For the best experience, open
https://m.punjabitribuneonline.com
on your mobile browser.
Advertisement

ਸਾਂਝੇ ਮੁਲਾਜ਼ਮ ਮੰਚ ਨੇ ਰੈਲੀ ਕਰਕੇ ਡੀਏ ਦੀ ਕਿਸ਼ਤ ਮੰਗੀ

07:59 AM Oct 24, 2024 IST
ਸਾਂਝੇ ਮੁਲਾਜ਼ਮ ਮੰਚ ਨੇ ਰੈਲੀ ਕਰਕੇ ਡੀਏ ਦੀ ਕਿਸ਼ਤ ਮੰਗੀ
ਸੈਕਟਰ-34 ਵਿੱਚ ਨਾਅਰੇਬਾਜ਼ੀ ਕਰਦੇ ਹੋਏ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਮੈਂਬਰ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 23 ਅਕਤੂਬਰ
ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਡੀਏ ਦੀ ਕਿਸ਼ਤ ਨਾ ਮਿਲਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਅੱਜ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਸੈਕਟਰ-34 ਸਥਿਤ ਮੁੱਖ ਦਫ਼ਤਰ ਵਿੱਚ ਰੋਸ ਰੈਲੀ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਰੈਲੀ ਵਿੱਚ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ, ਫੂਡ ਸਪਲਾਈ ਵਿਭਾਗ ਪੰਜਾਬ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਭੂਮੀ ਪਾਲ ਵਿਭਾਗ ਤੋਂ ਮੁਲਾਜ਼ਮਾਂ ਸਮੇਤ ਪੰਜਾਬ ਸਟੇਟ ਪੈਨਸ਼ਨਰ ਫਰੰਟ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ।
ਰੋਸ ਰੈਲੀ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ, ਕਨਵੀਨਰ ਸੁਖਵਿੰਦਰ ਸਿੰਘ, ਸਟੇਜ ਸਕੱਤਰ ਗੁਰਮੀਤ ਸਿੰਘ ਰਾਣਾ, ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ, ਫੂਡ ਸਪਲਾਈ ਮੁਲਾਜ਼ਮ ਯੂਨੀਅਨ ਦੇ ਦਵਿੰਦਰ ਸਿੰਘ ਬੈਨੀਪਾਲ, ਪੈਨਸ਼ਨਰਜ਼ ਆਗੂ ਕਰਮ ਸਿੰਘ ਧਨੋਆ ਆਦਿ ਨੇ ਸੰਬੋਧਨ ਕਰਦਿਆਂ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਮੇਤ ਪੰਜਾਬ ਦੇ ਗੁਆਂਢੀ ਸੂਬਿਆਂ ਵਿੱਚ ਸਰਕਾਰਾਂ ਵੱਲੋਂ ਮੁਲਾਜ਼ਮਾਂ ਲਈ ਡੀਏ ਦੀਆਂ ਕਿਸ਼ਤਾਂ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿੱਚ ਹੁਣ ਤੱਕ ਸਰਕਾਰ ਵੱਲੋਂ ਕੋਈ ਧਿਆਨ ਨਾ ਦੇਣ ਕਾਰਨ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਲੋਕ ਦੀਵਾਲੀ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ ਪਰ ਪੰਜਾਬ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਨੂੰ ਲਾਮਬੰਦ ਕਰਕੇ ਵੱਡਾ ਇਕੱਠ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਸਮੇਤ ਹੋਰਨਾਂ ਮੁਲਾਜ਼ਮ ਆਗੂਆਂ ਵਿੱਚ ਬਲਰਾਜ ਕੌਰ, ਸੰਦੀਪ ਸਿੰਘ ਬਰਾੜ, ਗੁਰਦੀਪ ਸਿੰਘ, ਪਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਕੌਰ, ਪਰਮਿੰਦਰ ਕੌਰ ਸੰਧੂ ਤੇ ਹੋਰ ਸ਼ਾਮਲ ਸਨ।

Advertisement

Advertisement
Advertisement
Author Image

Advertisement