ਪਹਿਲੀ ਵਿਸ਼ਵ ਜੰਗ ਦੇ ਸ਼ਹੀਦ ਹੌਲਦਾਰ ਦਾ ਸ਼ਹੀਦੀ ਦਿਹਾੜਾ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 13 ਨਵੰਬਰ
ਇੱਥੋਂ ਦੇ ਪਿੰਡ ਸਰਵਾਲੀ ’ਚ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਹੌਲਦਾਰ ਕਾਲਾ ਸਿੰਘ, ਜੋ 45 ਰੈਟਰੇ ਸਿੱਖਸ (ਹੁਣ 3 ਸਿੱਖ) ਦਾ 105ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਪਿੰਡ ’ਚ ਹੋਏ ਸਮਾਗਮ ਮੌਕੇ ਮੁੱਖ ਮਹਿਮਾਨ ਮੇਜਰ ਜਨਰਲ (ਸੇਵਾਮੁਕਤ) ਤੇ ਸ੍ਰੀ ਖਡੂਰ ਸਾਹਿਬ ਐੱਨਡੀਏ ਵਿੰਗ ਨਿਸ਼ਾਨ-ਏ-ਸਿੱਖੀ ਦੇ ਡਾਇਰੈਕਟਰ ਬਲਵਿੰਦਰ ਸਿੰਘ ਛੀਨਾ ਵੀ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਪਹਿਲੀ ਸੰਸਾਰ ਜੰਗ ਦੇ ਸ਼ਹੀਦ ਹੌਲਦਾਰ ਕਾਲਾ ਸਿੰਘ ਅਤੇ ਹੋਰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੀਆਂ ਯਾਦਗਾਰਾਂ ਦੀ ਸੰਭਾਲ ਕਰਨਾ ਸਭ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਆਈਆਰਐੱਸ ਕਰਨੈਲ ਸਿੰਘ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਖਹਿਰਾ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਪ੍ਰਿੰਸੀਪਲ ਅਨਿਲ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਨੇੜਲੇ ਪਿੰਡਾਂ ਦੇ ਲੋਕ ਹਾਜ਼ਰ ਸਨ।