ਹੜ੍ਹਾਂ ’ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ ਸਰਕਾਰ: ਜਿੰਪਾ
ਪਾਲ ਸਿੰਘ ਨੌਲੀ
ਜਲੰਧਰ, 26 ਜੁਲਾਈ
ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ। ਉਹ ਅੱਜ ਇੱਥੇ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਏ ਸਨ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹਨ। ਮਾਲ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਅਜੇ ਵੀ ਪਾਣੀ ਖੜ੍ਹਾ ਹੈ, ਉਥੇ ਗਿਰਦਾਵਰੀਆਂ ਫਿਲਹਾਲ ਨਹੀਂ ਹੋ ਸਕਦੀਆਂ ਪਰ ਜਿਹੜੇ ਖੇਤਾਂ ਵਿੱਚੋਂ ਪਾਣੀ ਸੁੱਕ ਗਿਆ ਹੈ ਉੱਥੇ ਜਲਦੀ ਹੀ ਗਿਰਦਾਵਰੀਆਂ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਪਹਿਲ ਰਹੇਗੀ ਤਾਂ ਜੋ ਮੁੜ ਅਜਿਹਾ ਕੋਈ ਵੀ ਦੁਖਾਂਤ ਨਾ ਵਾਪਰੇ। ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਵਿੱਚ ਚਾਰ ਜਣਿਆਂ ਦੀ ਹੜ੍ਹ ਕਾਰਨ ਮੌਤ ਹੋ ਚੁੱਕੀ ਹੈ।
ਕਸ਼ਿਅਪ ਨੌਜਵਾਨ ਧਾਰਮਿਕ ਸਭਾ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਕਰਵਾਏ ਗਏ ਸਾਲਾਨਾ ਸ਼ਰਧਾਂਜਲੀ ਸਮਾਗਮ ਮੌਕੇ ਮਾਲ ਮੰਤਰੀ ਨੇ ਕਿਹਾ ਕਿ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦਾ ਨਾਂ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਰਹੇਗਾ। ਉਨ੍ਹਾਂ ਸਭਾ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ।