ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਸੁਣਵਾਈ ਕਰੇਗਾ ਹਾਈ ਕੋਰਟ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ’ਚ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ 2 ਜੁਲਾਈ ਨੂੰ ਸੁਣਵਾਈ ਕਰੇਗਾ। ਇਹ ਪਟੀਸ਼ਨ ਅੱਜ ਦਾਇਰ ਕੀਤੀ ਗਈ ਹੈ ਅਤੇ ਇਸ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਹੇਠਲੀ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ ਜਿਸ ਤਹਿਤ ਉਨ੍ਹਾਂ ਨੂੰ ਸੀਬੀਆਈ ਦੀ ਤਿੰਨ ਦਿਨ ਦੀ ਹਿਰਾਸਤ ’ਚ ਭੇਜਿਆ ਗਿਆ ਸੀ। ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ 29 ਜੁਲਾਈ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਸੀ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਉੱਥੇ ਨਿਆਂਇਕ ਹਿਰਾਸਤ ਵਿੱਚ ਸਨ। ਸੀਬੀਆਈ ਨੇ ਹੇਠਲੀ ਅਦਾਲਤ ’ਚ ਦਾਅਵਾ ਕੀਤਾ ਸੀ ਕਿ ‘ਆਪ’ ਮੁਖੀ ਨੇ ਜਾਂਚ ’ਚ ਸਹਿਯੋਗ ਨਹੀਂ ਕੀਤਾ ਅਤੇ ਜਾਣ-ਬੁੱਝ ਕੇ ਟਾਲ-ਮਟੋਲ ਵਾਲੇ ਜਵਾਬ ਦਿੱਤੇ। -ਪੀਟੀਆਈ