ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਸ਼ਖ਼ਸੀਅਤ
ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਬਿਰ ਹਨ ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਜੀ ਨੇ ਆਪਣਾ ਸਰਬੰਸ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਜੀ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਸਮੁੱਚੀ ਮਾਨਵਤਾ; ਭਾਵ, ਹਰ ਧਰਮ, ਵਰਗ, ਫਿਰਕੇ ਲਈ ਇਕਸਾਰ ਸੀ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ। ਅਸੀਂ ਗੁਰੂ ਜੀ ਦੇ ਜੀਵਨ ਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਦੀ ਸ਼ਖਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜਤਾ, ਸਬਰ ਅਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਜੀ ਨੇ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿਚ ਸਪਸ਼ਟ ਕੀਤਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਭਾਰਤੀ ਇਤਿਹਾਸ ਵਿਚ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ, ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਅਤੇ ਸਾਹ-ਸੱਤਹੀਣ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ। ਗੁਰੂ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਨਗਾਰੇ ’ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ ਸਵਾ ਲੱਖ ਨਾਲ ਇਕੱਲੇ ਲੜ ਗਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣਾ ਦੀ ਗੱਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਜੀ ਵੱਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ। ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਊਚ ਨੀਚ ਦਾ ਫਰਕ ਸਦਾ ਲਈ ਮਿਟਾ ਦਿੱਤਾ। ਇੰਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ। ਇਹ ਵੀ ਧਰਮਾਂ ਦੇ ਇਤਹਾਸ ਵਿਚ ਵਿਲੱਖਣ ਸੀ ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਨ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਹ ਮਾਣ ਕੇਵਲ ਦਸਮ ਪਾਤਿਸ਼ਾਹ ਨੇ ਹੀ ਆਪਣੇ ਖਾਲਸੇ ਨੂੰ ਬਖਸ਼ਿਆ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਜੀ ਦੇ ਜੀਵਨ ਦਾ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈ-ਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।
ਗੁਰੂ ਜੀ ਦੀ ਰਚੀ ਗਈ ਬਾਣੀ ਵੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮ-ਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ ਪੂਜਾ, ਬੁੱਤ ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮ-ਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਕਰਤਾ ਪੁਰਖ ਤਾਂ ਸਹਿਜ ਤੇ ਪਿਆਰ ਦਾ ਮਾਰਗ ਹੈ। ਇਸ ਦੀ ਸਮਝ ਵਾਲੇ ਹੀ ਉਸ ਵਿਚ ਅਭੇਦ ਹੁੰਦੇ ਹਨ। ਗੁਰੂ ਜੀ ਦਾ ਫ਼ਰਮਾਨ ਹੈ:
ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ
ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ
ਇਸ ਦੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਦੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝੱਲੇ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫਰਜ਼ ਹੈ ਕਿ ਜਿਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। ਗੁਰਦੇਵ ਪਿਤਾ ਦੇ ਆਗਮਨ ਦਿਹਾੜੇ ’ਤੇ ਸਾਨੂੰ ਸਭ ਨੂੰ ਇਹ ਅਰਦਾਸ ਕਰਨੀ ਚਾਹੀਦੀ ਹੈ ਕਿ ਗੁਰੂ ਕਿਰਪਾ ਕਰਨ, ਅਸੀਂ ਨਿਸ਼ਾਨ-ਏ-ਸਿੱਖੀ ਦੇ ਧਾਰਨੀ ਹੋ ਕੇ ਗੁਰਸਿੱਖੀ ਜੀਵਨ ਬਸਰ ਕਰਦੇ ਹੋਏ ਤੇ ਉਨ੍ਹਾਂ ਦੇ ਸਰਬ-ਸਾਂਝੇ ਉਪਦੇਸ਼ਾਂ ਨੂੰ ਸਾਰੀ ਮਨੁੱਖਤਾ ਤਕ ਪਹੁੰਚਾਉਣ ਦਾ ਯਤਨ ਕਰ ਸਕੀਏ। ਸੋ ਆਓ! ਗੁਰੂ ਬਖਸ਼ੀ ਖੰਡੇ-ਬਾਟੇ ਦੀ ਪਾਹੁਲ ਛਕ ਗੁਰਬਾਣੀ ਦੀ ਰੋਸ਼ਨੀ ਵਿਚ ਜੀਵਨ ਬਤੀਤ ਕਰੀਏ ਅਤੇ ਸਾਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਤਤਪਰ ਰਹੀਏ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।