ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ ’ਤੇ ਪੁੱਜਾ

07:25 AM Jun 26, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 25 ਜੂਨ
ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਉਦੋਂ ਬਗ਼ਾਵਤ ਸਾਹਮਣੇ ਆ ਗਈ ਜਦੋਂ ਪਾਰਟੀ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅੱਜ ਦੋ ਪੜਾਵਾਂ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗਾਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਦੋ ਸਮਾਨੰਤਰ ਮੀਟਿੰਗਾਂ ਨੇ ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਸਿਖਰ ’ਤੇ ਪਹੁੰਚਾ ਦਿੱਤਾ ਹੈ।
ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੀਟਿੰਗਾਂ ਵਿੱਚ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਪਰ ਮੀਟਿੰਗ ਵਿਚ ਹਾਜ਼ਰ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਇਸ ਪੇਸ਼ਕਸ਼ ਨੂੰ ਠੁਕਰਾ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ। ਇਸ ਫ਼ੈਸਲੇ ਮਗਰੋਂ ਹੁਣ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿਣਗੇ। ਇਸ ਤੋਂ ਪਹਿਲਾਂ ਕੁਝ ਸਮਾਂ ਪਹਿਲਾਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ ਜਿਸ ’ਚ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਤੇ ਤਸੱਲੀ ਜ਼ਾਹਰ ਕੀਤੀ ਸੀ। ਪਾਰਟੀ ਅੰਦਰ ਝੂੰਦਾਂ ਕਮੇਟੀ ਦੀ ਰਿਪੋਰਟ ਨੁੂੰ ਲਾਗੂ ਨਾ ਕੀਤੇ ਜਾਣ ਤੋਂ ਘੁਟਣ ਬਣੀ ਹੋਈ ਸੀ। ਬਾਗ਼ੀ ਆਗੂਆਂ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਪਾਰਟੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਪਿੱਠ ਥਾਪੜ ਦਿੱਤੀ ਹੈ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਮਤਾ ਪਾਸ ਕਰਕੇ ਜਲੰਧਰ ਵਿਚ ਬਾਗ਼ੀ ਆਗੂਆਂ ਦੀ ਮੀਟਿੰਗ ਪਿੱਛੇ ਭਾਜਪਾ ਅਤੇ ਏਜੰਸੀਆਂ ਦਾ ਹੱਥ ਦੱਸਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਸਮਾਨੰਤਰ ਪਾਰਟੀ ਬਣਾਉਣ ਅਤੇ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਲਈ ਮੌਕਾਪ੍ਰਸਤ ਲੋਕ ਖੜ੍ਹੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਤਾਸ਼ ਸਿਆਸਤਦਾਨਾਂ ਨੂੰ ਮਹਾਰਾਸ਼ਟਰ ਤੋਂ ਸਿੱਖਣ ਦੀ ਲੋੜ ਹੈ ਜਿੱਥੇ ਭਾਜਪਾ ਨੇ ਮਹਾਰਾਸ਼ਟਰ ਦੀ ਖੇਤਰੀ ਪਾਰਟੀ ਨੂੰ ਤੋੜ ਦਿੱਤਾ ਪਰ ਫਿਰ ਵੀ ਲੋਕਾਂ ਨੇ ਜਾਅਲੀ ਪਾਰਟੀ ਨੂੰ ਨਕਾਰ ਦਿੱਤਾ। ਉਨ੍ਹਾਂ ਬਾਗ਼ੀ ਆਗੂਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਨੂੰ ਪੰਥ ਵਿਰੋਧੀ ਸਾਜ਼ਿਸ਼ਾਂ ਦੀ ਕਠਪੁਤਲੀ ਬਣਨ ਦੀ ਇਜਾਜ਼ਤ ਨਹੀਂ ਦੇ ਸਕਦੇ ਜਿਨ੍ਹਾਂ ਤੋਂ ਪੰਥ ਤੇ ਪੰਜਾਬ ਨਾਲ ਧੋਖਾ ਕੀਤੇ ਜਾਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਨਾਲ ਗੈਰ ਸਿਧਾਂਤਕ ਤੌਰ ’ਤੇ ਗੱਠਜੋੜ ਕਰਨ ਦੇ ਖ਼ਿਲਾਫ਼ ਹਨ। ਸੂਤਰ ਦੱਸਦੇ ਹਨ ਕਿ ਮੀਟਿੰਗ ਵਿੱਚ ਇੱਕ ਪੱਖ ਇਹ ਵੀ ਉੱਭਰਿਆ ਸੀ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਪਾਰਟੀ ਦੀ ਕਮਾਨ ਸੌਂਪ ਦਿੱਤੀ ਜਾਵੇ। ਮੀਟਿੰਗ ਵਿਚ ਪਾਰਟੀ ਨੇ ਮਤਾ ਪਾਸ ਕਰਕੇ ਕਿਹਾ ਕਿ ਸੁਖਬੀਰ ਬਾਦਲ ਨੇ ਭਾਜਪਾ ਨਾਲ ਬੇਅਸੂਲਾ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਰਕੇ ਸਰਕਾਰੀ ਸ਼ਕਤੀਆਂ ਹੁਣ ਪਾਰਟੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੁਖਬੀਰ ਬਾਦਲ ਦੀ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਟਿੰਗ ਦੌਰਾਨ ਮਤਾ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਨੇ ਸੁਖਬੀਰ ਬਾਦਲ ਦੀ ਅਗਵਾਈ ’ਤੇ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀਆਂ ਮੀਟਿੰਗਾਂ ਵਿੱਚ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਮੀਖਿਆ ਕੀਤੀ ਗਈ। ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ 12 ਵਜੇ ਹੋਵੇਗੀ। ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਲਾਗੂ ਕੀਤੇ ਜਾਣ ਬਾਰੇ ਲਏ ਸਟੈਂਡ ’ਤੇ ਕਾਇਮ ਹਨ ਅਤੇ ਉਨ੍ਹਾਂ ਅੱਜ ਕਿਸੇ ਵੀ ਮੀਟਿੰਗ ਵਿਚ ਸ਼ਮੂਲੀਅਤ ਨਹੀਂ ਕੀਤੀ।
ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਕਿ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ ’ਚ 35 ਜ਼ਿਲ੍ਹਾ ਪ੍ਰਧਾਨਾਂ ’ਚੋਂ 33 ਅਤੇ 105 ਵਿੱਚੋਂ 96 ਹਲਕਾ ਇੰਚਾਰਜ ਸ਼ਾਮਲ ਹੋਏ ਹਨ।

