For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਰਾਜਨਾਥ

10:06 PM Jun 29, 2023 IST
ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ  ਰਾਜਨਾਥ
Advertisement

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 24 ਜੂਨ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਸੂਬਾ ਸਰਕਾਰ ਨੂੰ ਅਸਿੱਧੇ ਢੰਗ ਨਾਲ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਕੇਂਦਰ ਨੂੰ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਮਿਲਦਾ ਸੀ, ਜਿਸ ਕਰਕੇ ਕਾਨੂੰਨ ਵਿਵਸਥਾ ਨੂੰ ਸੰਭਾਲ ਲਿਆ ਜਾਂਦਾ ਸੀ। ਹੁਣ ਪੰਜਾਬ ‘ਚ ਸਰਕਾਰ ਬਦਲ ਚੁੱਕੀ ਹੈ, ਜੋ ਕਿ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਨਾ ਤਾਂ ਕੇਂਦਰ ਸਰਕਾਰ ਦਾ ਸਹਿਯੋਗ ਕਰ ਰਹੀ ਹੈ ਤੇ ਨਾ ਹੀ ਸਹਿਯੋਗ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਸੰਭਾਲਣ ਲਈ ਪੰਜਾਬ ਸਰਕਾਰ ਨੂੰ ਪਹਿਲਕਦਮੀ ਕਰਨ ਦੀ ਲੋੜ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-34 ਗਰਾਊਂਡ ਵਿੱਚ ਮੋਦੀ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਸਬੰਧੀ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ। ਕੇਂਦਰੀ ਰੱਖਿਆ ਮੰਤਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਾਂਗਰਸ ਦੀ ਅਣਗਹਿਲੀ ਕਾਰਨ ਪੰਜਾਬ ਤੋਂ ਚਾਰ-ਪੰਜ ਕਿਲੋਮੀਟਰ ਦੂਰੀ ‘ਤੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ‘ਚ ਚਲਾ ਗਿਆ। ਸ੍ਰੀ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਨਾ ਹੋਣ ਕਰਕੇ ਪੰਜਾਬੀਆਂ ਦੇ ਮਨਾਂ ‘ਚ ਇਕ ਦਰਦ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਝਿਆ ਅਤੇ ਅੱਜ ਕਰਤਾਰਪੁਰ ਸਾਹਿਬ ਵੀ ਭਾਰਤ ਨਾਲ ਜੁੜ ਚੁੱਕਿਆ ਹੈ। ਕੇਂਦਰੀ ਰੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਦੇਸ਼ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ, ਜਿਸ ਕਰਕੇ ਕਈ ਵਾਰ ਕਾਂਗਰਸੀ ਆਗੂਆਂ ਤੇ ਮੰਤਰੀਆਂ ਤੱਕ ਨੂੰ ਜੇਲ੍ਹਾਂ ਵਿੱਚ ਜਾਣਾ ਪਿਆ ਹੈ ਪਰ ਮੋਦੀ ਸਰਕਾਰ ਦੇ ਰਾਜ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਤੱਕ ਭਾਰਤ ਵਿਸ਼ਵ ਦੇ ਮੰਚਾਂ ‘ਤੇ ਬੋਲਦਾ ਸੀ ਤਾਂ ਉਸ ਨੂੰ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ ਸੀ ਪਰ ਅੱਜ ਜਦੋਂ ਭਾਰਤ ਕੁਝ ਵੀ ਬੋਲਦਾ ਹੈ ਤਾਂ ਬਾਕੀ ਦੇਸ਼ ਕੰਨ ਖੋਲ੍ਹ ਕੇ ਸੁਣਦੇ ਹਨ ਕਿ ਭਾਰਤ ਕੀ ਬੋਲ ਰਿਹਾ ਹੈ। ਮੋਦੀ ਸਰਕਾਰ ਦੀ ਅਗਵਾਈ ਹੇਠ ਦੇਸ਼ ਆਰਥਿਕਤਾ ਦੇ ਨਾਲ-ਨਾਲ ਹਰ ਪੱਖ ਤੋਂ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ।

ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਨੇ ਜੋ ਕਿਹਾ ਹੈ ਉਹ ਕਰ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 100 ਸਾਲ ਪੂਰੇ ਹੋਣ ‘ਤੇ ਭਾਰਤ ਨੂੰ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਬਣਾਉਣਾ ਭਾਜਪਾ ਦੀ ਮੁੱਖ ਟੀਚਾ ਹੈ, ਇਸ ਲਈ ਸਾਰਿਆਂ ਨੂੰ ਸੰਕਲਪ ਲੈ ਕੇ ਅੱਗੇ ਵਧਣ ਦੀ ਲੋੜ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਅਰੁਣ ਸੂਦ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸ਼ੇਖਰ, ਮੇਅਰ ਅਨੂਪ ਗੁਪਤਾ, ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਸਣੇ ਵੱਡੀ ਗਿਣਤੀ ‘ਚ ਭਾਜਪਾ ਆਗੂ ਮੌਜੂਦ ਰਹੇ।

‘ਕਾਂਗਰਸ ਨੇ ਐਮਰਜੈਂਸੀ ਲਗਾ ਕੇ ਲੋਕਤੰਤਰ ਦਾ ਗਲ ਘੁੱਟਿਆ’

ਕੇਂਦਰੀ ਰੱਖਿਆ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ‘ਚ ਵਿਰੋਧੀ ਧਿਰਾਂ ਭਾਜਪਾ ਵਿਰੁੱਧ ਇਕੱਠੀਆਂ ਹੋ ਰਹੀਆਂ ਹਨ ਕਿ ਭਾਜਪਾ ਨੇ ਦੇਸ਼ ਵਿੱਚੋਂ ਲੋਕਤੰਤਰ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਂਗਰਸ ਪਾਰਟੀ ਨੇ 25 ਜੂਨ, 1975 ਨੂੰ ਐਮਰਜੈਂਸੀ ਲਗਾ ਕੇ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਸੀ। ਉਸ ਸਮੇਂ ਵੱਡੀ ਗਿਣਤੀ ‘ਚ ਸਿਆਸੀ ਆਗੂਆਂ ਨੂੰ ਜੇਲ੍ਹਾਂ ਕੱਟਣੀਆਂ ਪਈਆਂ ਸਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪਟਨਾ ਵਿੱਚ ਮੀਟਿੰਗ 23 ਜੂਨ ਦੀ ਥਾਂ 25 ਜੂਨ ਨੂੰ ਕਰਨੀ ਚਾਹੀਦੀ ਸੀ, ਜਿੱਥੇ ਐਮਰਜੈਂਸੀ ਦੀ ਬਰਸੀ ਵੀ ਮਨਾ ਲਈ ਜਾਂਦੀ। ਰਾਜਨਾਥ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਮੋਦੀ ਸਰਕਾਰ ਨੂੰ ਸੱਤਾ ਵਿੱਚੋਂ ਹਟਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ। ਜੇਕਰ ਉਹ ਅਜਿਹਾ ਕਰਨਾ ਚਾਹੁੰਦੀਆਂ ਹਨ ਤਾਂ ਮਿਲ ਕੇ ਚੋਣਾਂ ਲੜ ਕੇ ਦੇਖ ਲੈਣ।

ਰਾਜਨਾਥ ਪੰਜਾਬ ਬਾਰੇ ਬਿਆਨ ਦੇਣ ਤੋਂ ਪਹਿਲਾਂ ਮਨੀਪੁਰ ਦੀ ਹਾਲਤ ਸੁਧਾਰਨ: ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੰਜਾਬ ‘ਚ ਕਾਨੂੰਨ ਵਿਵਸਥਾ ‘ਤੇ ਬਿਆਨ ਦੇਣ ਤੋਂ ਪਹਿਲਾਂ ਮਨੀਪੁਰ ‘ਚ ਅਸਥਿਰ ਸਥਿਤੀ ਅਤੇ ਹਿੰਸਾ ‘ਤੇ ਕਾਬੂ ਪਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ ਹਿੰਸਾ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਪਰ ਭਾਜਪਾ ਦੇ ਕੇਂਦਰੀ ਮੰਤਰੀ ਗੈਰ-ਭਾਜਪਾ ਸ਼ਾਸਿਤ ਰਾਜਾਂ ਨੂੰ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੇ ਹਨ। ਸ੍ਰੀ ਕੰਗ ਨੇ ਭਾਜਪਾ ਆਗੂਆਂ ਨੂੰ ਸਲਾਹ ਦਿੱਤੀ ਕਿ ਦੇਸ਼ ਸੜ ਰਿਹਾ ਹੈ ਅਤੇ ਅੱਗ ਬੁਝਾਉਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਨਿੱਜੀ ਪ੍ਰਚਾਰ ਲਈ ਵਿਦੇਸ਼ ਦੌਰੇ ‘ਤੇ ਚਲੇ ਗਏ ਹਨ। ਗ੍ਰਹਿ ਮੰਤਰੀ ਚੋਣ ਰੈਲੀਆਂ ਕਰ ਰਹੇ ਹਨ ਅਤੇ ਬਾਕੀ ਮੰਤਰੀ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਨ ਵਿੱਚ ਲੱਗੇ ਹੋਏ ਹਨ। ਜਦਕਿ ਮਨੀਪੁਰ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਸਮੇਤ ਸਾਰੇ ਕੈਬਨਿਟ ਮੰਤਰੀਆਂ ਨੂੰ ਮਨੀਪੁਰ ਹਿੰਸਾ ਰੋਕਣ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ।

