ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ
ਡਾ. ਰੂਪ ਸਿੰਘ
ਗੁਰੂ ਗੋਬਿੰਦ ਸਿੰਘ ਜੀ ਨੇ ਪਿਤਾ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ‘ਧਰਮ ਹੇਤ ਸਾਕਾ’ ਕਿਹਾ ਹੈ, ਜਿਸ ਤੋਂ ਸਾਕਾ ਸ਼ਬਦ ਸਿੱਖ ਸ਼ਬਦਾਵਲੀ ਦਾ ਅਟੁੱਟ ਹਿੱਸਾ ਬਣ ਗਿਆ। ਸਾਕੇ ਦਾ ਅਰਥ ਹੈ, ਕੋਈ ਐਸਾ ਕਰਮ ਜੋ ਇਤਿਹਾਸ ਵਿਚ ਪ੍ਰਸਿੱਧ ਰਹਿਣ ਲਾਇਕ ਹੋਵੇ। ਸਪੱਸ਼ਟ ਹੈ ਕਿ ਇਹ ਸ਼ਬਦ ਭਾਰੀ ਦੁਖਾਂਤਕ ਘਟਨਾ ਵਾਸਤੇ ਵਰਤਿਆ ਜਾਂਦਾ ਹੈ।
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਨੂੰ ਇਸ ਅਰਥ ਭਾਵ ਵਾਲੇ ਸਾਕਿਆਂ ਦੇ ਸਨਮੁਖ ਹੋਣਾ ਪਿਆ। ਜੱਲ੍ਹਿਆਂਵਾਲਾ ਬਾਗ ਦਾ ਸਾਕਾ, ਨਨਕਾਣਾ ਸਾਹਿਬ ਦਾ ਸਾਕਾ, ਪੰਜਾ ਸਾਹਿਬ ਦਾ ਸਾਕਾ, ਸਾਕਾ ਗੁਰੂ ਕਾ ਬਾਗ ਆਦਿ। ਅੰਗਰੇਜ਼ੀ ਸ਼ਾਸਕਾਂ ਦੀ ਸ਼ਹਿ ’ਤੇ ਮਹੰਤਾਂ ਦੇ ਜਬਰ ਦੀ ਦਰਦਨਾਕ ਕਹਾਣੀ ਨੂੰ ਸਾਕਾ ਨਨਕਾਣਾ ਸਾਹਿਬ ਰੂਪਮਾਨ ਕਰਦਾ ਹੈ। ਇਨ੍ਹਾਂ ਸਾਕਿਆਂ ਨੂੰ ਢਾਡੀ ਬੀਰ ਰਸੀ ਵਾਰਾਂ ਰਾਹੀਂ ਪ੍ਰਗਟ ਕਰਨ ਲਈ ‘ਸਾਕਾ ਕਾਵਿ’ ਰੂਪ ਪ੍ਰਚਲਿਤ ਹੋਇਆ।
ਨਨਕਾਣਾ ਸਾਹਿਬ, ਨਾਨਕਿਆਣਾ ਤੋਂ ਬਣਿਆ ਹੈ, ਜਿਸ ਦਾ ਅਰਥ ਹੈ ਨਾਨਕ ਆਯਨ - ਗੁਰੂ ਨਾਨਕ ਦੇਵ ਜੀ ਦਾ ਆਯਨ ਭਾਵ ਘਰ। ਇਸ ਧਰਤ-ਸੁਹਾਵੀ ਦਾ ਪਹਿਲਾ ਨਾਂ ਰਾਇਪੁਰ ਫਿਰ ਤਲਵੰਡੀ ਰਾਇ ਭੋਇ ਤੇ ਸਦੀਵੀ ਨਾਉਂ ਨਨਕਾਣਾ ਸਾਹਿਬ ਪ੍ਰਚੱਲਿਤ ਹੋਇਆ। ਨਨਕਾਣਾ ਸਾਹਿਬ ਦੀ ਧਰਤੀ ’ਤੇ ਗੁਰੂ ਨਾਨਕ ਸਾਹਿਬ ਨੇ ਅਨੇਕਾਂ ਅਲੌਕਿਕ ਚੋਜ ਕੀਤੇ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ’ਤੇ 1613 ਈ. ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਨਾਲ ਯਾਦਗਾਰੀ ਅਸਥਾਨ ਸਥਾਪਤ ਹੋਇਆ, ਜੋ ਸਮੇਂ ਦੇ ਬੀਤਣ ਨਾਲ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਨਾਂ ਨਾਲ ਵਿਸ਼ਵ ਪ੍ਰਸਿੱਧ ਹੋਇਆ। ਉਦਾਸੀ ਸੰਪਰਦਾ ਦੇ ਮੁਖੀ ਬਾਬਾ ਅਲਮਸਤ ਜੀ ਨੂੰ ਗੁਰਦੁਆਰਾ ਜਨਮ ਅਸਥਾਨ ਦੀ ਸੇਵਾ-ਸੰਭਾਲ ਗੁਰੂ ਹਰਿਗੋਬਿੰਦ ਸਾਹਿਬ ਨੇ ਸੌਂਪੀ ਸੀ। ਇਸ ਤਰ੍ਹਾਂ ਆਰੰਭ ਤੋਂ ਹੀ ਇਸ ਪਵਿੱਤਰ ਅਸਥਾਨ ਦਾ ਪ੍ਰਬੰਧ ਉਦਾਸੀ ਸੰਪਰਦਾ ਦੇ ਮਹੰਤ-ਪੁਜਾਰੀ ਹੀ ਕਰਦੇ ਰਹੇ।
ਸਿੱਖ ਰਾਜ ਸਮੇਂ ਗੁਰਦੁਆਰਿਆਂ ਦੇ ਨਾਂ ਲੱਗੀਆਂ ਬੇਸ਼ੁਮਾਰ ਜਾਗੀਰਾਂ-ਜਾਇਦਾਦਾਂ ਨੇ ਮਹੰਤਾਂ ਨੂੰ ਆਲਸੀ-ਅਯਾਸ਼ ਤੇ ਭ੍ਰਿਸ਼ਟ-ਕੁਕਰਮੀ ਕਰ ਦਿੱਤਾ। ਸਿੱਖ ਰਾਜ ਦਾ ਸੂਰਜ ਅਸਤ ਹੋਣ ਦੀ ਦੇਰ ਸੀ ਕਿ ਮਹੰਤਾਂ-ਪੁਜਾਰੀਆਂ ਨੇ ਅੰਗਰੇਜ਼ ਭਗਤ ਬਣ ਐਸ਼-ਪ੍ਰਸਤੀ ਕਰਨੀ ਸ਼ੁਰੂ ਕਰ ਦਿੱਤੀ। ਮਹੰਤ-ਪੁਜਾਰੀ ਗੁਰਦੁਆਰਿਆਂ ਦੀਆਂ ਜ਼ਮੀਨਾਂ-ਜਾਇਦਾਦਾਂ ਨੂੰ ਆਪਣੀ ਨਿੱਜੀ ਪਿਤਾ-ਪੁਰਖੀ ਮਾਲਕੀ ਮਹਿਸੂਸ ਕਰਨ ਲੱਗੇ। ਮਹੰਤਾਂ-ਪੁਜਾਰੀਆਂ ਨੇ ਗੁਰਦੁਆਰਿਆਂ ਨੂੰ ਐਸ਼-ਪ੍ਰਸਤੀ ਦੇ ਡੇਰੇ (ਅੱਡੇ) ਬਣਾ ਲਿਆ। ਜਦ ਸਿੱਖਾਂ ਦੇ ਘਰ ਘੋੜਿਆਂ ਦੀਆਂ ਕਾਠੀਆਂ ’ਤੇ ਸਨ, ਤਦ ਵੀ ਗੁਰਦੁਆਰਾ ਪ੍ਰਬੰਧ ਆਮ ਕਰਕੇ ਪਿਤਾ ਪੁਰਖੀ ਮਹੰਤਾਂ- ਉਦਾਸੀਆਂ ਤੇ ਨਿਰਮਲਿਆਂ ਕੋਲ ਹੀ ਸੀ। ਗੁਰੂ-ਘਰ ਦਾ ਪ੍ਰਬੰਧ ਉਸ ਸਮੇਂ ਤਕ ਠੀਕ ਚਲਦਾ ਰਿਹਾ, ਜਦੋਂ ਤਕ ਸਿੱਖ ਕਦਰਾਂ-ਕੀਮਤਾਂ ਅਨੁਸਾਰ ਜੀਵਨ ਬਸਰ ਕਰਦੇ ਰਹੇ। ਪਰ ਜਦ ਵੀ ਮਹੰਤਾਂ-ਪੁਜਾਰੀਆਂ, ਧਰਮੀ ਸਦਵਾਉਣ ਵਾਲਿਆਂ ਦਾ ਜੀਵਨ ‘ਕਰਤੂਤਿ ਪਸੂ ਕੀ ਮਾਨਸ ਜਾਤਿ’ ਵਾਲਾ ਹੋ ਜਾਵੇਗਾ ਤਾਂ ਗਿਰਾਵਟ ਆਉਣੀ ਪੱਕੀ ਹੈ। ਨਨਕਾਣਾ ਸਾਹਿਬ ਦੇ ਮਹੰਤ ਨਰੈਣ ਦਾਸ ਦਾ ਸ਼ਰਾਬ ਪੀ ਕੇ ਆਈ ਸੰਗਤ ਦੀ ਬੇਇੱਜ਼ਤੀ ਕਰਨਾ, ਬੀਬੀਆਂ ਦੀ ਅਜ਼ਮਤ ਨੂੰ ਹੱਥ ਪਾਉਣਾ ਨਿੱਤ ਦਾ ਕੰਮ ਬਣ ਗਿਆ ਸੀ। ਮਹੰਤਾਂ ਦੇ ਕੁਕਰਮਾਂ-ਦੁਰਾਚਾਰਾਂ ਦੇ ਦਾਗ ਧੋਣ ਵਾਸਤੇ ਪਵਿੱਤਰ ਖੂਨ ਦੀ ਜ਼ਰੂਰਤ ਸੀ ਜਿਸ ਨੂੰ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੇ ਪੂਰਾ ਕੀਤਾ। ਇਸ ਸਮੇਂ ਸਿੱਖ ਸਮਾਜ ਵਿਚ ਸਿੱਖ ਜਾਗ੍ਰਿਤੀ ਵਜੋਂ ਸਿੰਘ ਸਭਾ ਲਹਿਰ ਚਲ ਰਹੀ ਸੀ। ਚੇਤੰਨ ਗੁਰਸਿੱਖਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਪਰਿਵਾਰਕ ਪ੍ਰਬੰਧ ਤੋਂ ਪੰਥਕ ਪ੍ਰਬੰਧ ’ਚ ਲਿਆਉਣ ਲਈ ਕਮਰਕੱਸੇ ਕਰ ਲਏ। ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਨੂੰ ਮਹੰਤਾਂ ਦੇ ਪ੍ਰਬੰਧ ਤੋਂ ਆਜ਼ਾਦ ਕਰਵਾਉਣ ਲਈ ਗੁਰਸਿੱਖ ਮਰਜੀਵੜਿਆਂ ਦਾ ਸ਼ਾਂਤਮਈ ਜਥਾ ਫਰਵਰੀ, 1920 ਨੂੰ ਦਰਸ਼ਨੀ ਡਿਉੜੀ ਰਸਤੇ ਅੰਦਰ ਦਾਖਲ ਹੋਇਆ, ਜਿੱਥੇ ਇਨ੍ਹਾਂ ਨਾਨਕ ਨਾਮ ਲੇਵਾ ਗੁਰਸਿੱਖਾਂ ਦਾ ‘ਸਵਾਗਤ’ ਮਹੰਤ ਨੇ ਗੋਲੀਆਂ, ਡਾਂਗਾਂ, ਬਰਛੀਆਂ, ਤਲਵਾਰਾਂ ਆਦਿ ਮਾਰੂ ਹਥਿਆਰਾਂ ਨਾਲ ਕੀਤਾ। ਗੁਰੂ ਘਰ ਦੀ ਪਵਿੱਤਰਤਾ ਕਾਇਮ ਰੱਖਣ ਖਾਤਰ ਗੁਰੂ ਕੇ ਲਾਲ ਸ਼ਾਂਤਮਈ ਰਹਿ ਕੇ ਸ਼ਹਾਦਤ ਪ੍ਰਾਪਤ ਕਰ ਗਏ।
ਸਾਕਾ ਨਨਕਾਣਾ ਸਾਹਿਬ ਵਾਪਰਨ ਸਮੇਂ ਕੁਝ ਭੱਟੀ ਮੁਸਲਾਮਾਨਾਂ, ਬਾਬਾ ਕਰਤਾਰ ਸਿੰਘ (ਬੇਦੀ), ਮੰਗਲ ਸਿੰਘ ਕੂਕਾ ਆਦਿ ਨੇ ਵੀ ਕੁਕਰਮੀ ਮਹੰਤਾਂ ਦਾ ਸਾਥ ਦਿੱਤਾ। ਮਹੰਤ ਨਰੈਣ ਦਾਸ ਤੇ ਮਿਸਟਰ ਕਰੀ ਡੀ.