Advertisement

ਪਾਰਟੀ ਦੇ 99 ਫ਼ੀਸਦੀ ਆਗੂ ਸੁਖਬੀਰ ਬਾਦਲ ਨਾਲ: ਭੂੰਦੜ

ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ 99 ਫ਼ੀਸਦੀ ਆਗੂ ਅੱਜ ਸੁਖਬੀਰ ਸਿੰਘ ਬਾਦਲ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜੋ ਦੋ-ਚਾਰ ਲੋਕ ਉੱਧਰ ਗਏ ਹਨ ਤਾਂ ਉਨ੍ਹਾਂ ਨੂੰ ਪਾਰਟੀ ਦੇ ਮੰਚ ’ਤੇ ਆਪਣੀ ਗੱਲ ਰੱਖਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਚੰਦ ਲੋਕਾਂ ਦੀ ਰਾਇ ਨੂੰ ਬਹੁਗਿਣਤੀ ’ਤੇ ਥੋਪਿਆ ਨਹੀਂ ਜਾ ਸਕਦਾ ਹੈ।

‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਦਾ ਆਗਾਜ਼ ਪਹਿਲੀ ਜੁਲਾਈ ਤੋਂ

ਜਲੰਧਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।

ਜਲੰਧਰ (ਪਾਲ ਿਸੰਘ ਨੌਲੀ) ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਅੱਜ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ। ਅੱਜ ਪਿੰਡ ਵਡਾਲਾ ’ਚ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਪਾਰਟੀ ਨੂੰ ਬਚਾਉਣ ਲਈ 1 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਵੀ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਲਗਾਤਾਰ ਪੰਜ ਵਾਰ ਚੋਣਾਂ ਹਾਰ ਜਾਣ ਕਾਰਨ ਪਾਰਟੀ ਕਾਡਰ ਨੂੰ ਨਿਰਾਸ਼ਾ ਦੇ ਆਲਮ ਵਿੱਚੋਂ ਕੱਢਣ ਲਈ ਪਾਰਟੀ ਦੀ ਕਮਾਨ ਅਜਿਹੀ ਸ਼ਖਸੀਅਤ ਦੇ ਹੱਥ ਫੜਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਦੀ ਪੰਥ ਤੇ ਪੰਜਾਬ ਦੇ ਮੁੱਦਿਆਂ ’ਤੇ ਪੂਰੀ ਪਕੜ ਹੋਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਾਨਾਂਮੱਤਾ ਤੇ ਕੁਰਬਾਨੀਆਂ ਵਾਲਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਭਲਾਈ ਲਈ ਹੋਂਦ ਵਿੱਚ ਆਇਆ ਸੀ ਅਤੇ ਇਸ ਨੇ ਦੇਸ਼ ਤੇ ਦੁਨੀਆਂ ਵਿੱਚ ਮਨੁੱਖੀ ਹੱਕਾਂ, ਪੰਥਕ ਮਰਿਆਦਾ ਤੇ ਪੰਥਕ ਹਿੱਤਾਂ ਲਈ ਅਤੇ ਦੇਸ਼ ਵਿੱਚ ਫੈੱਡਰਲ ਢਾਂਚੇ ਲਈ ਸੰਘਰਸ਼ ਕਰਕੇ ਆਪਣੀ ਪਛਾਣ ਬਣਾਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪਾਰਟੀ ਲੀਡਰਸ਼ਿਪ ਕੋਲੋਂ ਹੋਈਆਂ ਕਈ ਕੁਤਾਹੀਆਂ ਤੇ ਗ਼ਲਤ ਫੈਸਲਿਆਂ ਕਾਰਨ ਅੱਜ ਪਾਰਟੀ ਅਰਸ਼ ਤੋਂ ਫਰਸ਼ ’ਤੇ ਆ ਗਈ ਹੈ।
ਅੱਜ ਦੀ ਇਕੱਤਰਤਾ ਵਿੱਚ ਪੇਸ਼ ਮਤੇ ਪੜ੍ਹਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪਾਰਟੀ ਵਰਕਰਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮਤਾ ਵੀ ਪਾਸ ਕੀਤਾ ਗਿਆ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਨਾ ਕਰਨ ਦੀ ਨਿੰਦਾ ਕੀਤੀ ਗਈ ਤੇ ਕਮੇਟੀ ਦੀ ਰਿਪੋਰਟ ਇੰਨ-ਬਿੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆ ਰਹੀਆਂ ਚੁਣੌਤੀਆਂ ’ਤੇ ਪਹਿਰਾ ਦਿੱਤਾ ਜਾਵੇਗਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਤੇ ਮੌਜੂਦਾ ਜਲ ਸੰਕਟ ਦੇ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ, ਪੰਜਾਬ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ। ਮੀਟਿੰਗ ਵਿੱਚ ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਭਾਈ ਮਨਜੀਤ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਗਗਨਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਸੁੱਚਾ ਸਿੰਘ ਛੋਟੇਪੁਰ, ਚਰਨਜੀਤ ਸਿੰਘ ਬਰਾੜ, ਸਰਵਨ ਸਿੰਘ ਫਿਲੌਰ, ਜਸਟਿਸ ਨਿਰਮਲ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਸੁਖਵਿੰਦਰ ਸਿੰਘ ਔਲਖ, ਕਰਨੈਲ ਸਿੰਘ ਪੰਜੌਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਭੁਪਿੰਦਰ ਸਿੰਘ ਸ਼ੇਖੂਪੁਰ, ਜਸਪਾਲ ਸਿੰਘ ਚੱਠਾ, ਜਰਨੈਲ ਸਿੰਘ ਕਰਤਾਰਪੁਰ, ਸੁਖਵਿੰਦਰ ਸਿੰਘ ਰਾਜਲਾ, ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਹਰਿੰਦਰਪਾਲ ਸਿੰਘ ਟੌਹੜਾ, ਪਰਵਿੰਦਰ ਪਾਲ ਸਿੰਘ (ਸੇਵਾਮੁਕਤ) ਪੀਸੀਐੱਸ ਸਮੇਤ ਵੱਖ ਵੱਖ ਸ਼ਖ਼ਸ਼ੀਅਤਾਂ ਸ਼ਾਮਿਲ ਹੋਈਆਂ।

Advertisement

Advertisement
Advertisement