For the best experience, open
https://m.punjabitribuneonline.com
on your mobile browser.
Advertisement

ਔਰਤਾਂ ਨੂੰ ਵੱਧ ਅਧਿਕਾਰ ਦੇਣ ਦੇ ਉਪਰਾਲੇ ਕਰੇਗੀ ਸਰਕਾਰ: ਭਗਵੰਤ ਮਾਨ

06:34 AM Aug 20, 2024 IST
ਔਰਤਾਂ ਨੂੰ ਵੱਧ ਅਧਿਕਾਰ ਦੇਣ ਦੇ ਉਪਰਾਲੇ ਕਰੇਗੀ ਸਰਕਾਰ  ਭਗਵੰਤ ਮਾਨ
ਬਾਬਾ ਬਕਾਲਾ ’ਚ ਰੱਖੜ ਪੁੰਨਿਆ ਮੇਲੇ ’ਤੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਵਿਸ਼ਾਲ ਕੁਮਾਰ
Advertisement

* ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ’ਚ ਵਿਰੋਧੀ ਧਿਰਾਂ ’ਤੇ ਨਿਸ਼ਾਨੇ ਸੇਧੇ

Advertisement

ਦਵਿੰਦਰ ਸਿੰਘ ਭੰਗੂ
ਰਈਆ, 19 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮੇਲਾ ਰੱਖੜ ਪੁੰਨਿਆ ’ਤੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮਹਿਲਾ ਸੀਨੀਅਰ ਪੁਲੀਸ ਕਪਤਾਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਹਨ ਜਿਸ ਨਾਲ ਇਹ ਸਰਕਾਰ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਵੱਡੀ ਗਿਣਤੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਾਬਰੀ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ। ਲੜਕੀਆਂ ਪਹਿਲੀ ਵਾਰ ਅੱਗ ਬੁਝਾਊ ਅਮਲੇ ਵਿੱਚ ਭਰਤੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਅਜਿਹਾ ਕਦਮ ਚੁੱਕਣ ਵਾਲਾ ਪਹਿਲਾ ਸੂਬਾ ਹੋਵੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਲੰਮਾ ਸਮਾਂ ਭਗਤੀ ਕੀਤੀ। ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਇਹ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ’ਤੇ ਵੋਟਾਂ ਲੈ ਕੇ ਸੱਤਾ ਦਾ ਸੁੱਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ’ਤੇ ਮੂਕ ਦਰਸ਼ਕ ਹੀ ਬਣੇ ਰਹੇ ਹਨ। ਕੇਂਦਰ ਦੀ ਭਾਜਪਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮ ਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਂਦੀ ਜਾਗਦੀ ਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵਾਲੇ ਉਨ੍ਹਾਂ ਨੂੰ ਅਮਨ-ਕਾਨੂੰਨ ਦੀਆਂ ਨਸੀਹਤਾਂ ਦਿੰਦੇ ਹਨ ਪਰ ਉਹ ਇਹ ਗੱਲ ਬੜੇ ਮਾਣ ਨਾਲ ਕਹਿ ਸਕਦੇ ਹਨ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਤਿਉਹਾਰ ਸਾਂਝੇ ਤੌਰ ਉਤੇ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ਲਾਪਤਾ ਹੀ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 880 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44700 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ। ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਪਗ 1200 ਤੋਂ ਵੱਧ ਕੀਮਤੀ ਜਾਨਾਂ ਬਚਾਅ ਚੁੱਕੀ ਹੈ।
ਕੇਂਦਰ ਵੱਲੋਂ ਰੋਕੇ ਗਏ ਫੰਡਾਂ ਉਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ। ਉਨ੍ਹਾਂ ਕਿਹਾ ਕਿ ਉਹ ਜੀਐਸਟੀ ਇਕੱਠਾ ਕਰਕੇ ਕੇਂਦਰ ਕੋਲ ਜਮ੍ਹਾਂ ਕਰਵਾਉਂਦੇ ਰਹੇ ਹਨ। ਇਸ ਕਰ ਕੇ ਹੀ ਕੇਂਦਰ ਕੋਲੋਂ ਆਪਣਾ ਹਿੱਸਾ ਮੰਗਦੇ ਹਨ ਤੇ ਕੇਂਦਰ ਉਨ੍ਹਾਂ ’ਤੇ ਕੋਈ ਅਹਿਸਾਨ ਨਹੀਂ ਕਰਦਾ।

