ਸਿਹਤ ਮੰਤਰੀ ਵੱਲੋਂ ਪਿੰਡ ਰੌਂਗਲਾ ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ
07:27 AM Jul 09, 2023 IST
ਖੇਤਰੀ ਪ੍ਰਤੀਨਿਧ
ਪਟਿਆਲਾ, 8 ਜੁਲਾਈ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਨਸ਼ਿਆਂ ਵਿਰੁੱਧ ਜੰਗ ਦਾ ਆਗ਼ਾਜ਼ ਕੀਤਾ ਹੈ। ਪੰਜਾਬ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਨੂੰ ‘ਨਸ਼ਾ ਮੁਕਤ, ਸਿਹਤਮੰਦ ਤੇ ਰੰਗਲਾ ਪੰਜਾਬ’ ਜ਼ਰੂਰ ਬਣਾਵੇਗੀ। ਇਸ ਮੌਕੇ ਡਾ. ਬਲਬੀਰ ਡੀਸੀ ਸਾਕਸ਼ੀ ਸਾਹਨੀ ਤੇ ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੂੰ ਨਾਲ ਲੈ ਕੇ ਪਿੰਡ ਰੌਂਗਲਾ ਦੇ ਸਕੂਲ ਪਹੁੰਚੇ ਤੇ ਐਲਾਨ ਕੀਤਾ ਕਿ ਪਿੰਡ ਨੂੰ ਨਸ਼ਾ ਮੁਕਤ ਕਰਕੇ ਮਿਸਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਦਾ ਵਿਗਿਆਨਕ ਤਰੀਕੇ ਨਾਲ ਪੁਨਰ ਵਸੇਬਾ ਕਰਵਾਇਆ ਜਾਵੇਗਾ ਤੇ ਉਨ੍ਹਾਂ ਦੇ ਇਲਾਜ ਦਾ ਖਰਚਾ ਸਰਕਾਰ ਚੁੱਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਪੰਜਾਬ ਹੁਨਰ ਵਿਕਾਸ ਮੁਹਿੰਮ’ ਤਹਿਤ ਅਜਿਹੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਪੈਰਾ ਸਿਰ ਵੀ ਕੀਤਾ ਜਾਵੇਗਾ।
Advertisement
Advertisement