ਲੋਕ ਸਭਾ ਚੋਣਾਂ ’ਚ ਹਾਰ ਦਾ ਬਦਲਾ ਕਿਸਾਨਾਂ ਤੋਂ ਲੈ ਰਹੀ ਹੈ ਸਰਕਾਰ: ਸਾਂਪਲਾ
ਪਾਲ ਸਿੰਘ ਨੌਲੀ
ਜਲੰਧਰ, 12 ਨਵੰਬਰ
ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਬਠਿੰਡਾ ਦੇ ਰਾਏਕੇ ਕਲਾਂ ਵਿੱਚ ਅਨਾਜ ਮੰਡੀ ਵਿੱਚੋਂ ਝੋਨੇ ਦੀ ਖ਼ਰੀਦ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਵਿੱਚ ਅਪਮਾਨਜਨਕ ਹਾਰ ਦਾ ਬਦਲਾ ਕਿਸਾਨਾਂ ਤੋਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਵੱਲੋਂ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੇਢ ਹਫ਼ਤੇ ਤੋਂ ਮੰਡੀ ਵਿੱਚ ਝੋਨਾ ਨਾ ਵਿਕਣ ਕਾਰਨ ਦੁਖੀ ਹੋ ਕੇ 5 ਨਵੰਬਰ ਨੂੰ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।
ਵਿਜੈ ਸਾਂਪਲਾ ਨੇ ਦੋਸ਼ ਲਾਇਆ ਕਿ ਸੰਗਰੂਰ ਵਿੱਚ ਦੁਖੀ ਪਰਿਵਾਰ ਦੇ ਘਰ ਜਾਣ ਦੀ ਬਜਾਏ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਨਵੇਂ ਚੁਣੇ ਸਰਪੰਚਾਂ ਨਾਲ ਸਮਾਂ ਬਿਤਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਹਾਜ਼ ਰਾਹੀਂ ਲੁਧਿਆਣਾ ਤੋਂ ਸੰਗਰੂਰ ਤੱਕ ਦੀ ਦੂਰੀ ਤੈਅ ਕਰਨ ਵਿੱਚ ਸਿਰਫ਼ 20 ਮਿੰਟ ਲੱਗਦੇ ਹਨ, ਜਿਸ ਦੀ ਵਰਤੋਂ ਕੇਜਰੀਵਾਲ ਨੇ ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਦੀਆਂ ਚੋਣਾਂ ਦੌਰਾਨ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਸ਼ੰਭੂ ਸਰਹੱਦ ’ਤੇ ਕਿਸਾਨ ਸੰਗਠਨ ਅੰਦੋਲਨ ਨੂੰ ਸਪਾਂਸਰ ਕੀਤਾ ਸੀ। ‘ਆਪ’ ਚਾਹੁੰਦੀ ਸੀ ਕਿ ਲੋਕ ਸਭਾ ਚੋਣਾਂ ’ਚ ‘ਆਪ’ ਦੇ 13 ਉਮੀਦਵਾਰਾਂ ਨੂੰ ਜਿਤਾ ਕੇ ਕਿਸਾਨ ਇਸ ਮਦਦ ਦੀ ਅਦਾਇਗੀ ਕਰਨ। ਹੁਣ ਜਦ ‘ਆਪ’ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 10 ’ਤੇ ਹਾਰ ਗਈ ਹੈ ਤੇ ਓਹ ਕਿਸਾਨਾਂ ਨਾਲ ਨਾਰਾਜ਼ ਹੈ। ਲੋਕ ਸਭਾ ਵਿੱਚ ਆਪਣੀ ਹਾਰ ਦਾ ਬਦਲਾ ਲੈਣ ਲਈ ਪਾਰਟੀ ਹੁਣ ਕਿਸਾਨਾਂ ਨੂੰ ਤੰਗ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਤੰਬਰ ਵਿੱਚ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ 44,000 ਕਰੋੜ ਰੁਪਏ ਜਾਰੀ ਕਰਨ ਦੇ ਬਾਵਜੂਦ ਸੂਬਾ ਸਰਕਾਰ ਸਹੀ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫ਼ਲ ਰਹੀ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਵਰਗੇ ਗੁਆਂਢੀ ਰਾਜਾਂ ਵਿੱਚ ਡੀਏਪੀ ਦੀ ਘਾਟ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਦੀ ਘਾਟ ਅਤੇ ਮਾੜੇ ਸ਼ਾਸਨ ਕਾਰਨ ਪੰਜਾਬ ਵਿੱਚ ਖੇਤੀ ਖੇਤਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।