ਖੱਬੀਆਂ ਧਿਰਾਂ ਨੇ ਡੀਸੀ ਦਫ਼ਤਰ ਅੱਗੇ ਲਾਇਆ ਧਰਨਾ
ਜੋਗਿੰਦਰ ਸਿੰਘ ਮਾਨ
ਮਾਨਸਾ, 28 ਅਕਤੂਬਰ
ਸਿਆਸੀ ਚਿੰਤਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਮਲਵਿੰਦਰ ਸਿੰਘ ਮਾਲੀ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਐਸਡੀਐਮ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਅਤੇ ਮਾਲਵਿੰਦਰ ਮਾਲੀ ਖ਼ਿਲਾਫ਼ ਬਣਾਏ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਨਘੜਤ ਕੇਸ ਨੂੰ ਵਾਪਸ ਲੈ ਕੇ ਮਾਲੀ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ,ਕੁਲਵੰਤ ਸਿੰਘ ਕਿਸ਼ਨਗੜ੍ਹ, ਸੁਖਦਰਸ਼ਨ ਸਿੰਘ ਨੱਤ, ਨਿਰਮਲ ਸਿੰਘ ਝੰਡੂਕੇ, ਜਸਬੀਰ ਕੌਰ ਨੱਤ, ਬਲਵਿੰਦਰ ਸਿੰਘ ਧਾਲੀਵਾਲ, ਆਤਮਾ ਸਿੰਘ ਪਮਾਰ, ਰਵੀ ਖਾਨ, ਅਮੋਲਕ ਡੇਲੂਆਣਾ ਨੇ ਵੀ ਸੰਬੋਧਨ ਕੀਤਾ।