ਸੀ ਅਤੇ ਮਿਸਟਰ ਕਿੰਗ ਕਮਿਸ਼ਨਰ ਲਾਹੌਰ ਡਿਵੀਜ਼ਨ ਦੀ ਸ਼ਹਿ ’ਤੇ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਖੂਨ ਨਾਲ ਲਾਲ ਹੋ ਗਈ। ਬਾਬਾ ਕਰਤਾਰ ਸਿੰਘ (ਬੇਦੀ) ਨੂੰ ਕੁਝ ਸਮੇਂ ਬਾਅਦ ਪੰਥ ਨਾਲ ਕੀਤੀ ਗਦਾਰੀ ਦਾ ਅਹਿਸਾਸ ਹੋਇਆ ਤਾਂ ਉਹ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਇਆ, ਜਿਸ ’ਤੇ ਉਸ ਨੂੰ ਹੁਣ ਤਕ ਦੀ ਸਭ ਤੋਂ ਸਖ਼ਤ ਤਨਖਾਹ ਲਾਈ ਗਈ।
ਇਹ ਦੁਖਾਂਤਕ ਸਾਕਾ ਗੁਰੂ ਨਾਨਕ ਦੇ ਘਰ ਨੂੰ ਕਪਟੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਗਏ ਗੁਰਸਿੱਖਾਂ ਨਾਲ ਵਾਪਰਿਆ, ਇਸ ਤੋਂ ਵੱਧ ਦਰਦਨਾਕ ਘਟਨਾ ਕੀ ਹੋ ਸਕਦੀ ਹੈ। ਹਰ ਸਿੱਖ ਵਾਸਤੇ ਨਨਕਾਣਾ ਸਾਹਿਬ ਪਵਿੱਤਰ ਧਰਤੀ ਹੈ। ਇੱਥੋਂ ਦਾ ਮਹੰਤ ਨਰੈਣ ਦਾਸ ਸਭ ਤੋਂ ਵੱਡਾ ਗੁਰੂ ਘਰ ਦਾ ਦੋਖੀ ਸਾਬਤ ਹੋਇਆ। ਇਹ ਕੁਕਰਮੀ ਬਣ ਚੁੱਕਾ ਸੀ। ਧਰਮ-ਕਰਮ ਇਸ ਵਿੱਚੋਂ ਗਾਇਬ ਹੋ ਚੁੱਕਾ ਸੀ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਅਜਿਹੇ ਹੀ ਕਪਟੀ ਮਹੰਤਾਂ ਤੋਂ ਆਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ’ਚ ਲਿਆਉਣ ਲਈ ਗੁਰਸਿੱਖਾਂ ਨੇ ਗੁਰਦੁਆਰਾ ਸੁਧਾਰ ਲਹਿਰ ਆਰੰਭ ਕੀਤੀ। ਇਸ ਤਹਿਤ ਸਭ ਤੋਂ ਪਹਿਲਾਂ ਗੁਰਦਆਰਾ ਬਾਬੇ ਦੀ ਬੇਰ ਸਿਆਲਕੋਟ ਅਕਤੂਬਰ, 1920 ਨੂੰ ਪੰਥਕ ਪ੍ਰਬੰਧ ’ਚ ਲਿਆ ਗਿਆ। ਫਿਰ ਅਕਤੂਬਰ, 1920 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ’ਚ ਆਇਆ।
ਸ਼ਾਂਤਮਈ ਸਿੱਖ ਸੇਵਕਾਂ ਦੇ ਖੂਨ ਨਾਲ ਮਹੰਤ ਨਰੈਣ ਦਾਸ ਨੇ ਗੁਰਦੁਆਰਾ ਜਨਮ ਅਸਥਾਨ ਨੂੰ ਲੱਥਪਥ ਕਰ ਦਿੱਤਾ। ਇਹ ਗੁਰਦੁਆਰਾ ਸਾਹਿਬਾਨ ਦੀ ਸੁਤੰਤਰਤਾ, ਆਜ਼ਾਦੀ ਲਈ ਕੀਤਾ ਗਿਆ ਸੱਤਿਆਗ੍ਰਹਿ ਸੀ। ਜਬਰ-ਜ਼ੁਲਮ ਤੇ ਅਤਿਆਚਾਰ ਖ਼ਿਲਾਫ਼ ਸਤਿ-ਸੰਤੋਖ, ਸਬਰ ਦੇ ਧਾਰਨੀ ਹੋ ਸ਼ਾਂਤਮਈ ਰਹਿ ਕੇ ਕੀਤਾ ਗਿਆ, ਵਿਦਰੋਹ, ਰੋਸ ਤੇ ਰੋਹ ਸੀ।
