ਹੜ੍ਹ ਨਾਲ ਹੋਏ ਨੁਕਸਾਨ ਦੀ ਸਰਕਾਰ ਕਰੇਗੀ ਭਰਪਾਈ: ਚੌਟਾਲਾ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਅਗਸਤ
ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਸੂਬੇ ’ਚ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਕਰੇਗੀ। ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹ ਆਪਣਾ ਡੇਟਾ ਪੋਰਟਲ ’ਤੇ ਦਰਜ ਕਰਨ। ਪਟਵਾਰੀਆਂ ਦੀ ਇਸ ਸਬੰਧੀ ਡਿਊਟੀਆਂ ਲਾਈਆਂ ਜਾ ਚੁੱਕੀਆਂ ਹਨ। ਜਲਦ ਤੋਂ ਜਲਦ ਨੁਕਸਾਨ ਦਾ ਜਾਇਜ਼ਾ ਲੈ ਕੇ, ਉਸ ਦੀ ਭਰਪਾਈ ਕਰ ਦਿੱਤੀ ਜਾਵੇਗੀ। ਉਹ ਅੱਜ ਇਥੇ ਇੰਡਸਟਰਲ ਏਰੀਆ ’ਚ ਸੀਈਟੀਪੀ ਦਾ ਉਦਘਾਟਨ ਕਰਨ ਮਗਰੋਂ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਨੂਹ ’ਚ ਹੁਣ ਸਥਿਤੀ ਆਮ ਵਾਂਗ ਹੋ ਰਹੀ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ ਹੈ। ਲਗਾਤਾਰ ਸ਼ਾਂਤੀ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਆਪਸੀ ਭਾਈਚਾਰਾ ਬਣਾਉਣ ਦੇ ਲਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਇਸ ਦੇ ਨਾਲ ਨਾਲ ਸੂਬਾ ਸਰਕਾਰ ਵੱਲੋਂ ਬੀਤੇ ਦਿਨੀਂ ਹੋਈ ਫ਼ਿਰਕੂ ਹਿੰਸਾ ਦੀ ਜਾਂਚ ਕਰਵਾਈ ਜਾ ਰਹੀ ਹੈ। ਹਿੰਸਾ ’ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਰਾਜੀਸੀ ਜਾਂ ਧਾਰਮਿਕ ਵਿਅਕਤੀ ਹੀ ਕਿਉਂ ਨਾ ਹੋਵੇ।