For the best experience, open
https://m.punjabitribuneonline.com
on your mobile browser.
Advertisement

ਸੁਤੰਤਰਤਾ ਦਿਵਸ ’ਤੇ 76 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰੇਗੀ ਸਰਕਾਰ

06:49 AM Aug 13, 2023 IST
ਸੁਤੰਤਰਤਾ ਦਿਵਸ ’ਤੇ 76 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰੇਗੀ ਸਰਕਾਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 12 ਅਗਸਤ
ਪੰਜਾਬ ਸਰਕਾਰ ਵੱਲੋਂ ਰਾਜ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ 76ਵੇਂ ਸੁਤੰਤਰਤਾ ਦਿਵਸ ’ਤੇ ਸੂਬੇ ’ਚ 76 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ’ਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਇਕ ਸਾਲ ਵਿੱਚ ਪੰਜਾਬ ਦੇ 44 ਲੱਖ ਤੋਂ ਵੱਧ ਮਰੀਜ਼ਾਂ ਨੇ ਲਾਭ ਲਿਆ ਹੈ, ਜਦਕਿ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ’ਚ ਮਰੀਜ਼ਾਂ ਲਈ 80 ਤਰ੍ਹਾਂ ਦੀਆਂ ਦਵਾਈਆਂ ਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰੇਕ ਕਲੀਨਿਕ ’ਚ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਤੇ ਦਰਜਾ ਚਾਰ ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈ.ਟੀ. ਆਧਾਰਿਤ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਤੇ ਸਬ-ਡਵੀਜ਼ਨਲ ਹਸਪਤਾਲਾਂ ’ਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ, ਜਦਕਿ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀ.ਜੀ. ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫ਼ਸਰ ਵਜੋਂ ਭਰਤੀ ਕੀਤਾ ਹੈ। ਇਸ ਤਰ੍ਹਾਂ ਸੂਬੇ ਦੀ ਸੈਕੰਡਰੀ ਸਿਹਤ ਸੰਸਥਾਵਾਂ ’ਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ’ਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ’ਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ। ਸੂਬੇ ਦੇ 40 ਹਸਪਤਾਲਾਂ ਤੇ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

Advertisement

ਮੁੱਖ ਮੰਤਰੀ ਪਿੰਡ ਰਾਜੋਮਾਜਰਾ ਤੋਂ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 76 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ 14 ਅਗਸਤ 2023 ਨੂੰ ਆਪਣੇ ਜ਼ਿਲ੍ਹੇ ਸੰਗਰੂਰ ਦੇ ਧੂਰੀ ਦੇ ਪਿੰਡ ਰਾਜੋਮਾਜਰਾ ਤੋਂ ਕਰਨਗੇ। ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਹਨ ਜਦਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ।

Advertisement

‘ਸੀਐਮ ਦੀ ਯੋਗਸ਼ਾਲਾ’ ਦੀ ਗਿਣਤੀ ਇਕ ਹਜ਼ਾਰ ਹੋਵੇਗੀ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਅਧੀਨ ਯੋਗ ਕੈਂਪਾਂ ਦੀ ਗਿਣਤੀ ਵਧਾ ਕੇ ਇਕ ਹਜ਼ਾਰ ਕੀਤੀ ਜਾ ਰਹੀ ਹੈ। ਇਸ ਨਾਲ ਸੂਬੇ ’ਚ 25 ਹਜ਼ਾਰ ਤੋਂ ਵੱਧ ਲੋਕ ਰੋਜ਼ਾਨਾ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ’ਚ ਰੋਜ਼ਾਨਾ 281 ਯੋਗ ਕੈਂਪਾਂ ਲਗਾਏ ਜਾ ਰਹੇ ਹਨ, ਜਿਸ ਵਿੱਚ 7000 ਤੋਂ ਵੱਧ ਲੋਕ ਲਾਭ ਲੈ ਰਹੇ ਹਨ।

Advertisement
Author Image

sukhwinder singh

View all posts

Advertisement