‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸੰਗਰੂਰ ਤੋਂ 29 ਨੂੰ ਹੋਵੇਗਾ ਆਗਾਜ਼
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਗਸਤ
ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਕੌਮੀ ਖੇਡ ਦਿਵਸ ਦੇ ਮੌਕੇ ਉੱਤੇ 29 ਅਗਸਤ ਨੂੰ ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ 3 ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਵਾਰ ਹੀਰੋਜ ਸਟੇਡੀਅਮ ਵਿਖੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ ਖੇਡ ਪ੍ਰੇਮੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 29 ਅਗਸਤ ਨੂੰ ਉਹ ਇਸ ਸਮਾਗਮ ਦਾ ਆਨੰਦ ਮਾਨਣ ਦੇ ਲਈ ਸ਼ਾਮ 5 ਵਜੇ ਤੋਂ ਪਹਿਲਾਂ ਪਹਿਲਾਂ ਵਾਰ ਹੀਰੋਜ਼ ਸਟੇਡੀਅਮ ਵਿਖੇ ਪਹੁੰਚ ਜਾਣ ਕਿਉਂਕਿ ਬਾਅਦ ਵਿੱਚ ਆਵਾਜਾਈ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਕਾਰਨ ਉੱਥੇ ਦਾਖਲਾ ਨਹੀਂ ਹੋ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਤੋਂ ਹੋਣ ਜਾ ਰਿਹਾ ਹੈ। ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਆਪਣੀ ਕਿਸਮਤ ਅਜ਼ਮਾਉਣਗੇ। ਇਸ ਖੇਡ ਮਹਾਂ ਕੁੰਭ ਦੇ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਪੁਲੀਸ ਨੇ ਇਸ ਸਮਾਰੋਹ ਦੌਰਾਨ ਸ਼ਾਮਲ ਹੋਣ ਵਾਲੇ ਪਤਵੰਤਿਆਂ ਅਤੇ ਆਮ ਲੋਕਾਂ ਲਈ ਆਵਾਜਾਈ ਦੇ ਸੁਖਾਵੇਂ ਪ੍ਰਬੰਧਾਂ ਲਈ ਬਦਲਵੇਂ ਰੂਟ ਪਲਾਨ ਜਾਰੀ ਕੀਤੇ ਹਨ। ਪਾਤੜਾਂ ਤੋਂ ਆਉਣ ਵਾਲੀ ਟਰੈਫਿਕ ਬਾਈਪਾਸ ਤੋਂ ਹੁੰਦੀ ਹੋਈ ਭਗਤ ਸਿੰਘ ਚੌਂਕ, ਬਰਨਾਲਾ ਕੈਂਚੀਆਂ ਦੇ ਰਾਹੀਂ ਧੂਰੀ ਰੋਡ ਲਈ ਰਵਾਨਾ ਹੋਵੇਗੀ ਜਦਕਿ ਪਟਿਆਲਾ ਤੋਂ ਆਉਣ ਵਾਲੀ ਟਰੈਫਿਕ ਲਈ ਪਾਤੜਾ ਰੋਡ ਅੰਡਰ ਬ੍ਰਿਜ ਤੋਂ ਭਗਤ ਸਿੰਘ ਚੌਂਕ ਵਾਇਆ ਬਰਨਾਲਾ ਕੈਂਚੀਆਂ ਤੋਂ ਧੂਰੀ ਰੋਡ ਨਿਰਧਾਰਿਤ ਕੀਤਾ ਗਿਆ ਹੈ।