For the best experience, open
https://m.punjabitribuneonline.com
on your mobile browser.
Advertisement

ਅਕਾਲ ਤਖਤ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੜਿੱਕਾ ਬਰਕਰਾਰ

08:14 PM May 29, 2025 IST
ਅਕਾਲ ਤਖਤ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੜਿੱਕਾ ਬਰਕਰਾਰ
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29  ਮਈ 
ਸ੍ਰੀ ਅਕਾਲ ਤਖਤ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਪੈਦਾ ਹੋਏ ਮਤਭੇਦ ਫਿਲਹਾਲ ਬਰਕਰਾਰ ਹਨ। ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫਦ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਵਿਚਾਲੇ ਪਟਨਾ ਸਾਹਿਬ ਵਿਖੇ ਮੀਟਿੰਗ ਹੋਈ ਹੈ। ਇਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਕੀਤੇ ਗਏ ਆਦੇਸ਼ ’ਤੇ ਮੁੜ ਵਿਚਾਰ ਕਰਨ ਦੀ ਗੱਲ ਰੱਖੀ ਹੈ।
ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਦੋਵਾਂ ਪ੍ਰਬੰਧਕ ਕਮੇਟੀਆਂ ਦੇ ਪ੍ਰਤੀਨਿਧਾਂ ਵਿਚਾਲੇ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਆਪਣਾ ਪੱਖ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧ ਵਫਦ ਦੇ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਸਮੇਂ ਦੂਜੀ ਧਿਰ ਦਾ ਪੱਖ ਵੀ ਜਾਨਣਾ ਚਾਹੀਦਾ ਸੀ। ਉਨ੍ਹਾਂ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਕੀਤੇ ਗਏ ਆਦੇਸ਼ ’ਤੇ ਮੁੜ ਵਿਚਾਰ ਹੋਣਾ ਚਾਹੀਦਾ ਹੈ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਵਫਦ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਵੱਲੋਂ ਹੋਏ ਫੈਸਲੇ ਤੋਂ ਬਾਅਦ ਪ੍ਰਬੰਧਕਾਂ ਵਿੱਚ ਕੁਝ ਮਤਭੇਦ ਆਏ ਸਨ, ਜਿਸ ਦਾ ਸਿੱਖ ਸੰਗਤ ’ਤੇ ਗਹਿਰਾ ਪ੍ਰਭਾਵ ਪੈ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੇ ਅੱਜ ਤੱਕ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਨਾਲ ਮੀਟਿੰਗ ਕੀਤੀ ਹੈ। ਸਿੱਖ ਸੰਸਥਾ ਦਾ ਮਕਸਦ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੈ ਅਤੇ ਉਹ ਇਸ ਮੀਟਿੰਗ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਏ ਸਨ, ਉਥੋਂ ਦੀ ਪ੍ਰਬੰਧਕ ਕਮੇਟੀ ਨੇ ਵੀ ਉਸ ਨਾਲ ਸਹਿਮਤੀ ਪ੍ਰਗਟਾਈ ਸੀ। ਪਰ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦੇ ਹੋਏ ਸ਼੍ਰੋਮਣੀ ਕਮੇਟੀ ਦਾ ਪੱਖ ਰੱਖਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਇਹ ਮਾਮਲਾ ਜਲਦੀ ਹੱਲ ਹੋ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਗਏ ਇਸ ਵਫਦ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ , ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਚਨ ਸਿੰਘ ਕਰਮੂਵਾਲ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ।
ਦੂਜੇ ਪਾਸੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ ਖੰਨੂਜਾ, ਹਰਪਾਲ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ ਤੇ ਹੋਰ ਸ਼ਾਮਲ ਸਨ।
ਦੱਸਣ ਯੋਗ ਹੈ ਕਿ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇੱਕ ਮੀਟਿੰਗ ਦੌਰਾਨ ਪਿਛਲੇ ਇੱਕ ਮਾਮਲੇ ਨੂੰ ਵਿਚਾਰਦੇ ਹੋਏ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖਤ ’ਤੇ ਤਲਬ ਕੀਤਾ ਗਿਆ ਸੀ, ਜਦੋਂ ਕਿ ਤਖਤ ਦੇ ਕਾਰਜਕਾਰੀ ਜਥੇਦਾਰ ਅਤੇ ਇੱਕ ਗ੍ਰੰਥੀ ਦੀਆਂ ਸੇਵਾਵਾਂ ’ਤੇ ਰੋਕ ਲਾਈ ਗਈ ਸੀ। ਇਸੇ ਤਰ੍ਹਾਂ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੋਹਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ। ਦੂਜੇ ਪਾਸੇ ਇਸ ਫੈਸਲੇ ਦੇ ਖਿਲਾਫ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਮੀਟਿੰਗ ਕਰਕੇ ਸ੍ਰੀ ਅਕਾਲ ਤਖਤ ਵੱਲੋਂ ਜਾਰੀ ਆਦੇਸ਼ ਨੂੰ ਰੱਦ ਕਰ ਦਿੱਤਾ ਗਿਆ ਸੀ।
Advertisement
Advertisement
Author Image

Advertisement