ਢਿੱਲੋਂ ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ ’ਤੇ ਹਾਈ ਕੋਰਟ ਨੇ ਰਿਪੋਰਟ ਮੰਗੀ
ਹਤਿੰਦਰ ਮਹਿਤਾ
ਜਲੰਧਰ, 14 ਸਤੰਬਰ
ਇਥੋਂ ਦੇ ਬਹੁਚਰਚਿਤ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਖ਼ੁਦਕੁਸ਼ੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਮੰਗਿਆ ਹੈ। ਪਟੀਸ਼ਨਰ ਨੇ ਅਦਾਲਤ ’ਚ ਐੱਸਆਈਟੀ ਦੀ ਜਾਂਚ ’ਤੇ ਸਵਾਲ ਉਠਾਏ ਸਨ, ਜਿਸ ’ਤੇ ਅਦਾਲਤ ਨੇ ਮਾਮਲੇ ਦੀ ਸਮੁੱਚੀ ਜਾਂਚ ਨੂੰ ਸਮਾਂਬੱਧ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਜਾਂਚ ਕਰ ਰਹੀ ਐੱਸਆਈਟੀ ਨੂੰ 31 ਦਸੰਬਰ ਤੱਕ ਪੂਰੀ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ 16 ਅਗਸਤ, 2021 ਦਾ ਹੈ।
ਥਾਣਾ ਡਿਵੀਜ਼ਨ ਨੰਬਰ ਇੱਕ ਵਿੱਚ ਪਰਿਵਾਰਕ ਝਗੜੇ ਨੂੰ ਲੈ ਕੇ ਦੋ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਮਾਨਵਜੀਤ ਅਤੇ ਜਸ਼ਨਬੀਰ ਲੜਕੀ ਪਰਮਿੰਦਰ ਕੌਰ ਦੇ ਮਾਮਲੇ ਵਿੱਚ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਸਮੇਂ ਬਾਅਦ ਪੁਲੀਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੀਆਂ ਚੀਕਾਂ ਸੁਣਾਈ ਦੇਣ ਲੱਗੀਆਂ, ਜਦੋਂ ਪਰਿਵਾਰ ਦੇ ਮੈਂਬਰ ਅੰਦਰ ਗਏ ਤਾਂ ਦੇਖਿਆ ਕਿ ਉਸ ਦੀ ਕੁੱਟਮਾਰ ਕਰਨ ਦੇ ਨਾਲ ਪੱਗ ਦੀ ਵੀ ਬੇਅਦਬੀ ਕੀਤੀ ਗਈ ਸੀ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਾਨਵਜੀਤ ਨੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨਾਲ ਦੁਰਵਿਹਾਰ ਕੀਤਾ ਸੀ। ਪੁਲੀਸ ਨੇ ਜਗਜੀਤ ਕੌਰ ਦੀ ਸ਼ਿਕਾਇਤ ’ਤੇ ਮਾਨਵਜੀਤ ਖ਼ਿਲਾਫ਼ ਹੰਗਾਮਾ ਕਰਨ ਦਾ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ, ਜਿਸ ਤੋਂ ਬਾਅਦ ਦੋਵਾਂ ਭਰਾਵਾਂ ਨੇ ਥਾਣੇ ਵਿਚ ਹੋਏ ਅਪਮਾਨ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਅਦਾਲਤ ਨੇ ਪੂਰੀ ਰਿਪੋਰਟ ਦੇਣ ਲਈ ਕਿਹਾ ਹੈ।