For the best experience, open
https://m.punjabitribuneonline.com
on your mobile browser.
Advertisement

ਰਾਜਪਾਲ ਅਤੇ ਮੁੱਖ ਮੰਤਰੀ ਹਰਿਮੰਦਰ ਸਾਹਿਬ ’ਚ ਨਤਮਸਤਕ

06:44 AM Sep 01, 2024 IST
ਰਾਜਪਾਲ ਅਤੇ ਮੁੱਖ ਮੰਤਰੀ ਹਰਿਮੰਦਰ ਸਾਹਿਬ ’ਚ ਨਤਮਸਤਕ
ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਦੇ ਹੋਏ। -ਫੋਟੋ: ਪੀਟੀਆਈ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਅਗਸਤ
ਸੂਬੇ ਦੇ ਨਵ-ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਰਾਜਪਾਲ ਤੇ ਮੁੱਖ ਮੰਤਰੀ ਦੋਵਾਂ ਦੇ ਪਰਿਵਾਰ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕੀਤੀ ਅਤੇ ਗੁਰੂ ਘਰ ਵਿੱਚ ਮੱਥਾ ਟੇਕਿਆ। ਮਗਰੋਂ ਅਕਾਲ ਤਖ਼ਤ ਵਿਖੇ ਵੀ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੇ ਮਾਮਲੇ ’ਚ ਰਾਜਪਾਲ ਨਾਲ ਗੱਲਬਾਤ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ। ਰਾਜਪਾਲ ਅਤੇ ਮੁੱਖ ਮੰਤਰੀ ਦੋਵਾਂ ਨੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਦੇ ਜੀਵਨ ਅਤੇ ਫਲਸਫੇ ਨੇ ਯੁਗਾਂ ਤੋਂ ਮਨੁੱਖਤਾ ਨੂੰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਵੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਆਪਣਾ ਫ਼ਰਜ਼ ਬਾਖੂਬੀ ਨਿਭਾਉਣ ਲਈ ਉਨ੍ਹਾਂ ਨੂੰ ਬਲ ਬਖਸ਼ਣ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਉਨ੍ਹਾਂ ਦੇ ਵਿਆਪਕ ਪ੍ਰਸ਼ਾਸਕੀ ਤਜਰਬੇ ਤੋਂ ਬਹੁਤ ਲਾਭ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦੋਵੇਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕਰਨਗੇ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਰਾਜਪਾਲ ਨਾਲ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਮਸਲੇ ਬਾਰੇ ਮੁਲਾਕਾਤ ਦਾ ਸਮਾਂ ਮੰਗਿਆ।

ਬੰਦੀ ਸਿੱਖਾਂ ਦੇ ਪਰਿਵਾਰਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੁਝ ਬੰਦੀ ਸਿੱਖਾਂ ਦੇ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਵੀ ਯਤਨ ਕੀਤਾ ਗਿਆ ਪਰ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਦੂਰ ਕਰ ਦਿੱਤਾ। ਇਸ ਦੌਰਾਨ ਔਰਤ ਨੂੰ ਸੁਰੱਖਿਆ ਕਰਮੀਆਂ ਨੇ ਘੇਰਾ ਬਣਾ ਕੇ ਮੁੱਖ ਮੰਤਰੀ ਤੋਂ ਦੂਰ ਰੱਖਣ ਦਾ ਯਤਨ ਵੀ ਕੀਤਾ। ਇਹ ਪਰਿਵਾਰ ਅੰਮ੍ਰਿਤਪਾਲ ਸਿੰਘ ਨਾਲ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨਾਲ ਸਬੰਧਤ ਸਨ।

Advertisement

Advertisement
Author Image

sukhwinder singh

View all posts

Advertisement