ਮਹੰਤ ਨਰੈਣ ਦਾਸ ਦੇ ਬਦਮਾਸ਼ਾਂ ਦੇ ਜਬਰ-ਜ਼ੁਲਮ ਦੀ ਇੰਤਹਾ ਦੇਖੋ ਕਿ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ’ਤੇ ਬੈਠਾ ਗ੍ਰੰਥੀ ਸਿੰਘ ਵੀ ਸ਼ਹੀਦ ਹੋ ਗਿਆ ਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਚ ਵੀ ਗੋਲੀਆਂ ਲੱਗੀਆਂ, ਜਿਸ ਨੂੰ ‘ਸ਼ਹੀਦੀ ਬੀੜ’ ਕਿਹਾ ਜਾਂਦਾ ਹੈ। ਨਨਕਾਣਾ ਸਾਹਿਬ ਦੇ ਸਾਕੇ ਸਮੇਂ ਗੁਰਸਿੱਖਾਂ ਦੇ ਸਤਿ-ਸਿਦਕ, ਸਬਰ ਦੀ ਪਰਖ ਹੋਈ। ਗੁਰੂ ਕੇ ਲਾਲਾਂ ਨੇ ‘ਇਤੁ ਮਾਰਗਿ ਪੈਰੁ ਧਰੀਜੈ॥ ਸਿਰੁ ਦੀਜੈ ਕਾਣਿ ਨ ਕੀਜੈ॥’ ਦੇ ਮਹਾਂਵਾਕ ਨੂੰ ਪ੍ਰਤੱਖ ਕਰ ਦਿਖਾਇਆ। ਇਹ ਸ਼ਹੀਦਾਂ ਦੇ ਪਵਿੱਤਰ ਖੂਨ ਸਦਕਾ ਹੀ ਅੰਗਰੇਜ਼ ਰਾਜ ਕਾਲ ਸਮੇਂ ਸੁਤੰਤਰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਹੋਂਦ ’ਚ ਆਈ, ਜਿਸ ਨੂੰ ਸਿੱਖ ਪਾਰਲੀਮੈਂਟ ਹੋਣ ਦਾ ਮਾਣ-ਸਤਿਕਾਰ ਹਾਸਲ ਹੈ। ਇਸ ਦੁਖਾਂਤਕ ਸਾਕੇ ਨੂੰ ਸ਼ਬਦੀ ਰੂਪ ਨਹੀਂ ਦਿੱਤਾ ਜਾ ਸਕਦਾ। ਗੁਰੂ ਨਾਨਕ ਨਾਮ ਲੇਵਾ ਗੁਰਸਿੱਖਾਂ ਨੇ ਆਪਣੇ ਪਵਿੱਤਰ ਖੂਨ ਨਾਲ ਮਹੰਤਾਂ ਦੇ ਪਾਪਾਂ ਨਾਲ ਗੰਧਲੀ ਹੋਈ ਧਰਤੀ ਨੂੰ ਧੋ ਕੇ ਪਵਿੱਤਰ ਕਰ ਦਿੱਤਾ।
ਕਿੰਨੇ ਸਬਰ, ਸਹਿਜ ਸੀਤਲਤਾ ਦੇ ਧਾਰਨੀ ਹੋਣਗੇ ਗੁਰਸਿੱਖ ਜਿਨ੍ਹਾਂ ਨੂੰ ਜਿਊਂਦਾ ਜੰਡ ਨਾਲ ਬੰਨ੍ਹ, ਭੱਠ ਵਿਚ ਸੁੱਟ ਸਾੜਿਆ ਗਿਆ ਪਰ ਕਿਸੇ ਨੇ ਸੀ ਨਹੀਂ ਉਚਾਰੀ। ਗੁਰਦੁਆਰਾ ਜਨਮ ਅਸਥਾਨ ਦੇ ਨਜ਼ਦੀਕ ਸਥਿਤ ਸ਼ਹੀਦੀ ਖੂਹ ਤੇ ਜੰਡ ਦਾ ਦਰੱਖਤ ਸ਼ਹੀਦਾਂ ਦੀ ਸ਼ਹੀਦੀ ਦਾਸਤਾਨ ਬਿਆਨ ਕਰਦਾ ਹੈ। ਜੰਡ ਦੇ ਦਰੱਖਤ ਦੀ ਸਾਂਭ-ਸੰਭਾਲ ਹੋਣੀ ਜ਼ਰੂਰੀ ਹੈ। ਅਪਰੈਲ 1921 ’ਚ ਮਹੰਤ ਨਰੈਣ ਦਾਸ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਣਾ ਸ਼ੁਰੂ ਹੋਇਆ। 