Advertisement

‘ਵਾਰਿਸ ਪੰਜਾਬ ਦੇ’ ਵੱਲੋਂ ਪੰਥਕ ਇਕੱਠ

ਬਾਬਾ ਬਕਾਲਾ ’ਚ ਰੈਲੀ ਮੌਕੇ ਸੰਗਤ ਨਾਲ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ। -ਫੋਟੋ: ਵਿਸ਼ਾਲ ਕੁਮਾਰ

ਰਈਆ:

ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੀ ‘ਵਾਰਸ ਪੰਜਾਬ ਦੇ’ ਪਾਰਟੀ ਵੱਲੋਂ ਅੱਜ ਇੱਥੇ ਅਕਾਲੀ ਬਿਸ਼ਨ ਸਿੰਘ ਫਾਰਮ ਵਿੱਚ ਰੱਖੜ ਪੁੰਨਿਆ ਮੌਕੇ ਪੰਥਕ ਇਕੱਠ ਕੀਤਾ ਗਿਆ, ਜਿਸ ਵਿੱਚ ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਕਾਨਫਰੰਸਾਂ ਨਾਲੋਂ ਵੱਧ ਲੋਕ ਪੁੱਜੇ। ਇਸ ਕਾਨਫਰੰਸ ਨੂੰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਮਲੋਆ, ਫ਼ਰੀਦਕੋਟ ਦੇ ਸੰਸਦ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਚਮਕੌਰ ਸਿੰਘ ਧੁੰਨ, ਭਾਈ ਜੁਝਾਰ ਸਿੰਘ, ਸੱਥ ਜਥੇਬੰਦੀ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਭਾਈ ਦਲਜੀਤ ਸਿੰਘ ਸਣੇ ਹੋਰਾਂ ਨੇ ਸੰਬੋਧਨ ਕੀਤਾ। ਕਾਨਫਰੰਸ ਦੌਰਾਨ ਪੰਥਕ ਕਹਾਉਂਦੇ ਆਗੂ ਗ਼ੈਰ-ਹਾਜ਼ਰ ਰਹੇ ਕਿਉਂਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਸੱਦਾ ਨਹੀਂ ਦਿੱਤਾ ਸੀ। ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਹਾਜ਼ਰ ਹੋਏ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਡਿਬਰੂਗੜ੍ਹ ਜੇਲ੍ਹ ਤੋਂ ਸਿੱਖ ਕੌਮ ਦੇ ਨਾਮ ਸੁਨੇਹਾ ਪੜ੍ਹ ਕੇ ਸੁਣਾਇਆ ਗਿਆ ਅਤੇ ਕਾਨਫਰੰਸ ਦੌਰਾਨ ਸੱਤ ਮਤੇ ਪਾਸ ਕੀਤੇ ਗਏ। ਬੁਲਾਰਿਆਂ ਨੇ ਅਕਾਲੀ ਦਲ ਨੂੰ ਮੁੜ ਖੜ੍ਹਾ ਕਰਨ, ਇਤਿਹਾਸ ਤੋਂ ਸੇਧ ਲੈ ਕੇ ਪਿੰਡ ਪੱਧਰ ’ਤੇ ਅਕਾਲੀ ਜਥੇ ਬਣਾਉਣ ਦਾ ਸੱਦਾ ਦਿੱਤਾ। ਕਾਨਫਰੰਸ ਦੌਰਾਨ ਪ੍ਰਬੰਧਾਂ ਦੀ ਘਾਟ ਕਾਰਨ ਲੋਕ ਆਪ-ਮੁਹਾਰੇ ਚੱਲ ਰਹੇ ਸਨ।

Advertisement
Tags :
Author Image

joginder kumar

View all posts

Advertisement