ਉੱਤਰਾਖੰਡ ਦੇ ਰਾਜਪਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਹੋਏ ਨਤਮਸਤਕ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਕਤੂਬਰ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਅੱਜ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) ਨੇ ਗੁਰੂ ਘਰ ਵਿੱਚ ਮੱਥਾ ਟੇਕਿਆ। ਗੁਰਦੁਆਰੇ ਪੁੱਜਣ ’ਤੇ ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਰਾਜਪਾਲ ਨੂੰ ਜੀ ਆਇਆਂ ਆਖਿਆ।
ਇਸ ਮੌਕੇ ਰਾਜਪਾਲ ਨੇ ਕਿਹਾ ਕਿ ਅੱਜ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਸ਼ਾਂਤੀ ਮਿਲੀ ਹੈ। ਵਾਪਸੀ ਵੇਲੇ ਉਨ੍ਹਾਂ ਗੁਰਦੁਆਰਾ ਗੋਬਿੰਦ ਧਾਮ ਵਿਖੇ ਵੀ ਮੱਥਾ ਟੇਕਿਆ ਅਤੇ ਸੂਬੇ ਤੇ ਸੂਬਾ ਵਾਸੀਆਂ ਦੀ ਸੁੱਖ ਸ਼ਾਂਤੀ ਅਤੇ ਤਰੱਕੀ ਦੀ ਅਰਦਾਸ ਕੀਤੀ। ਰਾਜਪਾਲ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਕੀਤੇ ਗਏ ਪ੍ਰਬੰਧ, ਪੈਦਲ ਮਾਰਗ ਅਤੇ ਹੈਲੀਪੈਡ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਲਦੀ ਹੀ ਇੱਥੇ ਰੋਪਵੇਅ ਮਾਰਗ ਬਣਨ ਤੋਂ ਬਾਅਦ ਇਹ ਯਾਤਰਾ ਸ਼ਰਧਾਲੂਆਂ ਲਈ ਹੋਰ ਵੀ ਸੁਖਾਲੀ ਹੋ ਜਾਵੇਗੀ। ਰਾਜਪਾਲ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਕੇਦਾਰਨਾਥ ਲਈ ਰੋਪਵੇਅ ਨਿਰਮਾਣ ਦੀ ਯੋਜਨਾ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਗੁਰਦੁਆਰਾ ਮੈਨੇਜਰ ਭਾਈ ਸੇਵਾ ਸਿੰਘ, ਪੁਲੀਸ ਅਧਿਕਾਰੀ ਸਰਵੇਸ਼ ਪਵਾਰ, ਜ਼ਿਲ੍ਹਾ ਅਧਿਕਾਰੀ ਨੰਦਨ ਕੁਮਾਰ, ਚੰਦਰਸ਼ੇਖਰ ਹਾਜ਼ਰ ਸਨ।
ਅੱਜ ਗੁਰਦੁਆਰੇ ਦੇ ਕਿਵਾੜ ਕਰ ਦਿੱਤੇ ਜਾਣਗੇ ਬੰਦ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿੱਚ ਅੱਜ ਦੁਪਹਿਰ ਦੀ ਅਰਦਾਸ ਮਗਰੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸ਼ੀਤ ਕਾਲ ਲਈ ਸੁਖ ਆਸਣ ਅਸਥਾਨ ’ਤੇ ਲਿਜਾਇਆ ਜਾਵੇਗਾ ਅਤੇ ਗੁਰਦੁਆਰੇ ਦੇ ਕਿਵਾੜ ਸ਼ੀਤ ਕਾਲ ਲਈ ਬੰਦ ਕਰ ਦਿੱਤੇ ਜਾਣਗੇ।
ਬ੍ਰਿਟਿਸ਼ ਹਾਈ ਕਮਿਸ਼ਨਰ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ: ਭਾਰਤ ਵਿੱਚ ਬਰਤਾਨੀਆ ਦੀ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਕੀਰਤਨ ਸਰਵਣ ਕੀਤਾ। ਉਨ੍ਹਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਲੰਗਰ ਦੀ ਸੇਵਾ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਤ ਕੀਤਾ। ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਯਾਤਰੂ ਪੁਸਤਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਜ਼ਿਕਰ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ ਜਿੱਥੇ ਅੱਜ ਲੱਖਾਂ ਸ਼ਰਧਾਲੂਆਂ ਵਿੱਚੋਂ ਇੱਕ ਉਨ੍ਹਾਂ ਨੂੰ ਵੀ ਨਤਮਸਤਕ ਹੋਣ ਦਾ ਮਾਣ ਮਹਿਸੂਸ ਹੋਇਆ। ਇਹ ਬੰਦਗੀ ਦਾ ਸ਼ਾਂਤਮਈ ਅਤੇ ਮਨਮੋਹਿਕ ਅਸਥਾਨ ਹੈ। ਉਨ੍ਹਾਂ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।