ਲਹਿੰਦੇ ਪੰਜਾਬ ’ਚ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਨਕਦ ਰਾਸ਼ੀ ਦੇਵੇਗੀ ਸਰਕਾਰ
ਲਾਹੌਰ, 23 ਅਕਤੂਬਰ
ਲਹਿੰਦੇ ਪੰਜਾਬ ਦੀ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ ਸੂਬੇ ਦੇ ਹਰੇਕ ਸਿੱਖ ਤੇ ਹਿੰਦੂ ਪਰਿਵਾਰ ਨੂੰ 10,000 ਪਾਕਿਸਤਾਨੀ ਰੁਪਏ ਦੇਵੇਗੀ। ਕੁੱਲ 2200 ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ।
ਪਾਕਿਸਤਾਨ ਦੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਿੱਖ ਅਤੇ ਹਿੰਦੂ ਪਰਿਵਾਰ ਨੂੰ ‘ਤਿਉਹਾਰ ਕਾਰਡ’ ਜਾਰੀ ਕਰੇਗੀ, ਜਿਸ ਤਹਿਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਦੀਵਾਲੀ ਮੌਕੇ ਉਨ੍ਹਾਂ ਨੂੰ 10,000 ਪਾਕਿਸਤਾਨੀ ਰੁਪਏ ਦਿੱਤੇ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਗਲੇ ਮਹੀਨੇ ਆਉਣ ਵਾਲੇ ਵਿਦੇਸ਼ੀ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ, ‘‘ਸਾਡੇ ਹਿੰਦੂ ਅਤੇ ਸਿੱਖ ਭਰਾਵਾਂ ਨੂੰ ਤਿਉਹਾਰ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਫੌਰੀ ਸ਼ੁਰੂ ਕੀਤੀ ਜਾਵੇ।’’ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 2200 ਸਿੱਖ ਤੇ ਹਿੰਦੂ ਪਰਿਵਾਰਾਂ ਲਈ ‘ਤਿਉਹਾਰ ਕਾਰਡ’ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਾਲ ਤੋਂ ਇਨ੍ਹਾਂ 2200 ਪਰਿਵਾਰਾਂ ਨੂੰ ਹਰੇਕ ਸਾਲ ਤਿਉਹਾਰ ਕਾਰਡ ਤਹਿਤ ਇਹ ਰਾਸ਼ੀ ਦਿੱਤੀ ਜਾਵੇਗੀ। ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ 14 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ਦੀ ਸੰਭਾਵਨਾ ਹੈ। -ਪੀਟੀਆਈ