Punjab News Update: ਡੇਰਾ ਮੁਖੀ ਖ਼ਿਲਾਫ਼ ਬੇਅਦਬੀ ਮਾਮਲੇ ਦੀ ਸੁਣਵਾਈ ਸ਼ੁਰੂ
ਚੰਡੀਗੜ੍ਹ, 28 ਨਵੰਬਰ
ਛੇ ਮਹੀਨੇ ਤੋਂ ਵੱਧ ਸਮੇਂ ਬਾਅਦ ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਸੁਣਵਾਈ ਅੱਜ ਇੱਥੇ ਅਦਾਲਤ ’ਚ ਸ਼ੁਰੂ ਹੋਈ। 18 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਕੱਦਮੇ ’ਤੇ ਲਾਈ ਰੋਕ ਹਟਾਏ ਜਾਣ ਮਗਰੋਂ ਇਹ ਸੁਣਵਾਈ ਮੁੜ ਸ਼ੁਰੂ ਹੋਈ ਹੈ।
ਅੱਜ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਇਸੇ ਵਿਚਾਲੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਤਾਵੇਜ਼ ਮੁਹੱਈਆ ਕਰਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ।
ਮਾਰਚ ਮਹੀਨੇ ਪੰਜਾਬ ਸਰਕਾਰ ਨੇ ਮੁਕੱਦਮੇ ’ਤੇ ਹਾਈ ਕੋਰਟ ਵੱਲੋਂ ਲਾਈ ਰੋਕ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। 2015 ’ਚ ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਕੇਸਾਂ ’ਚ ਰਾਮ ਰਹੀਮ ਅਤੇ ਹੋਰ ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਫਰਵਰੀ 2023 ’ਚ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।
ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਨੇ ਮੁਕੱਦਮਾ ਪੰਜਾਬ ਤੋਂ ਬਾਹਰ ਕਿਸੇ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੋਟਕਪੂਰਾ ’ਚ ਇੱਕ ਮੁਲਜ਼ਮ ਦੀ ਉਸ ਦੀ ਦੁਕਾਨ ਅੰਦਰ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਮਗਰੋਂ ਕੇਸ ਤਬਦੀਲ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ।