For the best experience, open
https://m.punjabitribuneonline.com
on your mobile browser.
Advertisement

ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਕੀਤੀ ਸਿਫਾਰਸ਼

06:11 AM May 07, 2024 IST
ਉਪ ਰਾਜਪਾਲ ਨੇ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਕੀਤੀ ਸਿਫਾਰਸ਼
ਵੀਕੇ ਸਕਸੈਨਾ
Advertisement

* ਸ਼ਿਕਾਇਤਕਰਤਾ ਨੇ ਗੁਰਪਤਵੰਤ ਪੰਨੂ ਦੀ ਵੀਡੀਓ ਦਾ ਦਿੱਤਾ ਹਵਾਲਾ
* ‘ਆਪ’ ਨੇ ਦੋਸ਼ਾਂ ਨੂੰ ਕੇਜਰੀਵਾਲ ਖ਼ਿਲਾਫ਼ ਭਾਜਪਾ ਦੀ ਇੱਕ ਹੋਰ ਸਾਜ਼ਿਸ਼ ਦੱਸਿਆ

Advertisement

ਨਵੀਂ ਦਿੱਲੀ, 6 ਮਈ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ‘ਸਿੱਖਜ਼ ਫਾਰ ਜਸਟਿਸ’ ਤੋਂ ਕਥਿਤ ਤੌਰ ’ਤੇ ਫੰਡ ਹਾਸਲ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐੱਨਆਈਏ ਜਾਂਚ ਦੀ ਸਿਫਾਰਸ਼ ਕੀਤੀ ਹੈ। ਰਾਜ ਨਿਵਾਸ ਦੇ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਇਹ ਸਿਫਾਰਸ਼ ਭਾਜਪਾ ਵੱਲੋਂ ਕੇਜਰੀਵਾਲ ਖ਼ਿਲਾਫ਼ ਇੱਕ ਹੋਰ ਸਾਜ਼ਿਸ਼ ਹੈ।
ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖੇ ਪੱਤਰ ’ਚ ਉੱਪ ਰਾਜਪਾਲ ਸਕੱਤਰੇਤ ਨੇ ਕਿਹਾ ਕਿ ਸਕਸੈਨਾ ਨੂੰ ਸ਼ਿਕਾਇਤ ਮਿਲੀ ਸੀ ਕਿ ਕੇਜਰੀਵਾਲ ਦੀ ਅਗਵਾਈ ਹੇਠਲੀ ‘ਆਪ’ ਨੂੰ ਕਥਿਤ ਤੌਰ ’ਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਦੀ ਵਿੱਤੀ ਮਦਦ ਪ੍ਰਾਪਤ ਹੋਈ ਸੀ। ਸਕਸੈਨਾ ਨੇ ਕਿਹਾ, ‘ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਇਲੈਕਟ੍ਰੌਨਿਕਸ ਸਬੂਤਾਂ ਦੀ ਫੋਰੈਂਸਿਕ ਪੜਤਾਲ ਸਮੇਤ ਹੋਰ ਜਾਂਚ ਦੀ ਲੋੜ ਹੈ।’
ਪੱਤਰ ’ਚ ਕਿਹਾ ਗਿਆ ਹੈ ਕਿ ਸ਼ਿਕਾਇਤ ਇੱਕ ਮੁੱਖ ਮੰਤਰੀ ਖ਼ਿਲਾਫ਼ ਕੀਤੀ ਗਈ ਹੈ ਅਤੇ ਇਹ ਇੱਕ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਤੋਂ ਪ੍ਰਾਪਤ ਸਿਆਸੀ ਫੰਡਾਂ ਨਾਲ ਸਬੰਧਤ ਹੈ। ਇਹ ਕਦਮ ਸੁਪਰੀਮ ਕੋਰਟ ਵੱਲੋਂ ਮੌਜੂਦਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ’ਤੇ ਵਿਚਾਰ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਆਇਆ ਹੈ। ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਅਰਵਿੰਦ ਕੇਜਰੀਵਾਲ

ਸੂਤਰਾਂ ਨੇ ਕਿਹਾ ਕਿ ਸ਼ਿਕਾਇਤ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਇੱਕ ਵੀਡੀਓ ਦੇ ਹਵਾਲੇ ਨਾਲ ਕੀਤੀ ਗਈ ਹੈ, ਜਿਸ ’ਚ ਦੋਸ਼ ਲਾਇਆ ਗਿਆ ਹੈ ਕਿ ਕੇਜਰੀਵਾਲ ਦੀ ਅਗਵਾਈ ਹੇਠਲੀ ‘ਆਪ’ ਨੂੰ 2014 ਤੇ 2022 ਵਿਚਾਲੇ ਖਾਲਿਸਤਾਨ ਸਮੂਹਾਂ ਤੋਂ 16 ਮਿਲੀਅਨ ਡਾਲਰ ਮਿਲੇ ਸਨ। ਸ਼ਿਕਾਇਤ ’ਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਕੇਜਰੀਵਾਲ ਨੇ 2014 ’ਚ ਆਪਣੀ ਯਾਤਰਾ ਦੌਰਾਨ ਨਿਊਯਾਰਕ ਦੇ ਗੁਰਦੁਆਰਾ ਰਿਚਮੰਡ ਹਿੱਲਜ਼ ’ਚ ਖਾਲਿਸਤਾਨੀ ਆਗੂਆਂ ਨਾਲ ਬੰਦ ਕਮਰਾ ਮੀਟਿੰਗਾਂ ਵੀ ਕੀਤੀਆਂ ਸਨ। ਕੇਜਰੀਵਾਲ ਨੇ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਬਦਲੇ ਭੁੱਲਰ ਦੀ ਰਿਹਾਈ ਦੀ ਸਹੂਲਤ ਦੇਣ ਦਾ ਵਾਅਦਾ ਕੀਤਾ ਸੀ।
ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਉੱਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਐੱਨਆਈਏ ਜਾਂਚ ਦੀ ਸਿਫਾਰਸ਼ ਭਾਜਪਾ ਦੇ ਇਸ਼ਾਰੇ ’ਤੇ ਦਿੱਲੀ ਦੇ ਮੁੱਖ ਮੰਤਰੀ ਖ਼ਿਲਾਫ਼ ਇੱਕ ਹੋਰ ਸਾਜ਼ਿਸ਼ ਹੈ। ‘ਆਪ’ ਆਗੂ ਤੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ, ‘ਇਹ ਭਾਜਪਾ ਦੇ ਇਸ਼ਾਰੇ ’ਤੇ ਕੇਜਰੀਵਾਲ ਖ਼ਿਲਾਫ਼ ਇੱਕ ਹੋਰ ਸਾਜ਼ਿਸ਼ ਹੈ। ਉਹ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਹਾਰ ਰਹੇ ਹਨ ਤੇ ਲੋਕ ਸਭਾ ਚੋਣਾਂ ’ਚ ਹਾਰ ਦੇ ਡਰੋਂ ਘਬਰਾ ਗਏ ਹਨ।’ ਜ਼ਿਕਰਯੋਗ ਹੈ ਕਿ ਦਵਿੰਦਰਪਾਲ ਭੁੱਲਰ ਇਸ ਸਮੇਂ ਅੰਮ੍ਰਿਤਸਰ ਸੈਂਟਰਲ ਜੇਲ੍ਹ ’ਚ ਬੰਦ ਹੈ। ਉਸ ਨੂੰ 1993 ’ਚ ਦਿੱਲੀ ’ਚ ਇੱਕ ਬੰਬ ਧਮਾਕੇ ’ਚ ਨੌਂ ਲੋਕਾਂ ਦੀ ਹੱਤਿਆ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੂੰ 25 ਅਗਸਤ 2001 ’ਚ ਟਾਡਾ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ ਸੀ। - ਪੀਟੀਆਈ

ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਅੱਜ ਵਿਚਾਰ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਭਲਕੇ 7 ਮਈ ਨੂੰ ਇਸ ਗੱਲ ’ਤੇ ਵਿਚਾਰ ਕਰੇਗਾ ਕਿ ਮੌਜੂਦਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ ਜਾਂ ਨਾ। ਸੁਪਰੀਮ ਕੋਰਟ ਭਲਕੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਲੋਕ ਸਭਾ ਚੋਣਾਂ ਦੇ ਬਾਕੀ ਰਹਿੰਦੇ ਗੇੜਾਂ ਦੌਰਾਨ ਕੇਜਰੀਵਾਲ ਪ੍ਰਚਾਰ ਕਰ ਸਕਣਗੇ ਜਾਂ ਨਹੀਂ, ਇਹ ਭਲਕ ਦੀ ਕਾਰਵਾਈ ’ਤੇ ਨਿਰਭਰ ਕਰੇਗਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ ਪਹਿਲੇ ਮਾਮਲੇ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਤਿਹਾੜ ਜੇਲ੍ਹ ’ਚ ਬੰਦ ਹਨ। ਸਿਖਰਲੀ ਅਦਾਲਤ ਨੇ ਤਿੰਨ ਮਈ ਨੂੰ ਕਿਹਾ ਸੀ ਕਿ ਉਹ ਮੌਜੂਦਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ’ਤੇ ਵਿਚਾਰ ਕਰ ਸਕਦੀ ਹੈ। ਬੈਂਚ ਨੇ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੂੰ ਕਿਹਾ ਸੀ ਕਿ ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ’ਚ ਸਮਾਂ ਲੱਗਣ ਦੀ ਸੰਭਾਵਨਾ ਹੈ ਅਤੇ ਇਸ ਲਈ ਅਦਾਲਤ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ’ਤੇ ਜਾਂਚ ਏਜੰਸੀ ਦਾ ਪੱਖ ਸੁਣਨ ਬਾਰੇ ਵਿਚਾਰ ਕਰ ਰਹੀ ਹੈ। ਦਿੱਲੀ ’ਚ ਲੋਕ ਸਭਾ ਚੋਣਾਂ ਲਈ ਵੋਟਾਂ 25 ਮਈ ਨੂੰ ਪੈਣੀਆਂ ਹਨ। ਬੈਂਚ ਨੇ ਰਾਜੂ ਨੂੰ ਕਿਹਾ ਸੀ, ‘ਅਜਿਹਾ ਲਗਦਾ ਹੈ ਕਿ ਅਸੀਂ ਅੱਜ ਸੁਣਵਾਈ ਪੂਰੀ ਨਹੀਂ ਕਰ ਸਕਦੇ। ਅਸੀਂ ਮੰਗਲਵਾਰ ਸਵੇਰੇ ਇਸ ਨੂੰ ਦੇਖਾਂਗੇ। ਜੇਕਰ ਇਸ ਵਿੱਚ ਸਮਾਂ ਲੱਗਦਾ ਹੈ ਤਾਂ ਅਸੀਂ ਚੋਣਾਂ ਨੂੰ ਦੇਖਦਿਆਂ ਅੰਤਰਿਮ ਜ਼ਮਾਨਤ ਦੇ ਸਵਾਲ ’ਤੇ ਵਿਚਾਰ ਕਰਾਂਗੇ।’ -ਪੀਟੀਆਈ

Advertisement
Author Image

joginder kumar

View all posts

Advertisement
Advertisement
×