ਅਕਾਲ ਤਖ਼ਤ ਦੇ ਜਥੇਦਾਰ ਨੇ ਮੁੜ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ
ਸਰਬਜੀਤ ਸਿੰਘ ਭੱਟੀ
ਲਾਲੜੂ, 29 ਜਨਵਰੀ
ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਇਕ ਵਾਰ ਫਿਰ ਚੁੱਕਿਆ ਹੈ। ਉਨ੍ਹਾਂ ਅੱਜ ਇਥੇ ਇਕ ਧਾਰਮਿਕ ਸਮਾਗਮ ’ਚ ਸ਼ਾਮਲ ਹੁੰਦਿਆਂ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਸਰਕਾਰਾਂ ਨੂੰ ਛੇਤੀ ਨਿਪਟਾਉਣਾ ਚਾਹੀਦਾ ਹੈ ਤਾਂ ਜੋ ਸਿੱਖ ਕੌਮ ’ਚ ਬੇਗਾਨਗੀ ਦਾ ਅਹਿਸਾਸ ਨਾ ਹੋਵੇ। ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਹਕੂਮਤ ਸਿੱਖਾਂ ਨੂੰ ਗੁਲਾਮੀ ਵਾਲਾ ਅਹਿਸਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਤਾਂ ਕੀ ਕਰਨਾ ਸੀ ਉਨ੍ਹਾਂ ਨੂੰ ਪੈਰੋਲ ਤੱਕ ਵੀ ਨਹੀਂ ਦਿੱਤੀ ਜਾ ਰਹੀ। ਉੱਧਰ, ਦੂਜੇ ਪਾਸੇ ਡੇਰਾ ਸਿਰਸਾ ਦੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਨਾਲ ਸਿੱਖਾਂ ’ਚ ਵਿਤਕਰੇ ਦੀ ਭਾਵਨਾ ਪੈਦਾ ਹੋ ਰਹੀ ਹੈ। ਉਹ ਪੰਥ ਦੇ ਪ੍ਰਸਿੱਧ ਢਾਡੀ ਮੋਹਨ ਸਿੰਘ ਬੜਾਣਾਂ ਵੱਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਆਏ ਸਨ।
ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਸ੍ਰੀ ਦਮਦਮਾ ਸਹਬਿ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਗਿਆਨੀ ਜਗਤਾਰ ਸਿੰਘ, ਬਾਬਾ ਸੱਜਣ ਸਿੰਘ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਡਾ. ਅਮਰੀਕ ਸਿੰਘ ਬੇਗੋਵਾਲ, ਗਿਆਨੀ ਸਾਹਿਬ ਸਿੰਘ ਪਾਣੀਪਤ ਹਾਜ਼ਰ ਸਨ।