ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਵੱਧ ਕੀਮਤੀ ਸੀ: ਡੱਲੇਵਾਲ
08:47 PM Dec 14, 2024 IST
ਗੁਰਨਾਮ ਸਿੰਘ ਚੌਹਾਨ
ਪਾਤੜਾਂ, 14 ਦਸੰਬਰ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇ ਦਿਨ ਵੀ ਜਾਰੀ ਰਿਹਾ। ਉਨ੍ਹਾਂ ਨੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਪਿੰਡ ਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਮੋਰਚੇ ਵਿੱਚ ਮਰਨ ਵਰਤ ਰੱਖਿਆ ਹੋਇਆ ਹੈ। ਹਾਲਤ ਚਿੰਤਾਜਨਕ ਹੋਣ ਦੇ ਬਾਵਜੂਦ ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਜਾਨ ਨਾਲੋਂ ਵੱਧ ਕੀਮਤੀ ਜਾਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਸੀ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਡਾਕਟਰਾਂ ਦੀ ਟੀਮ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਇਸ ਕਿਸਾਨ ਆਗੂ ਨੂੰ ਬਾਹਰ ਲੋਕਾਂ ਦੇ ਦਰਸ਼ਨ ਲਈ ਪੰਡਾਲ ਵਿੱਚ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ 78/48 ਤੱਕ ਪਹੁੰਚ ਗਿਆ ਸੀ ਜੋ ਕਿ ਕਾਫ਼ੀ ਘੱਟ ਸੀ। ਕਿਸਾਨਾਂ ਨੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਵਿੱਚ ਟਰੈਕਟਰ ਮਾਰਚ ਤੇ ਤਾਮਿਲਨਾਡੂ ’ਚ ਰੇਲਾਂ ਰੋਕਣ ਅਤੇ 18 ਨੂੰ ਪੰਜਾਬ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ।
Advertisement
Advertisement