‘ਸ਼੍ਰੋਮਣੀ ਅਕਾਲੀ ਦਲ ਦਿਲ ਦੇ ਨੇੜੇ’

ਰਾਜਨਾਥ ਸਿੰਘ ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ, ”ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਲੰਬਾ ਰਿਸ਼ਤਾ ਰਿਹਾ ਹੈ। ਭਾਵੇਂ ਅੱਜ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਦਾ ਹਿੱਸਾ ਨਹੀਂ ਹੈ ਪਰ ਉਹ ਸਾਡੇ ਦਿਲ ਦੇ ਬਹੁਤ ਨੇੜੇ ਹੈ।”

ਚੰਡੀਗੜ੍ਹ ਦੇ ਸੈਕਟਰ-34 ਵਿੱਚ ਸ਼ਨਿਚਰਵਾਰ ਨੂੰ ਭਾਜਪਾ ਦੀ ਰੈਲੀ ਦੌਰਾਨ ਖਾਲੀ ਪਈਆਂ ਕੁਰਸੀਆਂ। ਇਸ ਦੌਰਾਨ ਜਦੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੰਬੋਧਨ ਕਰ ਰਹੇ ਸਨ ਤਾਂ ਕੁਝ ਜਣੇ ਉਨ੍ਹਾਂ ਦਾ ਭਾਸ਼ਣ ਵਿਚਾਲੇ ਛੱਡ ਕੇ ਚਲੇ ਗਏ। -ਫੋਟੋ: ਨਿਤਿਨ ਮਿੱਤਲ

ਪੰਜਾਬ ਅਤੇ ਚੰਡੀਗੜ੍ਹ ਦੇ ਮੁੱਦੇ ‘ਤੇ ਰੱਖਿਆ ਮੰਤਰੀ ਨੇ ਚੁੱਪ ਵੱਟੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਫੇਰੀ ਦੌਰਾਨ ਮੋਦੀ ਸਰਕਾਰ ਦੇ ਨੌਂ ਸਾਲਾਂ ਦੇ ਕੰਮਕਾਜ ਦੇ ਗੁਣ ਗਾਏ। ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਪਰ ਉਹ ਪੰਜਾਬ ਤੇ ਚੰਡੀਗੜ੍ਹ ਦੇ ਮੁੱਦੇ ‘ਤੇ ਕੁਝ ਨਹੀਂ ਬੋਲੇ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐੱਫ, ਐੱਨਐੱਚਐੱਮ ਦੇ ਫੰਡ ਰੋਕੇ ਹੋਏ ਹਨ। ਪੰਜਾਬ ਦੇ ਪਾਣੀ ਦਾ ਮਸਲਾ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਹੈ। ਅਜਿਹੇ ਬਹੁਤ ਸਾਰੇ ਮਸਲੇ ਹਨ, ਜੋ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ ਪਰ ਕੇਂਦਰੀ ਰੱਖਿਆ ਮੰਤਰੀ ਨੇ ਇਨ੍ਹਾਂ ਮੁੱਦਿਆਂ ‘ਤੇ ਚੁੱਪ ਧਾਰੀ ਰੱਖੀ।

Advertisement
Tags :
Advertisement
Advertisement
×