12 ਅਕਤੂਬਰ, 1921 ਨੂੰ ਮਹੰਤ ਨਰੈਣ ਦਾਸ ਤੇ ਉਸ ਦੇ 7 ਸਾਥੀਆਂ ਨੂੰ ਮੌਤ ਦੀ ਸਜ਼ਾ, 8 ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਪਰ ਹਾਈ ਕੋਰਟ ਨੇ ਮਹੰਤ ਦੀ ਮੌਤ ਦੀ ਸਜ਼ਾ ਉਮਰ ਕੈਦ ’ਚ ਤਬਦੀਲ ਕਰ ਦਿੱਤੀ। ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੀ ਇਤਿਹਾਸਿਕ ਇਮਾਰਤ, ਵਿਸ਼ਾਲ ਦਰਸ਼ਨੀ ਡਿਉੜੀ ਤੇ ਖੁੱਲ੍ਹਾ ਵਿਹੜਾ ਸਮੇਂ-ਸਥਾਨ ਤੋਂ ਸੁਤੰਤਰ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਨੂੰ ਅੱਜ ਵੀ ਰੂਪਮਾਨ ਕਰਦੇ ਹਨ।
ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ’ਚ ਸਥਾਪਿਤ ਕੀਤਾ ਅਤੇ ਸ਼ਹੀਦੀ ਜੀਵਨ ਪੁਸਤਕ ਉਚੇਚੇ ਤੌਰ ’ਤੇ ਲਿਖਵਾਈ, ਜਿਸ ਵਿਚ 86 ਸ਼ਹੀਦਾਂ ਦਾ ਜੀਵਨ ਵਰਣਨ ਕੀਤਾ ਗਿਆ। ਦੇਸ਼ ਵੰਡ ਸਮੇਂ ਤਕ ਗੁਰਦੁਆਰਾ ਨਨਕਾਣਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਰਹੀ ਪਰ ਦੇਸ਼ ਦੀ ਵੰਡ ਨਾਲ ਜਿੱਥੇ ਸਿੱਖਾਂ ਦਾ ਬੇਸ਼ੁਮਾਰ ਜਾਨੀ ਤੇ ਮਾਲੀ ਨੁਕਸਾਨ ਹੋਇਆ, ਉਸ ਦੇ ਨਾਲ ਜਿੰਦ-ਜਾਨ ਤੋਂ ਪਿਆਰੇ ਗੁਰਦੁਆਰੇ-ਗੁਰਧਾਮਾਂ ਤੋਂ ਵੀ ਸਿੱਖ ਵਿਛੜ ਗਏ। ਵਿਛੋੜੇ ਦੇ ਨਾਸੂਰ ਨੂੰ ਭਰਨ ਵਾਸਤੇ ਹਰ ਸਿੱਖ ਸਵੇਰੇ-ਸ਼ਾਮ ਇਨ੍ਹਾਂ ਗੁਰਦੁਆਰਿਆਂ-ਗੁਰਧਾਮਾਂ ਦੇ ਦਰਸ਼ਨ-ਦੀਦਾਰ ਲਈ ਅਰਜ਼ੋਈ-ਜੋਦੜੀ ਕਰਦਾ ਹੈ। ਜਿਸ ਧਰਤ ਸੁਹਾਵੀ ਤੋਂ ‘ਨਾਨਕ ਨਿਰਮਲ ਪੰਥ’ ਦਾ ਆਗਾਜ਼ ਹੋਇਆ, ਉਸ ਧਰਤੀ ਦੇ ਜ਼ਰੇ-ਜ਼ਰੇ ਨਾਲ ਹਰ ਨਾਨਕ ਨਾਮ ਲੇਵਾ ਦੀ ਮੁਹੱਬਤ ਹੋਣੀ ਲਾਜ਼ਮੀ ਹੈ।
ਸੰਪਰਕ: 98146-37979