੰਬੰਧੀ ਗਲਤ ਰਿਪੋਰਟਾਂ ਤਿਆਰ ਕਰਨ ਲਈ ਨਹਿਰੀ ਮਹਿਕਮੇ ਦੇ ਅਧਿਕਾਰੀਆਂ ਨੂੰ ਸਖ਼ਤ ਹਿਦਾਇਤਾਂ ਕੀਤੀਆਂ ਗਈਆਂ ਹਨ, ਜੋ ਗਲਤ ਰਿਪੋਰਟ ਨਹੀਂ ਬਣਾ ਰਹੇ ਉਨ੍ਹਾਂ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਟਵਾਰੀ ਜਸਕਰਨ ਸਿੰਘ ਬਠਿੰਡਾ ਨੇ ਇਹ ਗਲਤ ਰਿਪੋਰਟ ਨਹੀਂ ਬਣਾਈ, ਜਿਸ ਕਰਕੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਜਿਹੀ ਕਾਰਵਾਈ ਕਰਨਾ ਨਿੰਦਣਯੋਗ ਹੈ।