ਮਾਸਟਰ ਕੇਡਰ ਅਧਿਆਪਕ ਯੂਨੀਅਨ ਵੱਲੋਂ ਸੰਗਰੂਰ ਰੈਲੀ ’ਚ ਸ਼ਾਮਲ ਹੋਣ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਨਵੰਬਰ
6060 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਸੂਬਾਈ ਕਮੇਟੀ ਨੇ ਸੰਯੁਕਤ ਅਧਿਆਪਕ ਫਰੰਟ ਵੱਲੋਂ ਸੰਗਰੂਰ ਵਿੱਚ ਕੀਤੀ ਜਾ ਰਹੀ 26 ਨਵੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਗੁਰਜਿੰਦਰ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਵਿਕਾਸ ਗਰਗ ਰਾਮਪੁਰਾ ਤੇ ਮੀਤ ਪ੍ਰਧਾਨ ਕਰਮਜੀਤ ਬਮਾਲ ਤੇ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਅਧਿਆਪਕਾਂ ਦੀ ਲਾਮਬੰਦੀ ਕਰਦਿਆਂ ਲੀਫਲੈਟ ਵੰਡੇ ਜਾਣਗੇ ਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਜੱਗ ਜ਼ਾਹਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਵਿੱਤੀ ਮੰਗਾਂ ਨੂੰ ਲਗਾਤਾਰ ਨਜ਼ਰ-ਅੰਦਾਜ਼ ਕਰ ਰਹੀ ਹੈ। ਪਿਛਲੇ ਵਰ੍ਹੇ ਸਰਕਾਰ ਨੇ ਪੁਰਾਣੀ ਪੈਨਸ਼ਨ ਦਾ ਆਰਜ਼ੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨਾਲ਼ ਕੋਝਾ ਮਜ਼ਾਕ ਕੀਤਾ ਗਿਆ ਪਰੰਤੂ ਅੱਜ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ। ਇਸ ਮੌਕੇ ਸੂਬਾ ਸਕੱਤਰ ਕਰਮਜੀਤ ਕੋਹਰੀਆਂ, ਸੂਬਾ ਵਿੱਤ ਸਕੱਤਰ ਅੰਤਰਪਾਲ ਗੁਰੂ, ਸੂਬਾ ਆਗੂ ਕੁਲਜੀਤ ਪਾਠਕ, ਅਨੰਦ ਸਿੰਘ ਬਾਲਿਆਂਵਾਲੀ, ਹਰਪ੍ਰੀਤ ਸਿੰਘ ਜਟਾਣਾ ਨੇ ਵੀ ਸੰਬੋਧਨ ਕੀਤਾ।