ਸਿਹਤ ਵਿਭਾਗ ਨੇ ਪਿੰਡਾਂ ਵਿੱਚ ਡੇਂਗੂ ਵਿਰੋਧੀ ਮੁਹਿੰਮ ਆਰੰਭੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 29 ਜੁਲਾਈ
ਮੁਹਾਲੀ ਨਗਰ ਨਿਗਮ ਦੇ ਪਿੰਡ ਕੁੰਭੜਾ ਵਿੱਚ ਪੇਚਸ਼ ’ਤੇ ਕਾਬੂ ਪਾਉਣ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਨੇ ਹੁਣ ਡੇਂਗੂ ਅਤੇ ਮਲੇਰੀਆ ਦੇ ਖ਼ਾਤਮੇ ਲਈ ਕਮਰਕੱਸੇ ਕਰ ਲਏ ਹਨ। ਇਸੇ ਤਹਿਤ ਅੱਜ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਐੱਸਐੱਮਓ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਦਾਰਾ ਸਟੂਡੀਓ ਦੇ ਪਿੱਛੇ ਜੁਝਾਰ ਨਗਰ ਸਣੇ ਪਿੰਡ ਤਿਊੜ ਅਤੇ ਸੁਹਾਲੀ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡ ਵਾਸੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਸਿਹਤ ਵਿਭਾਗ ਦੀ ਟੀਮ ਨੇ ਉਕਤ ਪਿੰਡਾਂ ਵਿੱਚ ਵੱਖ-ਵੱਖ ਘਰਾਂ ਦਾ ਸਰਵੇਖਣ ਕਰ ਕੇ ਉਨ੍ਹਾਂ ਸਾਰੀਆਂ ਥਾਵਾਂ ਦੀ ਜਾਂਚ ਕੀਤੀ ਜਿੱਥੇ ਡੇਂਗੂ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਐੱਸਐੱਮਓ ਨੇ ਪਿੰਡ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਜੇਕਰ ਕਿਸੇ ਕਾਰਨ ਡੇਂਗੂ ਬੁਖਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਜਾਵੇ, ਜਿੱਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਤਰਲ ਪਦਾਰਥਾਂ ਜਿਵੇਂ ਕਿ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਦਾ ਵੱਧ ਤੋਂ ਵੱਧ ਸੇਵਨ ਅਤੇ ਆਰਾਮ ਕਰਨਾ ਚਾਹੀਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਿਰਨਜੀਤ ਕੌਰ, ਗੁਰਮੀਤ ਕੌਰ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।